- ਸ਼ਗਨ, ਵਜੀਫਾ, ਐਕਸਗ੍ਰੇਸ਼ੀਆ, ਮੁਫਤ ਇਲਾਜ, ਪੈਨਸਨ ਸਮੇਤ ਸਹੂਲਤਾਂ ਦਾ ਲਿਆ ਜਾ ਸਕਦਾ ਹੈ ਲਾਭ
- ਕਿਹਾ! ਰਜਿਸਟ੍ਰੇਸ਼ਨ ਲਈ ਅਧਾਰ ਕਾਰਡ ਤੇ ਬੈਂਕ ਖਾਤੇ ਦੀ ਕਾਪੀ ਲੈ ਕੇ ਨੇੜਲੇ ਸੇਵਾ ਕੇਂਦਰ ‘ਚ ਕੀਤਾ ਜਾਵੇ ਸੰਪਰਕ
ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਦਿਸ਼ਾ ਨਿਰਦੇਸ਼ ਹੇਠ ਸਹਾਇਕ ਕਮਿਸ਼ਨਰ (ਜਨਰਲ) ਸ. ਕੰਵਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਨ}ਲ੍ਹਾ ਲੁਧਿਆਣਾ ਨਾਲ ਸਬੰਧਤ ਸਾਰੇ ਉਸਾਰੀ ਕਿਰਤੀਆਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ ਹੋਣ ਦਾ ਸੱਦਾ ਦਿੱਤਾ ਹੈ। ਮੀਟਿੰਗ ਦੌਰਾਨ ਕਿਰਤ ਵਿਭਾਗ ਤੋਂ ਸਹਾਇਕ ਲੇਬਰ ਕਮਿਸ਼ਨਰ ਸ. ਸਰਬਜੋਤ ਸਿੰਘ ਸਿੱਧੂ, ਜਸਬੀਰ ਸਿੰਘ ਖਰੌੜ, ਸ. ਗੁਰਪ੍ਰੀਤ ਸਿੰਘ ਤੋਂ ਇਲਾਵਾ ਜ਼ਿਲ੍ਹਾ ਉਦਯੋਗ ਕੇਂਦਰ ਤੋਂ ਸ. ਬਲਵਿੰਦਰ ਸਿੰਘ ਸਿੱਧੂ ਵੀ ਮੌਜੂਦ ਸਨ। ਸਹਾਇਕ ਕਮਿਸ਼ਨਰ (ਜਨਰਲ) ਸ. ਕੰਵਰਜੀਤ ਸਿੰਘ ਵੱਲੋਂ ਵੇਰਵਾ ਜਾਰੀ ਕਰਦਿਆਂ ਦੱਸਿਆ ਗਿਆ ਕਿ ਕਿਰਤ ਵਿਭਾਗ ਨਾਲ ਸਬੰਧਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਬੋਰਡ ਅਧੀਨ ਲਾਭਪਾਤਰੀ ਰਜਿਸਟਰਡ ਹੋਣਾ ਜ਼ਰੂਰੀ ਹੈ। ਉਨ੍ਹਾ ਦੱਸਿਆ ਕਿ ਉਸਾਰੀ ਦੇ ਕੰਮ ਨਾਲ ਸਬੰਧਤ ਕਿਰਤੀ ਜਿਵੇਂ ਰਾਜ ਮਿਸਤਰੀ, ਇੱਟਾਂ/ਸੀਮਿੰਟ ਪਕੜਾਉਣ ਵਾਲੇ ਮਜ਼ਦੂਰ, ਪਲੰਬਰ, ਤਰਖਾਣ, ਵੈਲਡਰ, ਇਲੈਕਟ੍ਰੀਸ਼ੀਅਨ, ਤਕਨੀਕੀ/ਕਲੈਰੀਕਲ ਕੰਮ ਕਰਨ ਵਾਲੇ, ਕਿਸੇ ਸਰਕਾਰੀ, ਅਰਧ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਵਿੱਚ ਇਮਾਰਤਾਂ, ਸੜ੍ਹਕ, ਨਹਿਰਾਂ, ਬਿਜਲੀ ਦੇ ਉਤਪਾਦਨ ਜਾਂ ਵੰਡ, ਟੈਲੀਫੋਨ, ਤਾਰ, ਰੇਡੀਓ, ਰੇਲ, ਹਵਾਈ ਅੱਡੇ ਆਦਿ ਤੇ ਉਸਾਰੀ, ਮੁਰੰਮਤ ਦਾ ਕੰਮ ਕਰਨ ਵਾਲੇ ਉਸਾਰੀ ਕਿਰਤੀ ਸ਼ਾਮਲ ਹਨ। ਕਿਰਤ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ 54 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਦੀ ਰਜਿਸ਼ਟ੍ਰੇਸ਼ਨ ਹੋ ਚੁੱਕੀ ਹੈ। ਉਨ੍ਹਾ ਦੱਸਿਆ ਕਿ ਉਸਾਰੀ ਕਿਰਤੀ ਦੀ ਉਮਰ 18 ਸਾਲ ਤੋਂ 60 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਰਜਿਸਟਰਡ ਲਾਭਪਾਤਰੀ ਬਣਨ ਲਈ ਉਸਾਰੀ ਕਿਰਤੀ ਨੇ ਪਿਛਲੇ 12 ਮਹੀਨਿਆ ਦੌਰਾਨ ਘੱਟੋ-ਘੱਟ 90 ਦਿਨ ਉਸਾਰੀ ਕਿਰਤੀ ਦਾ ਕੰਮ ਕੀਤਾ ਹੋਵੇ। ਰਜਿਸਟਰਡ ਹੋਣ ਲਈ ਉਸਾਰੀ ਕਿਰਤੀ ਆਪਣੇ ਨੇੜੇ ਦੇ ਕਿਸੇ ਵੀ ਸੇਵਾ ਕੇਂਦਰ ਵਿਖੇ ਸੰਪਰਕ ਕਰ ਸਕਦਾ ਹੈ ਅਤੇ ਆਪਣੀ ਰਜਿਸਟ੍ਰੇਸ਼ਨ ਕਰਾਉਣ ਲਈ ਆਪਣਾ ਅਤੇ ਆਪਣੇ ਪਰਿਵਾਰ ਦੇ ਆਧਾਰ ਕਾਰਡ, ਬੈਂਕ ਖਾਤੇ ਦੀ ਪਾਸਬੁੱਕ ਪਰਿਵਾਰਿਕ ਮੈਂਬਰਾਂ ਦੀ ਪਾਸਪੋਰਟ ਸਾਈਜ ਫੋਟੋ, ਲਾਭਪਾਤਰੀ ਦੀ ਆਪਣੀ ਪਾਸਪੋਰਟ ਸਾਈਜ਼ ਫੋਟੋ, ਠੇਕੇਦਾਰ ਦਾ ਨਾਮ ਅਤੇ ਫੋਨ ਲੰਬਰ ਲਾਜ਼ਮੀ ਹੋਵੇਗਾ। ਸਹਾਇਕ ਕਮਿਸ਼ਨਰ (ਜਨਰਲ) ਸ. ਕੰਵਰਜੀਤ ਸਿੰਘ ਨੇ ਅੱਗੇ ਦੱਸਿਆ ਕਿ ਉਸਾਰੀ ਕਿਰਤੀ ਬੋਰਡ ਅਧੀਨ ਲਾਭਪਾਤਰੀ ਬਣਨ ਉਪਰੰਤ ਵਿਭਾਗ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਹੱਕਦਾਰ ਬਣ ਜਾਂਦਾ ਹੈ। ਇਨ੍ਹਾਂ ਭਲਾਈ ਸਕੀਮਾਂ ਅਧੀਨ ਪੜ੍ਹ ਰਹੇ ਬੱਚਿਆਂ ਲਈ ਵਜੀਫਾ ਸਕੀਮਾਂ, ਬੇਟੀ ਦੀ ਸ਼ਾਦੀ ਲਈ ਸ਼ਗਨ ਸਕੀਮ, ਐਕਸਗ੍ਰੇਸ਼ੀਆ ਸਕੀਮ, ਦਾਹ ਸਸਕਾਰ ਲਈ ਰਾਸ਼ੀ, ਪ੍ਰਸੂਤਾ ਲਾਭ ਸਕੀਮ, ਬਾਲੜੀ ਤੋਹਫ਼ਾ ਸਕੀਮ, ਬਿਮਾਰੀਆਂ ਦੇ ਇਲਾਜ ਲਈ ਵਿੱਤੀ ਸਹਾਇਤਾ ਸ਼ਾਮਲ ਹਨ। ਇਸ ਤੋਂ ਇਲਾਵਾ ਉਨ੍ਹਾ ਦੱਸਿਆ ਕਿ ਲਾਭਪਾਤਰੀ 60 ਸਾਲ ਦੀ ਉਮਰ ਤੋਂ ਬਾਅਦ ਬੋਰਡ ਵੱਲੋਂ ਪੈਂਨਸ਼ਨ ਲੈਣ ਦਾ ਹੱਕਦਾਰ ਵੀ ਬਣ ਜਾਂਦਾ ਹੈ। ਰਜਿਸਟਰਡ ਲਾਭਪਾਤਰੀ ਨੇੜੇ ਦੇ ਸੇਵਾ ਕੇਂਦਰ ਵਿੱਚ ਜਾ ਕੇ ਵੱਖ-ਵੱਖ ਭਲਾਈ ਸਕੀਮਾਂ ਅਧੀਨ ਅਪਲਾਈ ਕਰ ਸਕਦਾ ਹੈ। ਬੋਰਡ ਅਧੀਨ ਲਾਭਪਾਤਰੀ ਰਜਿਸਟ੍ਰੇਸ਼ਨ ਅਤੇ ਸਕੀਮਾਂ ਲਈ ਅਪਲਾਈ ਕਰਨ ਦੀ ਸਾਰੀ ਪ੍ਰਕਿਰਿਆ ਸੇਵਾ ਕੇਂਦਰ ਵਿਖੇ ਆਨ-ਲਾਈਨ ਮਾਧਿਅਮ ਰਾਹੀਂ ਕੀਤੀ ਜਾਂਦੀ ਹੈ।