Wednesday, March 12

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਡੇਗੂ, ਮਲੇਰੀਆ ਅਤੇ ਚਿਕਨਗੁਨੀਆ ਬੀਮਾਰੀਆਂ ਦੀ ਰੋਕਥਾਮ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

  • ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ
  • ਡੇਂਗੂ ਸੰਭਾਵਿਤ 31 ਹਾਟ ਸਪਾਟ ਕੀਤੇ ਚਿੰਨਹਿਤ, ਰੋਕਥਾਮ ਲਈ 18 ਟੀਮਾਂ ਦਾ ਵੀ ਕੀਤਾ ਗਠਨ – ਸਿਵਲ ਸਰਜਨ ਡਾ. ਹਤਿੰਦਰ ਕੌਰ

ਲੁਧਿਆਣਾ, (ਸੰਜੇ ਮਿੰਕਾ) ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਡੇਂਗੂ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਜਿਸ ਸਬੰਧੀ ਸਿਹਤ ਵਿਭਾਗ, ਨਗਰ ਨਿਗਮ, ਜਨ ਸਿਹਤ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਆਦਿ ਫੈਲਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ ਲੋੜੀਦੇ ਕਦਮ ਚੁੱਕਣ ‘ਤੇ ਜ਼ੋਰ ਦਿੱਤਾ। ਸ੍ਰੀਮਤੀ ਸੁਰਭੀ ਮਲਿਕ ਅੱਜ ਸਥਾਨਕ ਬੱਚਤ ਭਵਨ ਵਿਖੇ ਡੇਗੂ, ਮਲੇਰੀਆ ਅਤੇ ਚਿਕਨਗੁਨੀਆ ਬੀਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਉਹਨਾਂ ਨਾਲ ਸਿਵਲ ਸਰਜਨ ਲੁਧਿਆਣਾ ਡਾ. ਹਤਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਵਲੋਂ ਨੈਸ਼ਨਲ ਵੈਕਟਰ ਬੋਰਨ ਬੀਮਾਰੀਆਂ ਜਿੰਨਾਂ ਵਿਚ ਡੇਗੂ, ਮਲੇਰੀਆ ਅਤੇ ਚਿਕਨਗੁਨੀਆ ਬੀਮਾਰੀਆਂ ਸ਼ਾਮਲ ਹਨ, ਦੀ ਰੋਕਥਾਮ ਲਈ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਹਨਾ ਅਧਿਕਾਰੀਆਂ ਨੂੰ ਇਹਨਾਂ ਬੀਮਾਰੀਆਂ ਦੀ ਰੋਕਥਾਮ ਅਤੇ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਲੋਕਾਂ ਨੂੰ ਵੱਡੇ ਪੱਧਰ ਤੇ ਜਾਗਰੂਕ ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਲੁਧਿਆਣਾ ਇਕ ਉਦਯੋਗਿਕ ਸ਼ਹਿਰ ਹੈ ਅਤੇ ਇਥੇ ਬਿਮਾਰੀਆਂ ਦੇ ਫੈਲਣ ਦਾ ਖਤਰਾ ਆਮ ਸ਼ਹਿਰਾਂ ਨਾਲੋ ਜਿਆਦਾ ਰਹਿੰਦਾ ਹੈ। ਉਹਨਾ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਘਰਾਂ ਦੇ ਆਸ-ਪਾਸ ਗੰਦਾ ਪਾਣੀ ਖੜਾ ਨਾ ਹੋਣ ਦੇਣ ਅਤੇ ਘਰਾਂ ਦੀਆ ਛੱਤਾਂ ਉਪਰ ਪਾਣੀ ਦੀਆਂ ਟੈਕੀਆਂ, ਘਰਾਂ ਵਿਚ ਪਏ ਕੂਲਰਾਂ ਦੀ ਸਫਾਈ ਅਤੇ ਛੱਤਾਂ ਉਪਰ ਪਏ ਪੁਰਾਣੇ ਬਰਤਨਾਂ ਵਿਚ ਪਾਣੀ ਨਾ ਖੜਾ ਹੋਣ ਦੇਣ। ਉਹਨਾ ਸਿਵਲ ਸਰਜਨ ਨੂੰ ਇਹ ਵੀ ਕਿਹਾ ਕਿ ਉਹ ਡੇਂਗੂ ਸੰਭਾਵਿਤ ਇਲਾਕਿਆਂ, ਸਲੱਮ ਏਰੀਏ, ਗੰਦੇ ਨਾਲੇ ਅਤੇ ਜਿੰਨਾਂ ਥਾਵਾਂ ਤੇ ਪਾਣੀ ਖੜ੍ਹਾ ਰਹਿੰਦਾ ਹੈ, ਉਹਨਾਂ ਥਾਵਾਂ ਤੇ ਦਿਨ ਦੋ ਵਾਰ ਮੱਛਰ ਮਾਰਨ ਵਾਲੀ ਦਵਾਈ ਦਾ ਛਿੜਕਾ ਕਰਵਾਉਣ। ਉਹਨਾ ਸਹਾਇਕ ਸਿਵਲ ਸਰਜਨ ਨੂੰ ਕਿਹਾ ਕਿ ਉਹ ਵੱਖ ਵੱਖ ਬੀਮਾਰੀਆਂ ਦੀ ਰੋਕਥਾਮ ਲਈ ਲੋਕਾਂ ਨੂੰ ਵੱਡੇ ਪੱਧਰ ਤੇ ਜਾਗਰੂਕ ਕਰਨ ਲਈ ਪਿੰਡਾਂ ਵਿਚ ਕੈਪ ਲਗਾਉਣ ਅਤੇ ਕਲੋਰੀਨ ਦੀਆਂ ਗੋਲੀਆਂ ਵੀ ਵੰਡਣ। ਉਹਨਾ ਇਹ ਵੀ ਕਿਹਾ ਕਿ ਸੀਵਰੇਜ਼ ਅਤੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਦੀ ਲੀਕੇਜ਼ ਚੈਕ ਕਰਵਾ ਕੇ ਤੁਰੰਤ ਬੰਦ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿਚ ਜੇ ਕਿਧਰੇ ਕੋਈ ਖੜ੍ਹਾ ਪਾਣੀ ਮਿਲਦਾ ਹੈ ਤਾਂ ਉਸ ਪਾਣੀ ਵਿਚ ਡੀਜਲ ਦਾ ਛਿੜਕਾਓ ਕੀਤਾ ਜਾਵੇ ਤਾ ਕਿ ਮੱਛਰ ਪੈਦਾ ਨਾ ਹੋ ਸਕੇ। ਉਹਨਾ ਜ਼ਿਲਾ ਸਿੱਖਿਆ ਅਫਸਰਾਂ ਨੂੰ ਕਿਹਾ ਕਿ ਉਹ ਬੱਚਿਆਂ ਅਤੇ ਸਕੂਲੀ ਸਟਾਫ ਨੂੰ ਪੂਰੀਆਂ ਬਾਹਵਾਂ ਵਾਲੇ ਕਪੜੇ ਪਹਿਨਣ ਸਬੰਧੀ ਹਦਾਇਤਾਂ ਜਾਰੀ ਕਰਨ। ਇਸ ਤੋਂ ਇਲਾਵਾ ਸਕੂਲਾਂ ਵਿਚ ਸਵੇਰ ਦੀ ਪ੍ਰਾਰਥਨਾ ਸਮੇ ਬੱਚਿਆਂ ਨੂੰ ਇਹਨਾਂ ਬੀਮਾਰੀਆਂ ਦੀ ਰੋਕਥਾਮ ਅਤੇ ਬਚਾਅ ਲਈ ਜਰੂਰੀ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕਰਨ ਅਤੇ ਬੱਚਿਆਂ ਨੂੰ ਇਸ ਸਬੰਧੀ ਪੈਫਲਿਟ ਵੰਡਣ ਨੂੰ ਯਕੀਨੀ ਬਣਾਉਣ। ਉਹਨਾ ਜਿਲੇ ਦੇ ਸਾਰੇ ਸਰਕਾਰੀ ਦਫਤਰਾਂ ਦੇ ਮੁਖੀਆਂ ਨੂੰ ਕਿਹਾ ਕਿ ਉਹ ਆਪੋ ਆਪਣੇ ਦਫਤਰਾਂ ਵਿਚ ਸਫਾਈ ਨੂੰ ਯਕੀਨੀ ਬਣਾਉਣ ਤਾਂ ਜਂੋ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ। ਉਹਨਾ ਕਿਹਾ ਕਿ ਇਸ ਕੰਮ ਵਿਚ ਕੁਤਾਹੀ ਨਾ ਵਰਤੀ ਜਾਵੇ। ਕੂਲਰਾਂ ਦੇ ਪੁਰਾਣੇ ਪੈਡ ਬਦਲੇ ਜਾਣ। ਸ੍ਰੀਮਤੀ ਸੁਰਭੀ ਮਲਿਕ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਘਰਾਂ, ਦਫ਼ਤਰਾਂ ਜਾਂ ਕਿਸੇ ਵੀ ਜਗ੍ਹਾ ਤੇ ਜਿੱਥੇ ਕੂਲਰ, ਡੱਬੇ, ਬਰਤਨ, ਛੱਤ ਆਦਿ ਦੀ ਸਫਾਈ ਕਰਕੇ ਸ਼ੁੱਕਰਵਾਰ ਨੂੰ ਡਰਾਈ ਡੇਅ ਵੱਜੋਂ ਮਨਾਉਣ। ਉਹਨਾਂ ਕਿਹਾ ਕਿ ਮੱਛਰਾਂ ਦੇ ਪ੍ਰਜਨਨ ਚੱਕਰ ਨੂੰ ਤੋੜਨ ਦਾ ਇਹ ਸਭ ਤੋਂ ਉੱਤਮ ਢੰਗ ਹੈ, ਜੋ ਸਿਰਫ ਇੱਕ ਹਫ਼ਤੇ ਅੰਦਰ ਇੱਕ ਅੰਡੇ ਤੋਂ ਪੂਰਾ ਅਡਲਟ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਸਿਵਲ ਸਰਜਨ ਡਾ. ਹਤਿੰਦਰ ਕੌਰ ਨੇ ਦੱਸਿਆ ਮੌਜੂਦਾ ਸਮੇਂ ਡੇਂਗੂ ਦੇ ਮਾਮਲਿਆ ਵਿੱਚ ਵਾਧਾ ਹੋ ਰਿਹਾ ਹੈ ਅਤੇ 31 ਦੇ ਕਰੀਬ ਸੰਭਾਵਿਤ ਡੇਂਗੂ ਪ੍ਰਭਾਵਿਤ ਏਰੀਏ ਚਿੰਨਹਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਵੱਖ-ਵੱਖ 18 ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ ਅਤੇ ਸ਼ਹਿਰ ਵਿੱਚ ਵੱਖ-ਵੱਖ ਸੰਭਾਵਿਤ ਖੇਤਰਾਂ ਵਿੱਚ ਫੋਗਿੰਗ ਵੀ ਕੀਤੀ ਜਾ ਰਹੀ ਹੈ। ਸਿਵਲ ਸਰਜਨ ਡਾ. ਹਤਿੰਦਰ ਕੌਰ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਆਕਤੀ ਨੇ ਡੇਂਗੂ ਟੈਸਟ ਕਰਵਾਉਣਾ ਹੋਵੇ ਤਾਂ ਉਹ ਇਹ ਡੇਂਗੂ ਦੇ ਫ਼ਰੀ ਟੈਸਟ ਸਿਵਲ ਹਸਪਤਾਲ ਲੁਧਿਅਣਾ, ਖੰਨਾ ਅਤੇ ਜਗਰਾਓ ਵਿਖੇ ਜਾ ਕੇ ਕਰਵਾ ਸਕਦਾ ਹੈ।

About Author

Leave A Reply

WP2Social Auto Publish Powered By : XYZScripts.com