Saturday, May 10

ਡਿਪਟੀ ਕਮਿਸ਼ਨਰ ਵੱਲੋਂ ਨਿੱਜੀ ਸਕੂਲਾਂ ਦੇ ਵੱਖ-ਵੱਖ ਮੁੱਦਿਆਂ ਲਈ, ਜ਼ਿਲ੍ਹਾ ਪੱਧਰੀ ਰੈਗੂਲੇਟਰੀ ਬਾਡੀ ਦਾ ਗਠਨ

  • ਵਧੀਕ ਡਿਪਟੀ ਕਮਿਸ਼ਨਰ-ਕਮ-ਕਮੇਟੀ ਦੇ ਚੇਅਰਮੈਨ ਵੱਲੋਂ ਸਾਰੇ ਨਿੱਜੀ ਸਕੂਲਾਂ ਨੂੰ ਅਪੀਲ, ਸੂਬਾ ਸਰਕਾਰ ਵੱਲੋਂ  ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ
  • ਮਾਪਿਆਂ ਨੂੰ ਵੀ ਕੀਤੀ ਅਪੀਲ, ਆਪਣੀਆਂ ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਕਮੇਟੀ ਨਾਲ ਕੀਤਾ ਜਾਵੇ ਰਾਬਤਾ

ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ (ਖੰਨਾ) ਸ੍ਰੀ ਅਮਰਜੀਤ ਬੈਂਸ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਬਾਡੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਨਿੱਜੀ ਸਕੂਲਾਂ ਵੱਲੋਂ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨ (ਸੋਧ) ਐਕਟ, 2019 ਦੀ ਉਲੰਘਣਾ ਨਾ ਕੀਤੀ ਜਾਵੇ ਜਿਸ ਵਿੱਚ ਸਕੂਲ ਫੀਸਾਂ ਦੇ ਵਾਧੇ, ਕਿਤਾਬਾਂ ਅਤੇ ਆਵਾਜਾਈ ਦੇ ਖਰਚਿਆਂ ਸਬੰਧੀ ਮਾਪਿਆਂ ਅਤੇ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਆਦਿ ਸ਼ਾਮਲ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਬਾਡੀ ਵਿੱਚ ਸੱਤ ਮੈਂਬਰ ਹਨ ਜਿਨ੍ਹਾਂ ਵਿੱਚ ਚੇਅਰਮੈਨ ਵਧੀਕ ਡਿਪਟੀ ਕਮਿਸ਼ਨਰ (ਖੰਨਾ), ਮੈਂਬਰ ਸਕੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਪੰਜ ਮੈਂਬਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਸੇਵਾਮੁਕਤ ਡੀ.ਈ.ਓ ਸਵਰਨਜੀਤ ਕੌਰ, ਸੇਵਾਮੁਕਤ ਪ੍ਰਿੰਸੀਪਲ ਅਨੂਪ ਕੁਮਾਰ ਪਾਸੀ ਅਤੇ ਸੁਪਰਡੈਂਟ ਗ੍ਰੇਡ-1 ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕਮੇਟੀ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਐਕਟ ਦੀਆਂ ਧਾਰਾਵਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਵੱਲੋਂ ਫੀਸਾਂ ਵਿੱਚ ਵਾਧੇ ਨੂੰ ਲੈ ਕੇ ਮਾਪਿਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਮੇਟੀ ਦੇ ਚੇਅਰਮੈਨ-ਕਮ-ਵਧੀਕ ਡਿਪਟੀ ਕਮਿਸ਼ਨਰ (ਖੰਨਾ) ਸ੍ਰੀ ਅਮਰਜੀਤ ਬੈਂਸ ਨੇ ਕਿਹਾ ਕਿ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ ਦੀਆਂ ਵਿਵਸਥਾਵਾਂ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਫੀਸਾਂ ਵਿੱਚ ਵਾਧਾ, ਕਿਤਾਬਾਂ, ਵਰਦੀ ਦੀ ਵਿਕਰੀ, ਸਕੂਲ ਬੱਸਾਂ ਦੀ ਆਵਾਜਾਈ ਦੇ ਖਰਚੇ ਜਾਂ ਕੋਈ ਹੋਰ ਮਸਲਾ ਹੋਵੇ, ਮਾਪੇ ਕਮੇਟੀ ਨਾਲ ਰਾਬਤਾ ਕਰਨ ਅਤੇ ਸਕੂਲ ਵਿਰੁੱਧ ਆਪਣੀਆਂ ਸ਼ਿਕਾਇਤਾਂ ਦਰਜ਼ ਕਰਵਾਉਣ। ਉਨ੍ਹਾਂ ਕਿਹਾ ਕਿ ਕਮੇਟੀ ਇਹ ਯਕੀਨੀ ਬਣਾਏਗੀ ਕਿ ਹਰ ਸ਼ਿਕਾਇਤ ਦਾ ਜਲਦ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਸਮੂਹ ਪ੍ਰਾਈਵੇਟ ਸਕੂਲਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਐਕਟ ਰਾਹੀਂ ਸੂਬਾ ਸਰਕਾਰ ਵੱਲੋਂ ਤੈਅ ਕੀਤੇ ਨਿਯਮਾਂ ਅਨੁਸਾਰ ਆਪਣੇ ਕੰਮਕਾਜ ਚਲਾਉਣ। ਉਨ੍ਹਾਂ ਇਹ ਵੀ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਜ਼ਿਲ੍ਹੇ ਦੇ ਸਾਰੇ ਸਕੂਲ ਇਸ ਐਕਟ ਅਧੀਨ ਪਾਸ ਕੀਤੇ ਨਿਯਮਾਂ ਦੀ ਪਾਲਣਾ ਕਰਦੇ ਹਨ ਕਿਉਂਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਸੂਚਨਾ ਮਿਲਣ ‘ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

About Author

Leave A Reply

WP2Social Auto Publish Powered By : XYZScripts.com