Friday, May 9

ਲੁਧਿਆਣਾ ‘ਚ 4 ਅਗਸਤ ਤੱਕ 9 ‘ਆਮ ਆਦਮੀ ਕਲੀਨਿਕ’ ਤਿਆਰ ਹੋ ਜਾਣਗੇ – ਲਾਲ ਚੰਦ ਕਟਾਰੂਚੱਕ

  • ਇਸ ਮਾਨਸੂਨ ਸੀਜ਼ਨ ‘ਚ ਜ਼ਿਲ੍ਹੇ ‘ਚ ਲਗਾਏ ਜਾਣਗੇ 7 ਲੱਖ ਬੂਟੇ – ਜੰਗਲਾਤ ਮੰਤਰੀ
  • ਲਾਲ ਚੰਦ ਕਟਾਰੂਚੱਕ ਨੇ ਬੁੱਢਾ ਦਰਿਆ ਦੇ ਕਾਇਆ ਕਲਪ, ਸਮਾਰਟ ਸਿਟੀ ਪ੍ਰੋਜੈਕਟਾਂ, ਸਿੱਖਿਆ ਅਤੇ ਸਿਹਤ ਸਕੀਮਾਂ ਦੀ ਕੀਤੀ ਸਮੀਖਿਆ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮੁਫ਼ਤ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਲੁਧਿਆਣਾ ਵਿੱਚ 4 ਅਗਸਤ, 2022 ਤੱਕ 9 ‘ਆਮ ਆਦਮੀ ਕਲੀਨਿਕ’ ਤਿਆਰ ਹੋ ਜਾਣਗੇ। ਲੋਕ ਨਿਰਮਾਣ ਵਿਭਾਗ ਵੱਲੋਂ ਇਨ੍ਹਾਂ ਕਲੀਨਿਕਾਂ ਦੀਆਂ ਇਮਾਰਤਾਂ 4 ਅਗਸਤ ਨੂੰ ਸਿਵਲ ਵਰਕਸ ਮੁਕੰਮਲ ਹੋਣ ਤੋਂ ਬਾਅਦ ਸਿਹਤ ਵਿਭਾਗ ਨੂੰ ਸੌਂਪ ਦਿੱਤੀਆਂ ਜਾਣਗੀਆਂ। ਡਾਕਟਰਾਂ, ਫਾਰਮਾਸਿਸਟਾਂ ਅਤੇ ਦੋ ਹੋਰ ਸਹਾਇਕਾਂ ਦੀ ਨਿਯੁਕਤੀ ਵੀ ਅੰਤਿਮ ਪੜਾਅ ‘ਤੇ ਚੱਲ ਰਹੀ ਹੈ ਅਤੇ ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਫਰਨੀਚਰ ਅਤੇ ਹੋਰ ਲੋੜੀਂਦਾ ਸਮਾਨ ਵੀ ਖਰੀਦਿਆ ਜਾਵੇਗਾ.
ਲੁਧਿਆਣਾ ਵਿੱਚ ਇਹ ਕਲੀਨਿਕ ਕਿਦਵਈ ਨਗਰ ਦੇ ਨਾਲ ਲੱਗਦੇ ਸੂਫੀਆਂ ਚੌਕ, ਨਗਰ ਨਿਗਮ ਦਫ਼ਤਰ ਮੈਟਰੋ ਰੋਡ, ਨਗਰ ਨਿਗਮ ਦਫ਼ਤਰ ਨੇੜੇ ਚਾਂਦ ਸਿਨੇਮਾ, ਬੀ.ਐਸ.ਯੂ.ਪੀ. ਫਲੈਟ ਦੇ ਨਾਲ ਢੰਡਾਰੀ ਕਲਾਂ, ਜੀ.ਕੇ. ਐਨਕਲੇਵ ਕੇਹਰ ਸਿੰਘ ਕਲੋਨੀ (ਖੰਨਾ), ਮਿਉਂਸਪਲ ਕਮੇਟੀ, ਬੱਸ ਸਟੈਂਡ (ਰਾਏਕੋਟ), ਟਰਾਂਸਪੋਰਟ ਨਗਰ, ਪੀ.ਐਸ.ਪੀ.ਸੀ.ਐਲ. ਦਫ਼ਤਰ ਦੀ ਇਮਾਰਤ ਫੋਕਲ ਪੁਆਇੰਟ ਅਤੇ ਪੁਰਾਣਾ ਹਸਪਤਾਲ ਰਾਏਕੋਟ ਰੋਡ, ਜਗਰਾਉਂ ਵਿਖੇ ਤਿਆਰ ਕਰਵਾਏ ਜਾ ਰਹੇ ਹਨ। ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਦਲਜੀਤ ਸਿੰਘ ਭੋਲਾ ਗਰੇਵਾਲ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਬੱਸੀ ਗੋਗੀ, ਰਜਿੰਦਰਪਾਲ ਕੌਰ ਛੀਨਾ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ ਸਿੱਧੂ, ਜਗਤਾਰ ਸਿੰਘ ਦਿਆਲਪੁਰਾ, ਮਨਵਿੰਦਰ ਸਿੰਘ ਗਿਆਸਪੁਰਾ, ਜੀਵਨ ਸਿੰਘ ਸੰਗੋਵਾਲ, ਮਨਪ੍ਰੀਤ ਸਿੰਘ ਇਆਲੀ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ ਦੇ ਨਾਲ ਕੈਬਨਿਟ ਮੰਤਰੀ ਕਟਾਰੂਚੱਕ ਜਿਨ੍ਹਾਂ ਕੋਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦਾ ਵਿਭਾਗ ਵੀ ਹੈ, ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ 15 ਅਗਸਤ ਨੂੰ ਜ਼ਿਲ੍ਹੇ ਵਿੱਚ ਇਹ 9 ‘ਆਮ ਆਦਮੀ ਕਲੀਨਿਕ’ ਲੋਕਾਂ ਨੂੰ ਸਮਰਪਿਤ ਕਰਨਗੇ। ਉਨ੍ਹਾਂ ਚੱਲ ਰਹੇ ਕੰਮ ‘ਤੇ ਤਸੱਲੀ ਪ੍ਰਗਟਾਈ ਅਤੇ ਅਧਿਕਾਰੀਆਂ ਨੂੰ ਹੋਰ ਰਸਮੀ ਕਾਰਵਾਈਆਂ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹਰਿਆਵਲ ਵਧਾਉਣ ਲਈ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਇਸ ਮਾਨਸੂਨ ਦੌਰਾਨ ਲੁਧਿਆਣਾ ਵਿੱਚ ਸੱਤ ਲੱਖ ਬੂਟੇ ਲਗਾਏ ਜਾ ਰਹੇ ਹਨ।
ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 7 ਲੱਖ ਬੂਟੇ ਅਤੇ 1610 ਤ੍ਰਿਵੇਣੀਆਂ ਲਗਾਈਆਂ ਜਾਣਗੀਆਂ, ਜਿਨ੍ਹਾਂ ਵਿੱਚੋਂ 1.60 ਲੱਖ ਬੂਟੇ ਅਤੇ 16 ਤ੍ਰਿਵੇਣੀਆਂ ਜੰਗਲਾਤ ਵਿਭਾਗ ਵੱਲੋਂ ਪਹਿਲਾਂ ਹੀ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੰਭਾਲ ਲਈ ਵਚਨਬੱਧ ਹੈ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਅਧੀਨ ਜ਼ਿਲ੍ਹੇ ਵਿੱਚ ਜੰਗਲਾਤ ਰਕਬਾ ਵਧਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਸਮੂਹ ਵਿਧਾਇਕਾਂ ਅਤੇ ਅਧਿਕਾਰੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਸੱਤ ਲੱਖ ਬੂਟਿਆਂ ਦੀ ਸਹੀ ਸੰਭਾਲ ਨੂੰ ਯਕੀਨੀ ਬਣਾਉਣ ਨਹੀਂ ਤਾਂ ਰੁੱਖਾਂ ਤੋਂ ਬਿਨਾਂ ਮਨੁੱਖਤਾ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਸ੍ਰੀ ਲਾਲ ਚੰਦ ਕਟਾਰੂਚੱਕ ਜੋ ਕਿ ਲੁਧਿਆਣਾ ਜ਼ਿਲ੍ਹੇ ਦੇ ਇੰਚਾਰਜ ਵੀ ਹਨ, ਨੇ ਵੀ ਬੁੱਢਾ ਦਰਿਆ ਕਾਇਆ ਕਲਪ ਪ੍ਰੋਜੈਕਟ, ਸਮਾਰਟ ਸਿਟੀ ਕਾਰਜ਼ਾਂ, ਸਿਹਤ ਅਤੇ ਸਿੱਖਿਆ ਸਕੀਮਾਂ, ਖੁਰਾਕ ਸਪਲਾਈ ਅਤੇ ਹੋਰ ਭਲਾਈ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬੁੱਢਾ ਦਰਿਆ ਕਾਇਆ ਕਲਪ ਪ੍ਰੋਜੈਕਟ ਦੀ ਨਿਗਰਾਨੀ ਲਈ ਤਾਇਨਾਤ ਹੋਰ ਵਿਧਾਇਕਾਂ ਨੂੰ ਵੀ ਕਿਹਾ ਕਿ ਉਹ ਮੀਟਿੰਗ ਕਰਕੇ ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਵੇਰਵੇ ਪੇਸ਼ ਕਰਨ ਤਾਂ ਜੋ ਸਾਰੀਆਂ ਕਮੀਆਂ, ਜੇਕਰ ਕੋਈ ਹਨ, ਨੂੰ ਸਮੇਂ ਸਿਰ ਦੇਖਭਾਲ ਕਰਕੇ ਦੂਰ ਕੀਤਾ ਜਾ ਸਕੇ।
ਪਹਿਲੀ ਵਾਰ ਜ਼ਿਲ੍ਹੇ ਵਿੱਚ ਪਹੁੰਚਣ ‘ਤੇ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਸੰਯੁਕਤ ਪੁਲਿਸ ਕਮਿਸ਼ਨਰ ਡਾ. ਨਰਿੰਦਰ ਭਾਰਗਵ, ਨਗਰ ਸੁਧਾਰ ਟਰੱਸਟ ਦੇ ਐਲ.ਏ.ਸੀ. ਨੀਰੂ ਕਤਿਆਲ ਗੁਪਤਾ, ਵਧੀਕ ਡਿਪਟੀ ਕਮਿਸ਼ਨਰਾਂ ਵਿੱਚ ਅਮਿਤ ਕੁਮਾਰ ਪੰਚਾਲ, ਅਮਰਜੀਤ ਬੈਂਸ, ਅਨੀਤਾ ਦਰਸ਼ੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਜ਼ਿਲ੍ਹਾ ਪ੍ਰਧਾਨ ਸੁਰੇਸ਼ ਗੋਇਲ ਅਤੇ ਹਰਭੁਪਿੰਦਰ ਸਿੰਘ ਧਰੌੜ, ਅਮਨਦੀਪ ਸਿੰਘ ਮੋਹੀ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com