- ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਸਮਾਰਟ ਸਿਟੀ ਪ੍ਰੋਜੈਕਟਾਂ ਅਤੇ ਵਾਰਡਾਂ ਦੀ ਹੱਦਬੰਦੀ ਦਾ ਜਾਇਜ਼ਾ
- ਜਵਾਬਦੇਹ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ‘ਤੇ ਦਿੱਤਾ ਜ਼ੋਰ
ਲੁਧਿਆਣਾ (ਸੰਜੇ ਮਿੰਕਾ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਾਰੇ ਨਗਰ ਨਿਗਮਾਂ/ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਵਿੱਚ ਸਿੰਗਲ ਵਿੰਡੋ ਸਿਸਟਮ ਲਾਗੂ ਕੀਤਾ ਜਾਵੇਗਾ ਤਾਂ ਜੋ ਆਮ ਲੋਕ ਬਿਨ੍ਹਾਂ ਕਿਸੇ ਖੱਜਲ ਖੁਆਰੀ ਦੇ ਆਪਣਾ ਕੰਮ ਕਰਵਾ ਸਕਣ। ਲੁਧਿਆਣਾ ਵਿੱਚ ਸਮਾਰਟ ਸਿਟੀ ਪ੍ਰੋਜੈਕਟਾਂ ਦੀ ਸਥਿਤੀ ਅਤੇ ਵਾਰਡਾਂ ਦੀ ਚੱਲ ਰਹੀ ਹੱਦਬੰਦੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਸਿੰਗਲ ਵਿੰਡੋ ਸਿਸਟਮ ਰਾਹੀਂ ਲੋਕਾਂ ਨੂੰ ਸਾਰੇ ਨਗਰ ਨਿਗਮਾਂ ਵਿੱਚ ਆਪਣੇ ਕੰਮ ਕਰਵਾਉਣ ਵਿੱਚ ਹੋਣ ਵਾਲੀ ਬੇਲੋੜੀ ਪ੍ਰੇਸ਼ਾਨੀ ਅਤੇ ਸਮੇਂ ਦੀ ਬਰਬਾਦੀ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਭਾਗ ਸਿੰਗਲ ਵਿੰਡੋ ਸਿਸਟਮ ਲਈ ਮੁਕੰਮਲ ਯੋਜਨਾ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਹੈ ਅਤੇ ਇਸ ਨੂੰ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੰਗਲ ਵਿੰਡੋ ਸਿਸਟਮ ਰਾਹੀਂ ਹਰ ਸੇਵਾ ਲਈ ਵਿਧੀ ਨੂੰ ਸਰਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨਾਲ ਵਸਨੀਕਾਂ ਨੂੰ ਸਹੂਲਤ ਮਿਲੇਗੀ ਕਿਉਂਕਿ ਉਨ੍ਹਾਂ ਨੂੰ ਇੱਕ ਸ਼ਾਖਾ ਤੋਂ ਦੂਜੀ ਸ਼ਾਖਾ ਵਿੱਚ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਕੰਮ ਸਮਾਂਬੱਧ ਤਰੀਕੇ ਨਾਲ ਕੀਤੇ ਜਾਣਗੇ। ਇਸ ਮੌਕੇ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਸ੍ਰੀ ਮਦਨ ਲਾਲ ਬੱਗਾ, ਸ. ਦਲਜੀਤ ਸਿੰਘ ਭੋਲਾ ਗਰੇਵਾਲ, ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਸ. ਕੁਲਵੰਤ ਸਿੰਘ ਸਿੱਧੂ, ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਦੇ ਨਾਲ ਡਾ ਨਿੱਝਰ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਅਰਜ਼ੀਆਂ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹੋਰ ਜਵਾਬਦੇਹ ਬਣਨ ਲਈ ਕਿਹਾ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਹਰੇਕ ਵਿਅਕਤੀ, ਖਾਸ ਕਰਕੇ ਗਰੀਬਾਂ ਦੀ ਸਹੀ ਢੰਗ ਨਾਲ ਸੁਣਵਾਈ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਦੇਣ ਲਈ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ ਅਤੇ ਅਧਿਕਾਰੀਆਂ ਦੀ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਸ ਕੰਮਕਾਜ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾ ਕੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਵੀ ਕਿਹਾ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਸਮਾਰਟ ਸਿਟੀ ਤਹਿਤ 922.50 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ 67 ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਵਿਧਾਇਕਾਂ ਨੂੰ ਲੁਧਿਆਣਾ ਵਿੱਚ ਸਮਾਰਟ ਸਿਟੀ ਪ੍ਰੋਜੈਕਟਾਂ ਨੂੰ ਲਾਗੂ ਕਰਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੇਨਿਯਮੀਆਂ ਨੂੰ ਰੋਕਣ ਲਈ ਵਿਸਥਾਰਤ ਜਾਂਚ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਅਗਲੇ ਦੋ ਹਫ਼ਤਿਆਂ ਵਿੱਚ ਹੱਦਬੰਦੀ ਦੀ ਪ੍ਰਕਿਰਿਆ ਪੂਰੀ ਕਰਨ ਲਈ ਵੀ ਕਿਹਾ। ਬਰਸਾਤ ਕਾਰਨ ਲੁਧਿਆਣਾ ਵਿੱਚ ਪਾਣੀ ਭਰਨ ਦੇ ਮੁੱਦੇ ‘ਤੇ ਕੈਬਨਿਟ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਆਪਣੀ ਇਮਾਰਤ ਵਿੱਚ ਇੱਕ ਸੈੱਲ ਸਥਾਪਤ ਕਰਨ ਲਈ ਕਿਹਾ ਜੋ ਅਜਿਹੀਆਂ ਸ਼ਿਕਾਇਤਾਂ ਨਾਲ ਨਜਿੱਠਣ ਲਈ ਸਮਰਪਿਤ ਟੀਮਾਂ ਭੇਜ ਕੇ ਬਰਸਾਤੀ ਪਾਣੀ ਦੀ ਨਿਕਾਸੀ ਲਈ 24 ਘੰਟੇ ਕੰਮ ਕਰੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸੁਰੇਸ਼ ਗੋਇਲ, ਵਧੀਕ ਨਗਰ ਨਿਗਮ ਕਮਿਸ਼ਨਰ ਸ੍ਰੀ ਆਦਿਤਿਆ ਡਚਲਵਾਲ, ਸੰਯੁਕਤ ਕਮਿਸ਼ਨਰ ਸ੍ਰੀ ਅੰਕੁਰ ਮਹਿੰਦਰੂ, ਸ੍ਰੀਮਤੀ ਪੂਨਮਪ੍ਰੀਤ ਕੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।