- ਆਜ਼ਾਦੀ ਦਾ ਅਮ੍ਰਿਤ ਮਹਾਂਉਤਸਵ ਤਹਿਤ ਨੌਜਵਾਨਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਵੰਡੇ ਕਰਜ਼ਾ ਮਨਜ਼ੂਰੀ ਪੱਤਰ
- 161 ਯੋਗ ਲਾਭਪਾਤਰੀਆਂ ਨੂੰ 12.70 ਕਰੋੜ ਰੁਪਏ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਵੰਡੇ
ਲੁਧਿਆਣਾ, (ਸੰਜੇ ਮਿੰਕਾ) – ਸਹਾਇਕ ਕਮਿਸ਼ਨਰ (ਜਨਰਲ) ਸ. ਕੰਵਰਜੀਤ ਸਿੰਘ ਵੱਲੋਂ ਅੱਜ ਸਾਰੇ ਬੈਂਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਕਰਜ਼ੇ ਦਾ ਲਾਭ ਦੇਣ ਦੇ ਨਾਲ-ਨਾਲ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹੁਨਰਮੰਦ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸਰਗਰਮ ਭੂਮਿਕਾ ਨਿਭਾਉਣ। ਅੱਜ ਸਥਾਨਕ ਪੰਜਾਬ ਟਰੇਡ ਸੈਂਟਰ, ਮਿਲਰ ਗੰਜ ਲੁਧਿਆਣਾ ਵਿਖੇ ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਚੱਲ ਰਹੇ ਪ੍ਰੋਗਰਾਮਾਂ ਨੂੰ ਸਮਰਪਿਤ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਵੱਲੋਂ 25 ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਕਰਜ਼ਾ ਮਨਜ਼ੂਰੀ ਪੱਤਰ ਸੌਂਪੇ ਗਏ। ਉਨ੍ਹਾਂ ਕਿਹਾ ਕਿ ਇਹ ਕਰਜ਼ੇ ਬੇਰੋ}ਗਾਰ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵੱਖ-ਵੱਖ ਸਕੀਮਾਂ ਤਹਿਤ ਵੱਖ-ਵੱਖ ਬੈਂਕਾਂ ਵੱਲੋਂ ਮਨਜ਼ੂਰ ਕੀਤੇ ਗਏ ਹਨ, ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਹੁਨਰਮੰਦ ਵਿਅਕਤੀਆਂ ਨੂੰ ਆਸਾਨ ਕਰਜ਼ੇ ਦੇਣ ਲਈ ਠੋਸ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਉਹ ਆਪਣੇ ਪੈਰਾਂ ਸਿਰ ਖੜ੍ਹੇ ਹੋ ਕੇ ਚੰਗਾ ਜੀਵਨ ਜਿਉਣ ਦੇ ਕਾਬਲ ਬਣ ਸਕਣ। ਸਮਾਗਮ ਦੌਰਾਨ 161 ਯੋਗ ਲਾਭਪਾਤਰੀਆਂ ਨੂੰ 12.70 ਕਰੋੜ ਰੁਪਏ ਕਰਜ਼ਾ ਰਾਸ਼ੀ ਦੇ ਪ੍ਰਵਾਨਗੀ ਪੱਤਰ ਵੰਡੇ ਗਏ ਜਿਸ ਵਿੱਚ ਐਮ.ਐਸ.ਐਮ.ਈ., ਖੇਤੀਬਾੜੀ, ਰਿਟੇਲ ਅਤੇ ਹੋਰ ਕਰਜ਼ੇ ਸ਼ਾਮਲ ਹਨ। ਸ. ਕੰਵਰਜੀਤ ਸਿੰਘ ਨੇ ਅੱਗੇ ਦੱਸਿਆ ਕਿ ਅਜਿਹੇ ਉਪਰਾਲੇ ਨਾ ਸਿਰਫ਼ ਹੁਨਰਮੰਦ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵਿੱਚ ਸਹਾਈ ਹੋਣਗੇ, ਸਗੋਂ ਸਾਡੇ ਦੇਸ਼ ਨੂੰ ਉੱਚ-ਵਿਕਾਸ ਦੀ ਲੀਹ ‘ਤੇ ਲਿਆਉਣ ਵਿੱਚ ਵੀ ਸਹਾਈ ਸਿੱਧ ਹੋਣਗੇ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਬੈਂਕ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਦੇ ਕੇ ਸਮਾਜ ਦੇ ਹੇਠਲੇ ਵਰਗਾਂ ਦੀ ਕਿਸਮਤ ਨੂੰ ਬਦਲਣ ਵਿੱਚ ਮੋਹਰੀ ਭੂਮਿਕਾ ਨਿਭਾ ਸਕਦੇ ਹਨ। ਸਹਾਇਕ ਕਮਿਸ਼ਨਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਮਾਮੂਲੀ ਦਰਾਂ ‘ਤੇ ਵੱਧ ਤੋਂ ਵੱਧ ਕਰਜ਼ੇ ਦੇਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਤਾਂ ਜੋ ਵਿੱਤੀ ਸਮਾਵੇਸ਼ ਵੱਲ ਉਨ੍ਹਾਂ ਦੀ ਤਰੱਕੀ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਸਮਾਜ ਦੇ ਕਮਜ਼ੋਰ ਵਰਗਾਂ ਦੀ ਸੇਵਾ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਰਜ਼ਿਆਂ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਸਮਾਗਮ ਦੌਰਾਨ ਬੈਂਕਾਂ ਵੱਲੋਂ ਲਗਾਏ ਗਏ ਕਾਊਂਟਰਾਂ ਦਾ ਦੌਰਾ ਕੀਤਾ। ਉਨ੍ਹਾਂ ਬੈਂਕਾਂ ਨੂੰ ਜਾਗਰੂਕਤਾ ਮੁਹਿੰਮਾਂ ਚਲਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਨ੍ਹਾਂ ਸਕੀਮਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਈ ਜਾ ਸਕੇ। ਸਮਾਗਮ ਦੌਰਾਨ ਲੀਡ ਬੈਂਕ ਮੈਨੇਜਰ ਸ੍ਰੀ ਸੰਜੇ ਗੁਪਤਾ ਨੇ ਦੱਸਿਆ ਕਿ ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਪਹਿਲਕਦਮੀ ਤਹਿਤ 6 ਜੂਨ ਤੋਂ 12 ਜੂਨ ਤੱਕ ਸ਼ਾਨਦਾਰ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸਦੇ ਤਹਿਤ ਜ਼ਿਲ੍ਹੇ ਭਰ ਵਿੱਚ ਅਜਿਹੀਆਂ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ਨਬਾਰਡ ਦੇ ਡੀ.ਡੀ.ਐਮ. ਸ੍ਰੀ ਸੰਜੀਵ ਕੁਮਾਰ, ਜੀ.ਐਮ.ਡੀ.ਆਈ.ਸੀ. ਸ੍ਰੀ ਰਾਕੇਸ਼ ਕੁਮਾਰ ਅਤੇ ਵੱਖ-ਵੱਖ ਬੈਂਕਾਂ ਦੇ ਮੈਨੇਜਰ ਵੀ ਮੌਜੂਦ ਸਨ।