
- ਪੀ.ਪੀ.ਸੀ.ਬੀ. ਨੂੰ ਇੱਕ ਮਹੀਨੇ ਦੇ ਅੰਦਰ ਬੁੱਢੇ ਨਾਲੇ ਨੂੰ ਪ੍ਰਦੂਸ਼ਿਤ ਕਰਨ ਵਾਲੇ ਉਦਯੋਗਾਂ ਦੀ ਸ਼ਨਾਖਤ ਕਰਨ ਦੇ ਨਿਰਦੇਸ਼, ਪੀਜੀਆਈ ਵੱਲੋਂ ਪਿੰਡ ਗੌਂਸਪੁਰ ਦੇ ਵਾਤਾਵਰਨ ਦਾ ਕੀਤਾ ਜਾਵੇਗਾ ਅਧਿਐਨ
- ਬੁੱਢਾ ਦਰਿਆ ਦੇ ਨਾਲ ਵੱਖ-ਵੱਖ ਪੁਆਇੰਟਾਂ ਦਾ ਕੀਤਾ ਦੌਰਾ, ਬੁੱਢਾ ਦਰਿਆ ਦੇ ਕਾਇਆ ਕਲਪ ਪ੍ਰੋਜੈਕਟ ਦਾ ਵੀ ਲਿਆ ਜਾਇਜ਼ਾ
ਲੁਧਿਆਣਾ,(ਸੰਜੇ ਮਿੰਕਾ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰਾਜੈਕਟ ਨੂੰ ਜੰਗੀ ਪੱਧਰ ‘ਤੇ ਪੂਰਾ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਬੁੱਢੇ ਨਾਲੇ ਨੂੰ ਬੁੱਢੇ ਦਰਿਆ ਵਿਚ ਤਬਦੀਲ ਕਰਨ ਲਈ ਵਿਧਾਨ ਸਭਾ ਦੀ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਨਾਲ ਹੀ ਪਾਣੀ ਵਿੱਚ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਲੁਧਿਆਣਾ ਪੂਰਬੀ ਦੇ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਬਣੀ ਸੱਤ ਮੈਂਬਰੀ ਕਮੇਟੀ ਘੱਗਰ ਦਰਿਆ ਦੀ ਸਫ਼ਾਈ ਨੂੰ ਵੀ ਯਕੀਨੀ ਬਣਾਏਗੀ। ਵਿਧਾਇਕ ਸ੍ਰੀ ਮਦਨ ਲਾਲ ਬੱਗਾ, ਸ.ਗੁਰਪ੍ਰੀਤ ਸਿੰਘ ਬਣਾਂਵਾਲੀ, ਸ੍ਰੀ ਬੀਰਇੰਦਰ ਗੋਇਲ, ਸ. ਕੁਲਵੰਤ ਸਿੰਘ ਸਿੱਧੂ, ਸ.ਮਨਪ੍ਰੀਤ ਸਿੰਘ ਇਆਲੀ ਅਤੇ ਸ. ਸੰਦੀਪ ਜਾਖੜ ਕਮੇਟੀ ਦੇ ਮੈਂਬਰ ਹੋਣਗੇ। ਵਲੀਪੁਰ, ਗੌਂਸਪੁਰ ਅਤੇ ਹੋਰ ਪਿੰਡਾਂ ਵਿੱਚ ਬੁੱਢੇ ਨਾਲੇ ਦੇ ਨਾਲ-ਨਾਲ ਵੱਖ-ਵੱਖ ਪੁਆਇੰਟਾਂ ਦਾ ਨਿਰੀਖਣ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਪ੍ਰਦੂਸ਼ਣ ਕਿਸੇ ਵੀ ਰੂਪ ਵਿੱਚ ਮਨੁੱਖਤਾ ਵਿਰੁੱਧ ਅਪਰਾਧ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚੋਂ ਵਾਤਾਵਰਨ ਦੀ ਸੰਭਾਲ ਪ੍ਰਮੁੱਖ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਜਲ ਸਰੋਤਾਂ ਨੂੰ ਸਾਫ਼ ਕਰਨ ਦੇ ਨਾਲ-ਨਾਲ ਕੀਮਤੀ ਕੁਦਰਤੀ ਸਰੋਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮਦਨ ਲਾਲ ਬੱਗਾ, ਜੀਵਨ ਸਿੰਘ ਸੰਗੋਵਾਲ, ਹਰਦੀਪ ਸਿੰਘ ਮੁੰਡੀਆ ਦੇ ਨਾਲ ਸਪੀਕਰ ਨੇ ਕਿਹਾ ਕਿ ਵਿਧਾਨ ਸਭਾ ਦੀ ਕਮੇਟੀ ਜਿੱਥੇ ਬੁੱਢੇ ਨਾਲੇ ਅਤੇ ਘੱਗਰ ਦਰਿਆ ਦੀ ਸਥਿਤੀ ਦਾ ਬਾਰੀਕੀ ਨਾਲ ਮੁਆਇਨਾ ਕਰੇਗੀ ਉੱਥੇ ਇਸ ਦੇ ਕੰਮਕਾਜ ਅਤੇ ਐਸਟੀਪੀਜ਼ ਦੀ ਸਥਾਪਨਾ ਅਤੇ ਹੋਰ ਪ੍ਰੋਜੈਕਟਾਂ ਦੀ ਸਮੀਖਿਆ ਕਰੇਗੀ ਅਤੇ ਦੋਵਾਂ ਜਲ ਸਰੋਤਾਂ ਨੂੰ ਮੁੜ ਸੁਰਜੀਤ ਕਰਨ ਲਈ ਆਪਣੀਆਂ ਸਿਫ਼ਾਰਸ਼ਾਂ ਸਮੇਤ ਵਿਸਤ੍ਰਿਤ ਰਿਪੋਰਟ ਸਰਕਾਰ ਨੂੰ ਸੌਪੇਗੀ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਗੰਧਲਾ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਮਿਸਾਲੀ ਸਜ਼ਾ ਵੀ ਯਕੀਨੀ ਬਣਾਈ ਜਾਵੇਗੀ। ਸ. ਸੰਧਵਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲੇ ਉਦਯੋਗਾਂ ਦੀ ਸ਼ਨਾਖਤ ਕਰਨ ਅਤੇ ਇੱਕ ਮਹੀਨੇ ਵਿੱਚ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਗੌਂਸਪੁਰ ਪਿੰਡ ਵਿੱਚ ਪੀਜੀਆਈ ਦੁਆਰਾ ਲੋਕਾਂ, ਖੇਤੀਬਾੜੀ, ਪਸ਼ੂਆਂ ਅਤੇ ਹੋਰਾਂ ਦੀ ਸਿਹਤ ‘ਤੇ ਦੂਸ਼ਿਤ ਪਾਣੀ ਦੇ ਪ੍ਰਭਾਵਾਂ ਬਾਰੇ ਵਾਤਾਵਰਣ ਅਧਿਐਨ ਕਰਨ ਦਾ ਵੀ ਐਲਾਨ ਕੀਤਾ। ਸਪੀਕਰ ਨੇ ਬੁੱਢਾ ਦਰਿਆ ਅਤੇ ਘੱਗਰ ਦਰਿਆ ਦੇ ਕਾਇਆ ਕਲਪ ਨੂੰ ਇੱਕ ਲੋਕ ਲਹਿਰ ਬਣਾਉਣ ਦਾ ਵੀ ਸੱਦਾ ਦਿੱਤਾ ਅਤੇ ਕਿਹਾ ਕਿ ਦੋਵੇਂ ਜਲ ਸਰੋਤਾਂ ਦੀ ਸਫਾਈ ਲਈ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਮਿਲ ਰਹੇ ਸੁਝਾਵਾਂ ਦਾ ਧਿਆਨ ਨਾਲ ਅਧਿਐਨ ਕੀਤਾ ਜਾਵੇਗਾ। ਬਾਅਦ ਵਿੱਚ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ 650 ਕਰੋੜ ਰੁਪਏ ਦੇ ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰੋਜੈਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤਭ ਸ਼ਰਮਾ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ.ਐਸ.ਪੀ. ਲੁਧਿਆਣਾ ਦਿਹਾਤੀ ਦੀਪਕ ਹਿਲੋਰੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਵਧੀਕ ਨਗਰ ਨਿਗਮ ਕਮਿਸ਼ਨਰ ਸ੍ਰੀ ਆਦਿਤਿਆ ਡਚਲਵਾਲ, ਨਰੋਆ ਪੰਜਾਬ ਦੇ ਮੁਖੀ ਸ. ਗੁਰਪ੍ਰੀਤ ਸਿੰਘ ਚੰਦਬਾਜਾ, ਇੰਜੀ: ਜਸਕੀਰਤ ਸਿੰਘ, ਸ੍ਰੀ ਕਪਿਲ ਅਰੋੜਾ ਅਤੇ ਹੋਰ ਹਾਜ਼ਰ ਸਨ।