Wednesday, October 29

ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਸਮਾਗਮ ਆਯੋਜਿਤ

  • ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 5 ਕਿਲੋਮੀਟਰ ਮੈਰਾਥਨ ਤੇ ਸੱਭਿਆਚਾਰਕ ਸਮਾਗਮ ਵੀ ਕਰਵਾਇਆ ਗਿਆ

ਲੁਧਿਆਣਾ, ((ਸੰਜੇ ਮਿੰਕਾ) – ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 5 ਕਿਲੋਮੀਟਰ ਦੀ ਮੈਰਾਥਨ ਦੌੜ ਕਰਵਾਈ ਗਈ। ਇਸ ਮੈਰਾਥਨ ਵਿੱਚ ਹਰ ਉਮਰ ਵਰਗ ਅਤੇ ਵੱਖ-ਵੱਖ ਖੇਤਰਾਂ ਨਾਲ ਜੁੜੇ ਇੱਕ ਹਜ਼ਾਰ ਤੋਂ ਵੱਧ ਵਿਅਕਤੀਆਂ ਨੇ ਭਾਗ ਲਿਆ। ਬਾਅਦ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ ਵਿੱਚ ਇੱਕ ਸੱਭਿਆਚਾਰਕ ਸਮਾਗਮ ਵੀ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਸੋਲੋ ਗੀਤ, ਸਮੂਹ ਗੀਤ, ਕੋਰੀਓਗ੍ਰਾਫੀ, ਗਿੱਧਾ ਅਤੇ ਇੱਕ ਨਾਟਕ ਆਦਿ ਆਈਟਮਾਂ ਪੇਸ਼ ਕੀਤੀਆਂ ਗਈਆਂ। ਇਸ ਮੈਰਾਥਨ ਨੂੰ ਵਿਧਾਇਕ ਸ੍ਰੀਮਤੀ ਰਜਿੰਦਰ ਪਾਲ ਕੌਰ ਛੀਨਾ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਅਤੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ ਸਮੇਤ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਿਹਤਮੰਦ ਜੀਵਨ ਨੂੰ ਉਤਸ਼ਾਹਿਤ ਕਰਨ ਲਈ ਕਰਵਾਈ ਗਈ ਮੈਰਾਥਨ ਵਿੱਚ ਵੱਡੀ ਗਿਣਤੀ ਵਿੱਚ ਲੁਧਿਆਣਾ ਵਾਸੀਆਂ ਨੇ ਭਾਗ ਲਿਆ। ਇਸ ਸਬੰਧ ਵਿੱਚ ਇੱਕ ਸੱਭਿਆਚਾਰਕ ਸਮਾਗਮ ਪੀ.ਏ.ਯੂ. ਦੇ ਪਾਲ ਆਡੀਟੋਰੀਅਮ ਵਿੱਚ ਕਰਵਾਇਆ ਗਿਆ, ਜਿੱਥੇ ਨਸ਼ਿਆਂ ਤੋਂ ਤੌਬਾ ਕਰਨ ਵਾਲੇ ਨੌਜਵਾਨ ਅਤੇ ਡੀ.ਐਮ.ਸੀ.ਐਚ. ਲੁਧਿਆਣਾ ਦੇ ਇੱਕ ਮਾਹਿਰ ਡਾਕਟਰ ਨੇ ਹਾਜ਼ਰੀਨ ਨਾਲ ਗੱਲਬਾਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਡਾ. ਚਰਨ ਕੰਵਲ ਸਿੰਘ ਦੀ ਅਗਵਾਈ ਹੇਠ ਇਸ਼ਮੀਤ ਸਿੰਘ ਸੰਗੀਤ ਸੰਸਥਾ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਗਿਆ। ਇਸ ਮੌਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗਿੱਧਾ ਪੇਸ਼ ਕੀਤਾ ਗਿਆ ਅਤੇ ਲੋਕਾਂ ਨ{ੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਵਾਲੇ ਨਾਟਕ ਦੀ ਵੀ ਸ਼ਰੋਤਿਆਂ ਵੱਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਬੋਲਦਿਆਂ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਹਰੇਕ ਵਿਅਕਤੀ ਦੇ ਸਾਂਝੇ ਯਤਨਾਂ ਨਾਲ ਹੀ ਸਾਡੇ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਲੁਧਿਆਣਾ ਵਿੱਚ ਹਾਲ ਹੀ ਵਿੱਚ 37 ਨਵੇਂ ਆਊਟਪੇਸ਼ੈਂਟ ਓਪੀਔਡ ਅਸਿਸਟਡ ਟ੍ਰੀਟਮੈਂਟ (ਓਟ) ਸੈਂਟਰ ਸਥਾਪਿਤ ਕੀਤੇ ਗਏ ਹਨ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਨਵੇਂ ਕਲੀਨਿਕਾਂ ਦੀ ਸ਼ੁਰੂਆਤ ਤੋਂ ਬਾਅਦ ਲੁਧਿਆਣਾ ਵਿੱਚ ਓਟ ਸੈਂਟਰਾਂ ਦੀ ਕੁੱਲ ਗਿਣਤੀ 54 ਹੋ ਗਈ ਹੈ, ਜੋ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਸਹਾਈ ਸਿੱਧ ਹੋਣਗੇ। ਉਨ੍ਹਾਂ ਦੱਸਿਆ ਕਿ ਪੀ.ਐਚ.ਸੀ. ਰਾਮਪੁਰ, ਕਟਾਣੀ ਕਲਾਂ, ਕਾਲਖ, ਮਹਿਦੂਦਾਂ, ਤਲਵੰਡੀ ਕਲਾਂ, ਸਵੱਦੀ ਕਲਾਂ, ਮੋਹੀ, ਮੁੱਲਾਂਪੁਰ, ਭਨੋਹੜ, ਲਾਡੋਵਾਲ, ਚੌਕੀਮਾਨ, ਮਾਣੂੰਕੇ, ਕਾਉਂਕੇ ਕਲਾਂ, ਯੂ.ਸੀ.ਐਚ.ਸੀਜ਼ ਵਰਧਮਾਨ, ਸੀ.ਐਸ. ਕੰਪਲੈਕਸ, ਸ਼ਿਮਲਾਪੁਰੀ, ਘਵੱਦੀ, ਮੰਡਿਆਲਾ ਕਲਾਂ, ਗਿਆਸਪੁਰਾ, ਜਵੱਦੀ, ਯੂ.ਪੀ.ਐਚ.ਸੀਜ਼ ਜਗਰਾਉਂ, ਖੰਨਾ, ਲੇਡੀ ਹਸਪਤਾਲ, ਅਬਦੁੱਲਾਪੁਰ ਬਸਤੀ, ਢੋਲੇਵਾਲ, ਭਗਵਾਨ ਨਗਰ, ਦੁੱਗਰੀ, ਜਨਤਾ ਨਗਰ, ਮਾਡਲ ਟਾਊਨ, ਮੁਰਾਦਪੁਰਾ, ਪ੍ਰਤਾਪ ਨਗਰ, ਸਬਜ਼ੀ ਮੰਡੀ, ਸਲੇਮ ਟਾਬਰੀ, ਸ਼ਿਵਪੁਰੀ ਅਤੇ ਸਨੇਤ ਵਿਖੇ ਨਵੇਂ ਸੈਂਟਰਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਕੁੱਲ 17 ਓਟ ਸੈਂਟਰਾਂ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਬਹੁਤ ਮਜ਼ਬੂਤ ਕੀਤਾ ਹੈ ਜੋ ਸਿਵਲ ਹਸਪਤਾਲ ਲੁਧਿਆਣਾ, ਐਸ.ਡੀ.ਐਚ. ਜਗਰਾਉਂ, ਸਮਰਾਲਾ, ਖੰਨਾ, ਰਾਏਕੋਟ, ਸੀ.ਐਚ.ਸੀ. ਸੁਧਾਰ, ਹਠੂਰ, ਸਿੱਧਵਾਂ ਬੇਟ, ਮਾਛੀਵਾੜਾ, ਮਲੌਦ, ਮਾਨੰ{ਪੁਰ, ਕੂੰਮ ਕਲਾਂ, ਡੇਹਲੋਂ, ਸਾਹਨੇਵਾਲ, ਪੱਖੋਵਾਲ, ਪਾਇਲ ਅਤੇ ਕੇਂਦਰੀ ਜੇਲ੍ਹ ਲੁਧਿਆਣਾ ਵਿਖੇ ਕੰਮ ਕਰ ਰਹੇ ਹਨ। ਲੋਕਾਂ ਨੂੰ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਾਲ ਹੱਥ ਮਿਲਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕੇਂਦਰ ਵੱਧ ਤੋਂ ਵੱਧ ਨਸ਼ੇ ‘ਤੇ ਨਿਰਭਰ ਲੋਕਾਂ ਨੂੰ ਇਸ ਤੋਂ ਛੁਟਕਾਰਾਂ ਪਾਉਣ ਲਈ ਸਹਿਯੋਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਮੁਹਿੰਮ ਲੋਕਾਂ ਦੀ ਸ਼ਮੂਲੀਅਤ ਤੋਂ ਬਿਨਾਂ ਕਦੇ ਵੀ ਸਫਲ ਨਹੀਂ ਹੋ ਸਕਦੀ, ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਕੋਈ ਕਸਰ ਬਾਕੀ ਨਾ ਛੱਡਣ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ ਤਾਂ ਜੋ ਉਨ੍ਹਾਂ ਨੂੰ ਮੁੜ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਪ੍ਰਭਾਵਿਤ ਵਿਅਕਤੀਆਂ ਦੀ ਤਨਦੇਹੀ ਨਾਲ ਸਹਾਇਤਾ ਕਰਨ ਲਈ ਪਹਿਲਾਂ ਹੀ ਕਈ ਉਪਰਾਲੇ ਸ਼ੁਰੂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਕੋਹੜ ਤੋਂ ਬਚਣ ਲਈ ਕਿਸੇ ਵੀ ਵਿਅਕਤੀ ਨੂੰ ਮਦਦ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਜਾਂ ਸਾਡੇ ਸਿਹਤ ਸੰਭਾਲ ਅਦਾਰਿਆਂ ਨਾਲ ਸੰਪਰਕ ਕਰ ਸਕਦਾ ਹੈ ਜਿੱਥੇ ਪੀੜ੍ਹਤਾਂ ਨੂੰ ਸਲਾਹ-ਮਸ਼ਵਰਾ ਅਤੇ ਇਲਾਜ ਸਮੇਤ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

About Author

Leave A Reply

WP2Social Auto Publish Powered By : XYZScripts.com