
- ਨਸ਼ਿਆਂ ਦੇ ਕੋਹੜ ਦੇ ਖਾਤਮੇ ਲਈ ਆਮ ਜਨਤਾ ਨੂੰ ਅੱਗੇ ਆਉਣ ਦੀ ਅਪੀਲ
- ਕਿਹਾ! ਜ਼ਿਲ੍ਹੇ ‘ਚ ਓਟ ਸੈਂਟਰਾਂ ਦੀ ਕੁੱਲ ਗਿਣਤੀ ਹੋਈ 54, ਨਸ਼ਿਆਂ ਦੇ ਆਦੀ ਵੀ ਮੁਹਿੰਮ ‘ਚ ਦੇਣ ਸਹਿਯੋਗ
ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਹਾਲ ਹੀ ਵਿੱਚ 37 ਨਵੇਂ ਆਊਟਪੇਸ਼ੈਂਟ ਓਪੀਔਡ ਅਸਿਸਟਡ ਟ੍ਰੀਟਮੈਂਟ (ਓਟ) ਸੈਂਟਰ ਸਥਾਪਿਤ ਕੀਤੇ ਗਏ ਹਨ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਨਵੇਂ ਕਲੀਨਿਕਾਂ ਦੀ ਸ਼ੁਰੂਆਤ ਤੋਂ ਬਾਅਦ ਲੁਧਿਆਣਾ ਵਿੱਚ ਓਟ ਕੇਂਦਰਾਂ ਦੀ ਕੁੱਲ ਗਿਣਤੀ 54 ਹੋ ਗਈ ਹੈ, ਜੋ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਮਦਦਗਾਰ ਸਿੱਧ ਹੋਣਗੇ। ਉਨ੍ਹਾਂ ਦੱਸਿਆ ਕਿ ਪੀ.ਐਚ.ਸੀ. ਰਾਮਪੁਰ, ਕਟਾਣੀ ਕਲਾਂ, ਕਾਲਖ, ਮਹਿਦੂਦਾਂ, ਤਲਵੰਡੀ ਕਲਾਂ, ਸਵੱਦੀ ਕਲਾਂ, ਮੋਹੀ, ਮੁੱਲਾਂਪੁਰ, ਭਨੋਹੜ, ਲਾਡੋਵਾਲ, ਚੌਕੀਮਾਨ, ਮਾਣੂੰਕੇ, ਕਾਉਂਕੇ ਕਲਾਂ, ਯੂ.ਸੀ.ਐਚ.ਸੀਜ਼ ਵਰਧਮਾਨ, ਸੀ.ਐਸ. ਕੰਪਲੈਕਸ, ਸ਼ਿਮਲਾਪੁਰੀ, ਘਵੱਦੀ, ਮੰਡਿਆਲਾ ਕਲਾਂ, ਜਵੱਦੀ, ਯੂ.ਪੀ.ਐਚ.ਸੀਜ਼ ਜਗਰਾਉਂ, ਖੰਨਾ, ਲੇਡੀ ਹਸਪਤਾਲ, ਅਬਦੁੱਲਾਪੁਰ ਬਸਤੀ, ਢੋਲੇਵਾਲ, ਭਗਵਾਨ ਨਗਰ, ਦੁੱਗਰੀ, ਜਨਤਾ ਨਗਰ, ਮਾਡਲ ਟਾਊਨ, ਮੁਰਾਦਪੁਰਾ, ਪ੍ਰਤਾਪ ਨਗਰ, ਸਬਜ਼ੀ ਮੰਡੀ, ਸਲੇਮ ਟਾਬਰੀ, ਸ਼ਿਵਪੁਰੀ ਅਤੇ ਸਨੇਤ ਵਿਖੇ ਨਵੇਂ ਸੈਂਟਰ ਕਾਰਜਸ਼ੀਲ ਹੋ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਕੁੱਲ 17 ਓਟ ਸੈਂਟਰਾਂ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਬੇਹੱਦ ਮਜ਼ਬੂਤ ਕੀਤਾ ਹੈ ਜੋ ਸਿਵਲ ਹਸਪਤਾਲ ਲੁਧਿਆਣਾ, ਐਸ.ਡੀ.ਐਚ. ਜਗਰਾਉਂ, ਸਮਰਾਲਾ, ਖੰਨਾ, ਰਾਏਕੋਟ, ਸੀ.ਐਚ.ਸੀ. ਸੁਧਾਰ, ਹਠੂਰ, ਸਿੱਧਵਾਂ ਬੇਟ, ਮਾਛੀਵਾੜਾ, ਮਲੌਦ, ਮਾਨੂਪੁਰ, ਕੂੰਮ ਕਲਾਂ, ਡੇਹਲੋਂ, ਸਾਹਨੇਵਾਲ, ਪੱਖੋਵਾਲ, ਪਾਇਲ, ਅਤੇ ਕੇਂਦਰੀ ਜੇਲ੍ਹ ਲੁਧਿਆਣਾ ਵਿਖੇ ਚੱਲ ਰਹੇ ਹਨ। ਲੋਕਾਂ ਨੂੰ ਨਸ਼ਿਆਂ ਦੇ ਕੋਹੜ ਨਾਲ ਨਜਿੱਠਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕੇਂਦਰ ਵੱਧ ਤੋਂ ਵੱਧ ਨਸ਼ੇ ਦੇ ਆਦੀ ਲੋਕਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਸਹਿਯੋਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਮੁਹਿੰਮ ਲੋਕਾਂ ਦੀ ਸ਼ਮੂਲੀਅਤ ਤੋਂ ਬਿਨਾਂ ਕਦੇ ਵੀ ਸਫਲ ਨਹੀਂ ਹੋ ਸਕਦੀ, ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਨੂੰ ਮੁੜ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਪ੍ਰਭਾਵਿਤ ਵਿਅਕਤੀਆਂ ਦੀ ਤਨਦੇਹੀ ਨਾਲ ਸਹਾਇਤਾ ਕਰਨ ਲਈ ਪਹਿਲਾਂ ਹੀ ਵੱਖ-ਵੱਖ ਉਪਰਾਲੇ ਸ਼ੁਰੂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪਾਸਾ ਵੱਟਣ ਲਈ ਕਿਸੇ ਵੀ ਵਿਅਕਤੀ ਨੂੰ ਮਦਦ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਜਾਂ ਸਾਡੇ ਸਿਹਤ ਸੰਭਾਲ ਅਦਾਰਿਆਂ ਨਾਲ ਸੰਪਰਕ ਕਰ ਸਕਦਾ ਹੈ ਜਿੱਥੇ ਨਸ਼ੇ ਤੋਂ ਪੀੜ੍ਹਤ ਲੋਕਾਂ ਨੂੰ ਸਲਾਹ-ਮਸ਼ਵਰਾ ਅਤੇ ਇਲਾਜ ਸਮੇਤ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।