Sunday, March 16

ਵਿਧਾਇਕਾਂ ਵੱਲੋਂ ਆਪਣੇ ਹਲਕਿਆਂ ਨਾਲ ਸਬੰਧਤ ਵੱਖ-ਵੱਖ ਮੁੱਦੇ, ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਤੇ ਨਿਗਮ ਕਮਿਸ਼ਨਰ ਦੇ ਧਿਆਨ ‘ਚ ਲਿਆਂਦੇ

  • ਸ਼ਹਿਰਦ ਦੇ ਤਿੰਨ ਵਿਧਾਇਕਾਂ ਵੱਲੋਂ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ
  • ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਵਿਧਾਇਕਾਂ ਨੂੰ ਪੂਰਾ ਸਹਿਯੋਗ ਦੇਣ ਦਾ ਵੀ ਦਿੱਤਾ ਭਰੋਸਾ

ਲੁਧਿਆਣਾ, (ਸੰਜੇ ਮਿੰਕਾ) – ਲੁਧਿਆਣਾ ਸ਼ਹਿਰ ਦੇ ਤਿੰਨ ਵਿਧਾਇਕਾਂ ਵੱਲੋਂ ਆਪਣੇ ਹਲਕਿਆਂ ਨਾਲ ਸਬੰਧਤ ਵੱਖ-ਵੱਖ ਮੁੱਦੇ, ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ: ਕੌਸਤੁਭ ਸ਼ਰਮਾ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਧਿਆਨ ਵਿੱਚ ਲਿਆਂਦੇ ਗਏ। ਇਨ੍ਹਾਂ ਵਿਧਾਇਕਾਂ ਵਿੱਚ ਹਲਕਾ ਲੁਧਿਆਣਾ (ਦੱਖਣੀ) ਤੋਂ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ, ਹਲਕਾ ਆਤਮ ਨਗਰ ਤੋਂ ਸ. ਕੁਲਵੰਤ ਸਿੰਘ ਸਿੱਧੂ ਅਤੇ ਲੁਧਿਆਣਾ (ਪੂਰਬੀ) ਤੋਂ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੀ ਸ਼ਾਮਲ ਸਨ। ਇਹ ਮੀਟਿੰਗ ਅੱਜ ਸਵੇਰੇ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ ਵਿਖੇ ਹੋਈ। ਮੀਟਿੰਗ ਦੌਰਾਨ ਵਿਧਾਇਕਾਂ ਵੱਲੋਂ ਪੀਣ ਯੋਗ ਸਾਫ ਪਾਣੀ, ਸੀਵਰੇਜ ਦੀ ਸਮੱਸਿਆ, ਸੜ੍ਹਕਾਂ, ਸਟਰੀਟ ਲਾਈਟਾਂ, ਕੂੜਾ ਕਰਕਟ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸਟੈਟਿਕ ਕੰਪੈਕਟਰ, ਖਾਲੀ ਪਈਆਂ ਜ਼ਮੀਨਾਂ ‘ਤੇ ਗਰੀਨ ਬੈਲਟ/ਪਾਰਕ ਵਿਕਸਤ ਕਰਨ, ਕਾਨੂੰਨ ਵਿਵਸਥਾ ਆਦਿ ਦੇ ਮੁੱਦੇ ਚੁੱਕੇ ਗਏ। ਵਿਧਾਇਕਾਂ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਵਾਰਡਵਾਰ ਸੂਚੀਆਂ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਵਾਰਡਾਂ ਵਿੱਚ ਸਫਾਈ ਕਰਮਚਾਰੀ ਡਿਊਟੀ ‘ਤੇ ਹਾਜ਼ਰ ਨਹੀਂ ਹੁੰਦੇ, ਜਿਸ ਕਾਰਨ ਉਨ੍ਹਾਂ ਇਲਾਕਿਆਂ ਵਿੱਚ ਸਫ਼ਾਈ ਦਾ ਬੇਹੱਦ ਮੰਦਾ ਹਾਲ ਹੈ। ਨਗਰ ਨਿਗਮ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀਮਤੀ ਪੂਨਮ ਪ੍ਰੀਤ ਕੌਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਵਿਧਾਇਕਾਂ ਨੂੰ ਅਪਡੇਟ ਕੀਤੀਆਂ ਸੂਚੀਆਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਗੈਰ-ਕਾਨੂੰਨੀ ਕਲੋਨੀਆਂ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਿਧਾਇਕਾਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਨਵੀਆਂ ਗੈਰ-ਕਾਨੂੰਨੀ ਕਲੋਨੀਆਂ ਨਹੀਂ ਬਣਨ ਦਿੱਤੀਆਂ ਜਾਣਗੀਆਂ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ। ਲੁਧਿਆਣਾ (ਦੱਖਣੀ) ਤੋਂ ਵਿਧਾਇਕਾ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਪੁਲਿਸ ਵਿਭਾਗ ਨੂੰ ਆਪਣੇ ਹਲਕੇ ਵਿੱਚ ਖਾਸ ਕਰਕੇ ਰਾਤ ਦੇ ਸਮੇਂ ਗਸ਼ਤ ਤੇਜ਼ ਕਰਨ ਲਈ ਕਿਹਾ ਹੈ। ਉਨ੍ਹਾਂ ਆਪਣੇ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਬਾਰੇ ਜਾਣੂੰ ਕਰਵਾਇਆ। ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਬੁੱਢਾ ਨਾਲਾ, ਰਾਹੋਂ ਰੋਡ, ਇਲਾਕੇ ਵਿੱਚ ਟ੍ਰੈਫਿਕ ਦੀ ਸਮੱਸਿਆ, ਸਬਜ਼ੀ ਮੰਡੀ ਵਿੱਚੋਂ ਕੂੜਾ ਕਰਕਟ ਦੀ ਨਿਕਾਸੀ ਸਬੰਧੀ ਔਕੜਾਂ ਆਦਿ ਬਾਰੇ ਗੱਲਬਾਤ ਕੀਤੀ। ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਨੇ ਵਿਧਾਇਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਨੂੰ ਆਪਣੇ ਹਲਕਿਆਂ ਨਾਲ ਸਬੰਧਤ ਕੋਈ ਵੀ ਸਮੱਸਿਆ ਸਿੱਧੇ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਦੀ ਵੀ ਅਪੀਲ ਕੀਤੀ।

About Author

Leave A Reply

WP2Social Auto Publish Powered By : XYZScripts.com