- ਬੁੱਢਾ ਦਰਿਆ ਕਾਇਆ ਕਲਪ ਪ੍ਰੋਜੈਕਟ ਦਾ 55 ਫੀਸਦ ਕੰਮ ਹੋਇਆ ਮੁਕੰਮਲ
ਹੰਬੜਾਂ (ਲੁਧਿਆਣਾ), (ਸੰਜੇ ਮਿੰਕਾ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਅਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਪਿੰਡ ਵਲੀਪੁਰ ਕਲਾਂ ਦਾ ਨਿਰੀਖਣ ਕੀਤਾ ਜਿੱਥੇ ਬੁੱਢਾ ਦਰਿਆ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਵਿੱਚ ਰਲਦਾ ਹੈ। ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਦਲਜੀਤ ਸਿੰਘ ਭੋਲਾ ਗਰੇਵਾਲ, ਮਨਵਿੰਦਰ ਸਿੰਘ ਗਿਆਸਪੁਰਾ, ਰਜਿੰਦਰਪਾਲ ਕੌਰ ਛੀਨਾ ਦੇ ਨਾਲ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਸਵੱਛ ਅਤੇ ਸੁਰੱਖਿਅਤ ਵਾਤਾਵਰਨ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਹ ਬੁੱਢਾ ਦਰਿਆ ਦੇ ਕਾਇਆ ਕਲਪ ਪ੍ਰਾਜੈਕਟ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਦਾ ਲਗਭਗ 55 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਇੱਕ ਵਿਧਾਨ ਸਭਾ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ ਅਤੇ ਇਹ ਜਲਦ ਹੀ ਜ਼ਮੀਨੀ ਪੱਧਰ ‘ਤੇ ਆਪਣੀ ਕਾਰਵਾਈ ਆਰੰਭ ਕਰ ਦੇਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧ ਵਿੱਚ ਇੱਕ ਵਿਆਪਕ ਰਿਪੋਰਟ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਕਿਉਂਕਿ ਅਗਲੀ ਮੀਟਿੰਗ ਵਿੱਚ ਇਸ ਮੁੱਦੇ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਉਨ੍ਹਾਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਅਤੇ ਹੋਰ ਮੈਂਬਰਾਂ ਨੂੰ ਵੀ ਇਸ ਪ੍ਰੋਜੈਕਟ ਦਾ ਵਿਸਥਾਰ ਨਾਲ ਅਧਿਐਨ ਕਰਨ ਅਤੇ ਆਪਣੇ ਸੁਝਾਅ ਦੇਣ ਲਈ ਕਿਹਾ ਤਾਂ ਜੋ ਇਸ ਪ੍ਰੋਜੈਕਟ ਨੂੰ ਸਫ਼ਲ ਬਣਾਇਆ ਜਾ ਸਕੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕੇ.ਐਨ.ਐਸ. ਕੰਗ, ਜੁਆਇੰਟ ਪੁਲਿਸ ਕਮਿਸ਼ਨਰ ਨਰਿੰਦਰ ਭਾਗਵਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਅਤੇ ਹੋਰ ਹਾਜ਼ਰ ਸਨ।