Friday, May 9

ਮੁੱਖ ਮੰਤਰੀ ਨੇ ਵੱਡੀ ਚੋਣ ਗਾਰੰਟੀ ਪੂਰੀ ਕੀਤੀ, ਸਿਹਤ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਚੁੱਕਿਆ

  • 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਅੱਗੇ ਵੀ ਇਹ ਸਿਲਸਿਲਾ ਨਿਰੰਤਰ ਜਾਰੀ ਰਹੇਗਾ

ਲੁਧਿਆਣਾ, (ਸੰਜੇ ਮਿੰਕਾ) ਲੋਕਾਂ ਨੂੰ ਮਿਆਰੀ ਸੇਵਾਵਾਂ ਮੁਫ਼ਤ ਮੁਹੱਈਆ ਕਰਨ ਲਈ ਇਕ ਹੋਰ ਚੋਣ ਗਾਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਚਾਂਦ ਸਿਨੇਮਾ ਨੇੜੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਿਪਤ ਕੀਤਾ। ਮੁੱਖ ਮੰਤਰੀ ਨੇ ਇਹ ਕਲੀਨਿਕ ਲੋਕਾਂ ਨੂੰ ਸਮਰਿਪਤ ਕਰਦੇ ਹੋਏ ਕਿਹਾ, “ਇਸ ਇਤਿਹਾਸਕ ਦਿਹਾੜੇ ਮੌਕੇ ਆਮ ਆਦਮੀ ਦੀ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਲੋਕਾਂ ਦੀ ਪਹੁੰਚ ਵਿਚ ਯਕੀਨੀ ਬਣਾਉਣ ਲਈ ਇਹ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਸੂਬੇ ਵਿਚ ਹਰ ਪਾਸੇ ਖੋਲ੍ਹੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਵੱਡੇ ਪਿੰਡਾਂ ਵਿਚ ਅਜਿਹੇ ਦੋ-ਦੋ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਅਜਿਹੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਹ ਕਲੀਨਿਕ ਸੂਬਾ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਇਲਾਜ ਅਤੇ ਬਿਮਾਰੀਆਂ ਦਾ ਪਤਾ ਲਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰਾਂ ਸਣੇ ਸਟਾਫ਼ ਦੇ 4-5 ਵਿਅਕਤੀ ਹੋਣਗੇ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟਾਂ ਨਾਲ 41 ਪੈਕੇਜ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਨਾਲ ਉਨ੍ਹਾਂ ਦੀ ਸਰਕਾਰ ਨੇ ਆਪਣੀ ਇਕ ਹੋਰ ਵੱਡੀ ਚੋਣ ਗਾਰੰਟੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ 90 ਫੀਸਦੀ ਮਰੀਜ਼ਾਂ ਨੂੰ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ ਜਿਸ ਨਾਲ ਹਸਪਤਾਲਾਂ ਵਿਚ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਸਿਰਫ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਹਸਪਤਾਲਾਂ ਵਿਚ ਰੈਫਰ ਕੀਤਾ ਜਾਇਆ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰ ਕੇ ਇਹ ਕ੍ਰਾਂਤੀਕਾਰੀ ਕਦਮ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਪੂਰੀ ਤਰ੍ਹਾਂ ਸੁਧਾਰ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਲਈ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਮੁਹੱਈਆ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਦਵਾਈਆਂ ਤੇ ਬਿਮਾਰੀਆਂ ਦੇ ਟੈਸਟਾਂ ਦੀ ਸਹੂਲਤ ਮੁਫ਼ਤ ਵਿੱਚ ਮੁਹੱਈਆ ਕਰਨਗੇ। ਭਗਵੰਤ ਮਾਨ ਨੇ ਦੱਸਿਆ ਕਿ 2140 ਉਚ ਸਿੱਖਿਆ ਪ੍ਰਾਪਤ ਡਾਕਟਰਾਂ ਨੇ  ਇਨ੍ਹਾਂ ਅਸਾਮੀਆਂ ਲਈ ਅਪਲਾਈ ਕੀਤਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸਿਹਤ ਤੇ ਸਿੱਖਿਆ ਖੇਤਰ ਸੂਬਾ ਸਰਕਾਰ ਦੀ ਮੁੱਖ ਤਰਜੀਹ ਹਨ। ਉਨ੍ਹਾਂ ਦੱਸਿਆ ਕਿ ਸੂਬਾ ਭਰ ਦੇ ਸਰਕਾਰੀ ਸਿਵਲ ਹਸਪਤਾਲਾਂ ਵਿੱਚ ਵੀ ਆਗਾਮੀ ਦਿਨਾਂ ਵਿੱਚ ਸੁਧਾਰ ਕੀਤਾ ਜਾਵੇਗਾ ਤਾਂ ਜੋ ਉਹ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਹੋਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਦਨ ਲਾਲ ਬੱਗਾ, ਦਲਜੀਤ ਸਿੰਘ ਗਰੇਵਾਲ, ਜੀਵਨ ਸਿੰਘ ਸੰਗੋਵਾਲ, ਕੁਲਵੰਤ ਸਿੰਘ ਸਿੱਧੂ, ਹਰਦੀਪ ਸਿੰਘ ਮੁੰਡੀਆਂ, ਮਨਵਿੰਦਰ ਸਿੰਘ ਗਿਆਸਪੁਰਾ (ਸਾਰੇ ਵਿਧਾਇਕ), ਵਧੀਕ ਮੁੱਖ ਸਕੱਤਰ (ਮੁੱਖ ਮੰਤਰੀ) ਏ ਵੇਨੂੰ ਪ੍ਰਸਾਦ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਕਮਿਸ਼ਨਰ ਆਫ ਪੁਲਿਸ ਡਾ ਕੌਸਤੁਭ ਸ਼ਰਮਾ ਆਦਿ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com