
- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪ੍ਰੋਗਰਾਮ ਦੌਰਾਨ ਪਰਵਾਸੀ ਪੰਜਾਬੀ ਭਰਾਵਾਂ ਨਾਲ ਕਰਨਗੇ ਮੁਲਾਕਾਤ
- ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲੁਧਿਆਣਾ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਰਹਿਣਗੇ ਮੌਜੂਦ
- ਡਿਪਟੀ ਕਮਿਸ਼ਨਰ ਵਲੋਂ ਪ੍ਰਵਾਸੀ ਭਾਰਤੀਆਂ ਨੂੰ ਰਜਿਸਟ੍ਰੇਸ਼ਨ ਲਈ https://eservices.punjab.gov.in/ ਪੋਰਟਲ ਦੀ ਵਰਤੋਂ ਕਰਨ ਦੀ ਅਪੀਲ
ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 23 ਦਸੰਬਰ ਨ{ੰ ਸਥਾਨਕ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਨੀ’ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸ੍ਰੀਮਤੀ ਮਲਿਕ ਨੇ ਦੱਸਿਆ ਕਿ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨਿੱਜੀ ਤੌਰ ‘ਤੇ ਪ੍ਰਵਾਸੀ ਪੰਜਾਬੀਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਸੁਣਨਗੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਅਤੇ ਹੋਰ ਸੀਨੀਅਰ ਅਧਿਕਾਰੀ ਪ੍ਰਵਾਸੀ ਭਾਰਤੀਆਂ ਵੱਲੋਂ ਦਰਜ ਸ਼ਿਕਾਇਤਾਂ ਦੇ ਮੌਕੇ ‘ਤੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਵੀ ਸਮਾਗਮ ਵਿੱਚ ਹਾਜ਼ਰ ਰਹਿਣਗੇ। ਡਿਪਟੀ ਕਮਿਸ਼ਨਰ ਨੇ ਪ੍ਰਵਾਸੀ ਭਾਰਤੀਆਂ ਨੂੰ ਇਸ ਸਮਾਗਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਉਹ https://eservices.punjab.gov.in ਪੋਰਟਲ ਦੀ ਵਰਤੋਂ ਕਰਕੇ ਆਨਲਾਈਨ ਮੋਡ ਰਾਹੀਂ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਇਸ ਤੋਂ ਇਲਾਵਾ ਸਥਾਨਕ ਗੁਰੂ ਨਾਨਕ ਭਵਨ ਵਿਖੇ 23 ਦਸੰਬਰ ਨੂੰ ਸਮਾਗਮ ਵਾਲੀ ਥਾਂ ‘ਤੇ ਰਜਿਸਟ੍ਰੇਸ਼ਨ ਕਾਊਂਟਰ ਵੀ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਭਾਰਤੀਆਂ ਦੀ ਰਜਿਸਟ੍ਰੇਸ਼ਨ ਸਵੇਰੇ 10 ਵਜੇ ਹੋਵੇਗੀ। ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖਤਾ ਪ੍ਰਬੰਧ ਕੀਤੇ ਜਾਣ।