- ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਕਮੇਟੀਆਂ ਗਠਨ ਕਰਨ ਦੇ ਵੀ ਦਿੱਤੇ ਨਿਰਦੇਸ਼
- ਗੁਰੂ ਨਾਨਕ ਸਟੇਡੀਅਮ ‘ਚ ਹੋਣ ਵਾਲੇ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ
ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 17 ਨਵੰਬਰ ਨੂੰ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸਮਾਪਤੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਸਮਾਗਮ ਦੀ ਪ੍ਰਧਾਨਗੀ ਕਰਨਗੇ ਅਤੇ ਖਿਡਾਰੀਆਂ ਨੂੰ ਸਨਮਾਨਿਤ ਕਰਨਗੇ। ਡਿਪਟੀ ਕਮਿਸ਼ਨਰ ਵਲੋਂ ਵਧੀਕ ਡਿਪਟੀ ਕਮਿਸ਼ਨਰਾਂ ਸ੍ਰੀ ਅਮਿਤ ਕੁਮਾਰ ਪੰਚਾਲ, ਸ੍ਰੀ ਰਾਹੁਲ ਚਾਬਾ, ਸ੍ਰੀ ਅਮਰਜੀਤ ਬੈਂਸ ਅਤੇ ਸ੍ਰੀਮਤੀ ਅਨੀਤਾ ਦਰਸ਼ੀ ਸਮੇਤ ਵੱਖ-ਵੱਖ ਅਧਿਕਾਰੀਆਂ ਨਾਲ ਸਟੇਡੀਅਮ ਵਿਖੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕਰਦੇ ਹੋਏ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਮੈਗਾ ਸਮਾਪਤੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਲੋਕਾਂ ਦੇ ਬੈਠਣ ਲਈ, ਵਾਹਨਾਂ ਦੀ ਪਾਰਕਿੰਗ, ਮੈਡੀਕਲ ਅਤੇ ਫਾਇਰ ਫਾਈਟਿੰਗ ਟੀਮਾਂ ਦੀ ਤਾਇਨਾਤੀ, ਸੁਰੱਖਿਆ ਅਤੇ ਹੋਰਾਂ ਸਬੰਧੀ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਦੀ ਪੂਰੀ ਯੋਜਨਾਬੰਦੀ ਕੀਤੀ ਜਾਵੇ। ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਟ੍ਰੈਫਿਕ ਡਾਇਵਰਸ਼ਨ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ, ਮੈਡੀਕਲ ਅਤੇ ਹੋਰ ਸਹੂਲਤਾਂ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਪਤਵੰਤੇ, ਵਿਦਿਆਰਥੀਆਂ, ਆਮ ਲੋਕਾਂ ਆਦਿ ਨੂੰ ਸਮਾਗਮ ਵਿੱਚ ਸ਼ਮੂਲੀਅਤ ਦੌਰਾਨ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਸਮੂਹ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ।