Saturday, May 10

ਰੰਗਲਾ ਪੰਜਾਬ’ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ: ਭਗਵੰਤ ਮਾਨ

  • ਮੁੱਖ ਮੰਤਰੀ ਵੱਲੋਂ ਬੇਰੋਜ਼ਗਾਰੀ, ਭ੍ਰਿਸ਼ਟਾਚਾਰ, ਫਿਰਕੂਵਾਦ ਅਤੇ ਹੋਰ ਸਮਾਜਿਕ ਬੁਰਾਈਆਂ ਖ਼ਿਲਾਫ਼ ਲੋਕਾਂ ਨੂੰ ਜੰਗ ਵਿੱਢਣ ਦਾ ਸੱਦਾ
  • ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਰੰਗਲਾ ਪੰਜਾਬ’ ਬਣਾਉਣ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋਕਾਂ ਨੂੰ ਬੇਰੋਜ਼ਗਾਰੀ, ਭ੍ਰਿਸ਼ਟਾਚਾਰ, ਫਿਰਕੂਪੁਣੇ ਅਤੇ ਹੋਰ ਸਮਾਜਿਕ ਪੱਖਪਾਤ ਵਰਗੀਆਂ ਬੁਰਾਈਆਂ ਖ਼ਿਲਾਫ਼ ਜੰਗ ਵਿੱਢਣ ਦਾ ਸੱਦਾ ਦਿੱਤਾ। ਇੱਥੇ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਜਿਕ ਬੁਰਾਈਆਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਵਿੱਚ ਰੁਕਾਵਟ ਹਨ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਜਦੋਂ ਅਸੀਂ ਆਪਣੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਵਿੱਚੋਂ ਇਨ੍ਹਾਂ ਬੁਰਾਈਆਂ ਦੀ ਜੜ੍ਹ ਵੱਢ ਸੁੱਟੀਏ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਸਰਕਾਰ ਇਸ ਮਹਾਨ ਕਾਰਜ ਲਈ ਦ੍ਰਿੜ੍ਹ ਸੰਕਲਪ ਹੈ ਪਰ ਇਹ ਮਿਸ਼ਨ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਮੁਕੰਮਲ ਨਹੀਂ ਹੋ ਸਕਦਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਹਰੇਕ ਭਾਰਤੀ ਲਈ ਮਾਣ ਤੇ ਸਤਿਕਾਰ ਦਾ ਮੌਕਾ ਹੈ ਕਿ ਦੇਸ਼ ਦੀ ਆਜ਼ਾਦੀ ਤੇ ਜਮਹੂਰੀ ਗਣਤੰਤਰ ਨੂੰ ਅੱਜ 75 ਵਰ੍ਹੇ ਪੂਰੇ ਹੋਏ ਹਨ। ਦੇਸ਼-ਵਿਦੇਸ਼ ਵਿੱਚ ਵਸਦੇ ਹਰੇਕ ਭਾਰਤ ਵਾਸੀ ਖ਼ਾਸ ਤੌਰ ਉਤੇ ਪੰਜਾਬੀਆਂ ਨੂੰ ਇਸ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ ਅਤੇ ਅਸੀਂ ਖ਼ੁਸ਼ਕਿਸਮਤ ਹਾਂ, ਜੋ ਇਸ ਮੌਕੇ ਦੇ ਗਵਾਹ ਬਣੇ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਦੀ ਰਾਹ ਕਾਫ਼ੀ ਲੰਮੀ ਤੇ ਚੁਣੌਤੀ ਭਰਪੂਰ ਸੀ ਪਰ ਇਸ ਆਜ਼ਾਦੀ ਨੂੰ ਬਰਕਰਾਰ ਰੱਖਣ ਦੀ ਰਾਹ ਵੀ ਉਨੀ ਹੀ ਮੁਸ਼ਕਲ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬਰਤਾਨਵੀ ਸਾਮਰਾਜ ਦੀ ਕਾਲੋਨੀ ਵਜੋਂ ਸਾਡੇ ਮੁਲਕ ਨੂੰ ਬਹੁਤ ਸਾਰੀਆਂ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪਿਆ। ਕੌਮੀ ਨਾਇਕਾਂ ਵੱਲੋਂ ਸਮਰਪਣ ਤੇ ਬਹਾਦਰੀ ਨਾਲ ਸੁਤੰਤਰਤਾ ਸੰਗਰਾਮ ਵਿੱਚ ਪਾਏ ਯੋਗਦਾਨ ਨਾਲ ਹੀ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜ਼ੀਰਾਂ ਵੱਢੀਆਂ ਜਾ ਸਕੀਆਂ। ਉਨ੍ਹਾਂ ਕਿਹਾ ਕਿ ਬਰਤਾਨਵੀ ਅੱਤਿਆਚਾਰ ਵਿਰੁੱਧ ਲੜਾਈ ਵਿੱਚ 80 ਫੀਸਦੀ ਤੋਂ ਵੱਧ ਯੋਗਦਾਨ ਪੰਜਾਬੀਆਂ ਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਕਈ ਹੋਰ ਸੁਤੰਤਰਤਾ ਸੰਗਰਾਮੀਆਂ ਨੇ ਸਾਡੇ ਲਈ ਮੁਲਕ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਖ਼ੂਨ ਡੋਲਿਆ। ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟਾਇਆ ਕਿ ਕੁੱਝ ਲੋਕ, ਮਹਾਨ ਸੁਤੰਤਰਤਾ ਸੰਗਰਾਮੀਆਂ ਦੇ ਮਾਤ ਭੂਮੀ ਲਈ ਪਾਏ ਯੋਗਦਾਨ ਉਤੇ ਸਵਾਲ ਖੜ੍ਹੇ ਕਰ ਰਹੇ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਯਾਦ ਕਰਵਾਇਆ ਕਿ ਇਨ੍ਹਾਂ ਮਹਾਨ ਕੌਮੀ ਨਾਇਕਾਂ ਤੇ ਸ਼ਹੀਦਾਂ ਨੇ ਦੇਸ਼ ਨੂੰ ਬਰਤਾਨਵੀ ਸ਼ਾਸਨ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਵਾਉਣ ਲਈ ਕਿਵੇਂ ਲੰਮੀ ਜਦੋ-ਜਹਿਦ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਵੱਲੋਂ ਪਾਏ ਯੋਗਦਾਨ ਉਤੇ ਸਵਾਲ ਚੁੱਕਣਾ ਇਕ ਘਿਨਾਉਣਾ ਤੇ ਨਾ ਮੁਆਫ਼ੀਯੋਗ ਅਪਰਾਧ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਸੂਬਾ ਸਰਕਾਰ ਪਹਿਲੇ ਦਿਨ ਤੋਂ ਹੀ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਾਡਾ ਰਾਹ ਕੰਡਿਆਂ ਨਾਲ ਭਰਿਆ ਹੋਇਆ ਹੈ ਪਰ ਸੂਬਾ ਸਰਕਾਰ ਦੇ ਇਰਾਦੇ ਨੇਕ ਅਤੇ ਦ੍ਰਿੜ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਟੀਚਿਆਂ ਦੀ ਪ੍ਰਾਪਤੀ ਲਈ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ: ਬੀ.ਆਰ.ਅੰਬੇਦਕਰ ਦੇ ਆਦਰਸ਼ਾਂ `ਤੇ ਚੱਲਦਿਆਂ ਲੋ ਕਾਂ ਦੇ ਸਹਿਯੋਗ ਨਾਲ ਅੱਗੇ ਵਧ ਰਹੀ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਅੱਜ 75ਵੇਂ ਆਜ਼ਾਦੀ ਦਿਵਸ ਮੌਕੇ 75 ਆਮ ਆਦਮੀ ਕਲੀਨਿਕਾਂ ਨੂੰ ਸਮਰਪਿਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ 100 ਦੇ ਕਰੀਬ ਕਲੀਨਿਕਲ ਟੈਸਟਾਂ ਦੇ ਨਾਲ 41 ਸਿਹਤ ਪੈਕੇਜ ਮੁਫਤ ਪ੍ਰਦਾਨ ਕਰਨਗੇ। ਭਗਵੰਤ ਮਾਨ ਨੇ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਲਈ ਮੀਲ ਪੱਥਰ ਸਾਬਤ ਹੋਣਗੇ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੇ ਵਿਦੇਸ਼ਾਂ ਵਿਚ ਜਾਣ ਦੇ ਰੁਝਾਨ ਨੂੰ ਮੋੜਨ ਲਈ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਸੂਬਾ ਸਰਕਾਰ ਨੇ ਬਹੁ-ਪੱਖੀ ਪਹੁੰਚ ਅਪਣਾਈ ਹੈ ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਤਬਦੀਲ ਕਰਨਾ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਦੌਰਾਨ ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਬਣਨਗੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜ ਦੇ ਸਾਰੇ ਵਰਗਾਂ ਨੂੰ ਹਰੇਕ ਬਿੱਲ ਉਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਲਈ ਇੱਕ ਵੱਡੀ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਸਤੰਬਰ ਮਹੀਨੇ ਵਿੱਚ ਕੁੱਲ 74 ਲੱਖ ਵਿੱਚੋਂ 51 ਲੱਖ ਪਰਿਵਾਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਮਿਲੇਗਾ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਅਗਲੇ ਜਨਵਰੀ ਮਹੀਨੇ ਵਿੱਚ 68 ਲੱਖ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆਵੇਗਾ, ਜੋ ਕਿ ਸੂਬੇ ਦੇ ਕੁੱਲ ਘਰਾਂ ਦਾ ਲਗਭਗ 90 ਫੀਸਦੀ ਹੋਵੇਗਾ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਮੱਤੇਵਾੜਾ ਵਿਖੇ ਟੈਕਸਟਾਈਲ ਪਾਰਕ ਬਣਨ ਦੀ ਇਜਾਜ਼ਤ ਨਹੀਂ ਦੇਵੇਗੀ ਜਿਸ ਨੂੰ ਲੁਧਿਆਣਾ ਦੇ ਫੇਫੜੇ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਨੂੰ ਪ੍ਰਾਜੈਕਟ ਲਈ ਬਦਲਵੀਂ ਜ਼ਮੀਨ ਦੀ ਪੇਸ਼ਕਸ਼ ਪਹਿਲਾਂ ਹੀ ਕਰ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਅਤੇ ਸੂਬੇ ਦੇ ਪੁਲੀਸ ਮੁਖੀ ਗੌਰਵ ਯਾਦਵ ਦੇ ਨਾਲ ਪਰੇਡ ਕਮਾਂਡਰ ਏ.ਐਸ.ਪੀ ਮਨਿੰਦਰ ਸਿੰਘ, ਆਈ.ਪੀ.ਐਸ. ਦੀ ਅਗਵਾਈ ਹੇਠ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡਜ਼, ਪੰਜਾਬ ਆਰਮਡ ਪੁਲੀਸ, ਐਨ.ਸੀ.ਸੀ. (ਲੜਕੀਆਂ ਤੇ ਲੜਕੇ), ਭਾਰਤ ਸਕਾਊਟਸ ਅਤੇ ਗਾਈਡਜ਼ ਤੋਂ ਇਲਾਵਾ ਪੰਜਾਬ ਪੁਲਿਸ ਦੇ ਬਰਾਸ ਬੈਂਡ ਅਤੇ ਸਕੂਲੀ ਬੈਂਡਾਂ ਦੀਆਂ 11 ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਗਰੁੱਪ ਡਾਂਸ, ਪੀ.ਟੀ. ਸ਼ੋਅ ਅਤੇ ਸਮੂਹ ਗਾਇਨ ਸਮੇਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਜੀਤ ਕੌਰ ਮਾਣੂੰਕੇ, ਰਾਜਿੰਦਰ ਪਾਲ ਕੌਰ ਛੀਨਾ, ਦਲਜੀਤ ਸਿੰਘ ਗਰੇਵਾਲ, ਮਦਨ ਲਾਲ ਬੱਗਾ, ਗੁਰਪ੍ਰੀਤ ਬੱਸੀ ਗੋਗੀ, ਜੀਵਨ ਸਿੰਘ ਸੰਗੋਵਾਲ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਹਰਦੀਪ ਸਿੰਘ ਮੁੰਡੀਆਂ, ਜਗਤਾਰ ਸਿੰਘ ਦਿਆਲਪੁਰਾ, ਮਨਵਿੰਦਰ ਸਿੰਘ ਗਿਆਸਪੁਰਾ ਤੇ ਹਾਕਮ ਸਿੰਘ ਠੇਕੇਦਾਰ (ਸਾਰੇ ਵਿਧਾਇਕ), ਵਧੀਕ ਮੁੱਖ ਸਕੱਤਰ (ਮੁੱਖ ਮੰਤਰੀ) ਏ ਵੇਨੂੰ ਪ੍ਰਸਾਦ, ਮੇਅਰ ਬਲਕਾਰ ਸਿੰਘ ਸੰਧੂ, ਜ਼ਿਲਾ ਅਤੇ ਸੈਸ਼ਨ ਮੁਨੀਸ਼ ਬਾਂਸਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਕਮਿਸ਼ਨਰ ਆਫ ਪੁਲਿਸ ਡਾ ਕੌਸਤੁਭ ਸ਼ਰਮਾ, ਡਾ ਕੇ ਐਨ ਐਸ ਕੰਗ, ਸੁਰੇਸ਼ ਗੋਇਲ, ਹਰਭੁਪਿੰਦਰ ਸਿੰਘ ਧਰੌੜ, ਜੱਸੀ ਖੰਗੂੜਾ, ਸ਼ਰਨਪਾਲ ਸਿੰਘ ਮੱਕੜ ਤੇ ਅਮਨਦੀਪ ਸਿੰਘ ਮੋਹੀ ਆਦਿ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com