Friday, May 9

ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਮੌਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹ ਸੁਰੱਖਿਆ ਕੰਮਾਂ ਦਾ ਜਾਇਜ਼ਾ, ਧੁੱਸੀ ਬੰਨ੍ਹ ਦਾ ਵੀ ਕੀਤਾ ਮੁਆਇਨਾ

  • ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ਼, ਚੱਲ ਰਹੇ ਪ੍ਰੋਜੈਕਟਾਂ ਨੂੰ ਬਰਸਾਤੀ ਮੌਸਮ ਤੋਂ ਪਹਿਲਾਂ ਕੀਤਾ ਜਾਵੇ ਮੁਕੰਮਲ
  • ਕਿਹਾ! ਮੌਨਸੂਨ ਦੌਰਾਨ ਸ਼ਹਿਰ ਨੂੰ ਪਾਣੀ ਦੀ ਮਾਰ ਤੋਂ ਬਚਾਉਣ ਲਈ ਰੱਖਿਆ ਜਾਵੇ ਆਪਸੀ ਤਾਲਮੇਲ

ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਅੱਜ ਸ਼ਾਮ ਨੂੰ ਵੱਖ-ਵੱਖ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਆਗਾਮੀ ਮੌਨਸੂਨ ਸੀਜ਼ਨ ਤੋਂ ਪਹਿਲਾਂ ਚੱਲ ਰਹੇ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲਿਆ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਵੱਲੋਂ ਸਿੱਧਵਾਂ ਨਹਿਰ ਦੇ ਨਾਲ-ਨਾਲ ਦਾਖਾ ਰਜਵਾਹਾ ਪਿੰਡ ਸੜੋਹ, ਕੈਲਪੁਰ ਵੜੈਚ ਅਤੇ ਭੱਟੀਆਂ ਦਾ ਦੌਰਾ ਕੀਤਾ ਅਤੇ ਸਿੰਚਾਈ ਵਿਭਾਗ ਵੱਲੋਂ ਚਲਾਏ ਜਾ ਰਹੇ ਸਫਾਈ ਕਾਰਜਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਬੁੱਢੇ ਨਾਲੇ ਅਤੇ ਖਹਿਰਾ ਬੇਟ ਕੰਪਲੈਕਸ ਦੇ ਨਾਲ-ਨਾਲ ਉਨ੍ਹਾਂ ਇਲਾਕਿਆਂ ਦਾ ਵੀ ਦੌਰਾ ਕੀਤਾ ਜਿੱਥੇ ਹੜ੍ਹ ਰੋਕੂ ਕੰਮ ਪੂਰੇ ਜ਼ੋਰਾਂ ਨਾਲ ਚੱਲ ਰਹੇ ਹਨੇ। ਇਸ ਤੋਂ ਇਲਾਵਾ ਉਨ੍ਹਾਂ ਧੁੱਸੀ ਬੰਨ੍ਹ ਦਾ ਮੁਆਇਨਾ ਵੀ ਕੀਤਾ। ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਮੌਨਸੂਨ ਸੀਜ਼ਨ ਦੌਰਾਨ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਕਾਰਜ਼ਾ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਰਸਾਤ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਹੜ੍ਹ ਰੋਕੂ ਕੰਮ ਮੁਕੰਮਲ ਕਰ ਲੈਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਸਤਲੁਜ ਦਰਿਆ ਦੇ ਕੰਢੇ ਧੁੱਸੀ ਬੰਨ੍ਹ ‘ਤੇ ਜ਼ਮੀਨ ਦੀ ਕਟਾਈ ਤੋਂ ਬਚਣ ਲਈ ਮੁੱਖ ਥਾਵਾਂ ‘ਤੇ ਕੀਤੇ ਗਏ ਮਜ਼ਬੂਤੀ ਦੇ ਕੰਮਾਂ ਦਾ ਵੀ ਨਿਰੀਖਣ ਕੀਤਾ। ਡਰੇਨੇਜ ਵਿਭਾਗ ਦੇ ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਸੂਚਿਤ ਕੀਤਾ ਗਿਆ ਕਿ ਮੌਨਸੂਨ ਦੇ ਆਉਣ ਤੋਂ ਪਹਿਲਾਂ ਸਾਰੇ ਚੱਲ ਰਹੇ ਕੰਮ ਮੁਕੰਮਲ ਕਰ ਲਏ ਜਾਣਗੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਡਰੇਨੇਜ ਵਿਭਾਗ ਨੂੰ ਡਰੇਨਾਂ ਦੀ ਸਫ਼ਾਈ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ-ਨਾਲ ਹੜ੍ਹ ਵਾਲੇ ਸੰਭਾਵਿਤ ਖੇਤਰਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਾਰੇ ਵਿਭਾਗਾਂ ਨੂੰ ‘ਫਲੱਡ ਪ੍ਰੋਟੈਕਸ਼ਨ ਐਕਸ਼ਨ ਪਲਾਨ 2022’ ਅਤੇ ‘ ‘ਡਿਸਟ੍ਰਿਕਟ ਡਿਜ਼ਾਸਟਰ ਮੈਨੇਜਮੈਂਟ ਪਲਾਨ 2022’ ਨੂੰ ਅੱਪਡੇਟ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਹੜ੍ਹਾਂ ਵਰਗੀਆਂ ਸੰਭਾਵਿਤ ਸਥਿਤੀਆਂ ਨੂੰ ਰੋਕਿਆ ਜਾ ਸਕੇ, ਨਾਲ ਹੀ 24 ਘੰਟੇ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖਣ ਲਈ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਲੱਡ ਕੰਟਰੋਲ ਰੂਮ ਵੀ ਸਥਾਪਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ  ਸਾਰੇ ਸਬੰਧਤ ਵਿਭਾਗ ਮੌਨਸੂਨ ਸੀਜ਼ਨ ਦੌਰਾਨ ਸ਼ਹਿਰ ਨੂੰ ਹੜ੍ਹਾਂ ਵਰਗੀ ਸਥਿਤੀ ਤੋਂ ਬਚਾਉਣ ਆਪਸੀ ਤਾਲਮੇਲ ਬਣਾਈ ਰੱਖਣ।

About Author

Leave A Reply

WP2Social Auto Publish Powered By : XYZScripts.com