- ਨਿਗਮ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼, ਆਗਾਮੀ ਮੌਨਸੂਨ ਤੋਂ ਪਹਿਲਾਂ ਡ੍ਰੇਨੇਜ ਸਿਸਟਮ ਦੀ ਸਫਾਈ ਨੂੰ ਬਣਾਇਆ ਜਾਵੇ ਯਕੀਨੀ
ਲੁਧਿਆਣਾ, (ਸੰਜੇ ਮਿੰਕਾ) – ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਸਾਰੇ ਚੱਲ ਰਹੇ ਪ੍ਰੋਜੈਕਟਾਂ ਨੂੰ ਨਿਰਧਾਰਤ ਸਮਾਂ ਸੀਮਾ ਵਿੱਚ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਹਨ।ਇਸ ਸਬੰਧੀ ਇੱਕ ਮੀਟਿੰਗ ਬੀਤੀ ਸ਼ਾਮ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਆਯੋਜਿਤ ਹੋਈ ਜਿਸ ਵਿੱਚ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ.ਕੌਸ਼ਤੁਭ ਸ਼ਰਮਾ, ਨਗਰ ਨਿਗਮ ਕਮਿਸ਼ਨਰ ਡਾ: ਸ਼ੇਨਾ ਅਗਰਵਾਲ, ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਗਲਾਡਾ ਦੇ ਅਧਿਕਾਰੀ ਤੇ ਹੋਰ ਵੀ ਹਾਜ਼ਰ ਸਨ। ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ, ਰਾਜ ਸਭਾ ਮੈਂਬਰ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਗਿਆ ਕਿ ਉਹ ਬਰਸਾਤਾਂ ਦੌਰਾਨ ਪਾਣੀ ਭਰਨ ਦੀ ਸਮੱਸਿਆ ਨਾਲ ਨਜਿੱਠਣ ਲਈ ਸ਼ਹਿਰ ਦੇ ਸਮੁੱਚੇ ਡ੍ਰੇਨੇਜ ਸਿਸਟਮ ਦੀ ਉਚਿਤ ਸਫਾਈ ਨੂੰ ਯਕੀਨੀ ਬਣਾਉਣ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਤੇ ਢਿੱਨ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਸਬੰਧਤ ਅਧਿਕਾਰੀਆਂ ਨੂੰ ਮੌਨਸੂਨ ਦੌਰਾਨ ਬਰਸਾਤੀ ਪਾਣੀ ਦੀ ਸੁਚਾਰੂ ਢੰਗ ਨਾਲ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸੜ੍ਹਕੀ ਪ੍ਰੋਜੈਕਟਾਂ ਦਾ ਵੀ ਜਾਇਜ਼ਾ ਲਿਆ ਅਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ‘ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਸ੍ਰੀ ਅਰੋੜਾ ਨੇ ਲੁਧਿਆਣਾ ਏਅਰਪੋਰਟ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਅਤੇ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਇਸ ਪ੍ਰੋਜੈਕਟ ਨਾਲ ਜੁੜੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਉਦਯੋਗਿਕ ਸ਼ਹਿਰ ਨੂੰ ਵੱਖ-ਵੱਖ ਸ਼ਹਿਰਾਂ ਦੀ ਆਵਾਜਾਈ ਲਈ ਹਵਾਈ ਮਾਰਗਾਂ ਦਾ ਲਾਭ ਮਿਲ ਸਕੇ। ਇਸ ਦੌਰਾਨ ਉਨ੍ਹਾਂ ਨੇ ਐਮ.ਪੀ.ਐਲ.ਏ.ਡੀ ਸਕੀਮ ਤਹਿਤ ਚੱਲ ਰਹੇ ਪ੍ਰੋਜੈਕਟਾਂ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਸ ਸਕੀਮ ਤਹਿਤ ਫੰਡਾਂ ਦੀ ਜਲਦ ਵੰਡ ਨੂੰ ਯਕੀਨੀ ਬਣਾਉਣ ਲਈ ਕਿਹਾ।