Saturday, May 10

ਡਿਪਟੀ ਕਮਿਸ਼ਨਰ ਵੱਲੋਂ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ

  • ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਗੁਰੂ ਨਾਨਕ ਸਟੇਡੀਅਮ ‘ਚ ਕੌਮੀ ਝੰਡਾ ਲਹਿਰਾਉਣਗੇ

ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਅੱਜ ਸੂਬਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਿਸ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ 15 ਅਗਸਤ, 2022 ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ। ਸਥਾਨਕ ਬੱਚਤ ਭਵਨ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਤਿਰੰਗਾ ਲਹਿਰਾਉਣ, ਸੁਰੱਖਿਆ, ਆਵਾਜਾਈ, ਪਾਰਕਿੰਗ ਪ੍ਰਬੰਧਾਂ, ਸੱਭਿਆਚਾਰਕ ਪ੍ਰੋਗਰਾਮਾਂ, ਨਿਰਵਿਘਨ ਬਿਜਲੀ ਸਪਲਾਈ, ਸਹੀ ਸਫ਼ਾਈ ਵਿਵਸਥਾ, ਮੈਡੀਕਲ ਸਹੂਲਤਾਂ ਆਦਿ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਕੀਤੇ। ਉਨ੍ਹਾਂ ਇਸ ਰਾਸ਼ਟਰੀ ਸਮਾਗਮ ਨੂੰ ਪੂਰੇ ਉਤਸ਼ਾਹ ਅਤੇ ਸੁਚੱਜੇ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਤਿਆਰੀਆਂ ਦੀ ਡੁੰਘਾਈ ਨਾਲ ਨਿਗਰਾਨੀ ਕਰਨ ਲਈ ਸੀਨੀਅਰ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਤੈਅ ਕੀਤੀਆਂ। ਸ੍ਰੀਮਤੀ ਮਲਿਕ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਦੇ ਐਲ.ਏ.ਸੀ. ਸ੍ਰੀਮਤੀ ਨੀਰੂ ਕਤਿਆਲ ਗੁਪਤਾ ਦੀ ਅਗਵਾਈ ਵਾਲੀ ਕਮੇਟੀ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ ਬਾਰੇ ਫੈਸਲਾ ਕਰਨਗੇ। ਉਨ੍ਹਾਂ ਨਗਰ ਨਿਗਮ ਲੁਧਿਆਣਾ ਨੂੰ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਯਕੀਨੀ ਬਣਾਉਣ, ਸਟੇਡੀਅਮ ਨੂੰ ਜਾਣ ਵਾਲੀਆਂ ਸੜਕਾਂ ‘ਤੇ ਪਾਣੀ ਦਾ ਛਿੜਕਾਅ ਕਰਨ ਅਤੇ ਸਮਾਗਮ ਦੌਰਾਨ ਹਿੱਸਾ ਲੈਣ ਵਾਲਿਆਂ ਲਈ ਮੋਬਾਈਲ ਟਾਇਲਟ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤ ਕੀਤੀ। ਉਨ੍ਹਾਂ ਕਮਿਸ਼ਨਰੇਟ ਪੁਲਿਸ ਨੂੰ ਸਮਾਗਮ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੁੱਲ ਡਰੈਸ ਰਿਹਰਸਲ 13 ਅਗਸਤ, 2022 ਨੂੰ ਹੋਵੇਗੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਰਿਹਰਸਲ 9 ਅਗਸਤ, 2022 ਤੋਂ ਸ਼ੁਰੂ ਹੋ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ, ਡੀ.ਸੀ.ਪੀ. ਸੌਮਿਆ ਮਿਸ਼ਰਾ ਅਤੇ ਹੋਰ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com