Saturday, May 18

ਜ਼ਿਲ੍ਹਾ ਲੁਧਿਆਣਾ ਦੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ 2652310 ਹੋਈ

  • ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਸੀ ਪਾਰਟੀਆਂ ਨੂੰ ਸੌਂਪੀਆਂ ਫੋਟੋ ਵੋਟਰ ਸੂਚੀਆਂ

ਲੁਧਿਆਣਾ, (ਸੰਜੇ ਮਿੰਕਾ) – ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2023 ਦੇ ਅਧਾਰ ‘ਤੇ, ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਲੁਧਿਆਣਾ ਦੇ ਸਮੂਹ 14 ਵਿਧਾਨ ਸਭਾ ਹਲਕਿਆਂ ਵਿਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਰਾਹੀਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨੂੰ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀਆਂ ਦਾ ਇੱਕ-ਇੱਕ ਸੈੱਟ (ਹਾਰਡ ਕਾਪੀ) ਅਤੇ ਇੱਕ-ਇੱਕ ਸੀ.ਡੀ. (ਸਾਫਟ ਕਾਪੀ ਬਿਨਾ ਫੋਟੋ ਵਾਲੀ ) ਦਿੱਤੀ ਗਈ ਹੈ। ਇਸ ਸਬੰਧੀ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਹੁਣ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 2652310 ਵੋਟਰ ਦਰਜ ਕੀਤੇ ਗਏ ਹਨ। ਇਹਨਾਂ ਵਿੱਚ 1416192 ਮਰਦ, 1235987 ਔਰਤ ਵੋਟਰ ਅਤੇ ਤੀਜੇ ਲਿੰਗ ਵਾਲੇ 131 ਵੋਟਰ ਸ਼ਾਮਿਲ ਹਨ। ਇਸ ਵਾਰ ਪੋਲਿੰਗ ਸਟੇਸ਼ਨਾਂ ਦੀ ਗਿਣਤੀ 2952 ਹੈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਗਿਆ ਕਿ ਉਹ ਵੋਟਰ ਸੂਚੀਆਂ ਦੀ ਫਾਈਨਲ ਪ੍ਰਕਾਸ਼ਨਾ ਤੋਂ ਬਾਅਦ ਪ੍ਰਾਪਤ ਵੋਟਰ ਸੂਚੀ ਵਿਚ ਸ਼ਾਮਲ ਨਾਵਾਂ ਦੀ ਸਮੀਖਿਆ ਆਪਣੇ ਪੱਧਰ ‘ਤੇ ਕਰ ਲਈ ਜਾਵੇ ਤਾਂ ਜੋ ਕਿਸੇ ਸੰਭਾਵੀ ਉਮੀਦਵਾਰ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਹੋਣ ਤੋਂ ਵਾਂਝਾ ਨਾ ਰਹਿ ਗਿਆ ਹੋਵੇ। ਉਨ੍ਹਾਂ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਪਾਸੋਂ ਆਸ ਪ੍ਰਗਟਾਈ ਕਿ ਉਹ ਭਾਰਤ ਚੋਣ ਕਮਿਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਵਿੱਚ ਆਪਣਾ ਸਹਿਯੋਗ ਕਰਨਗੀਆਂ। ਉਹਨਾਂ ਕਿਹਾ ਕਿ ਜਿਨ੍ਹਾਂ ਨਾਗਰਿਕਾਂ ਦੀ ਉਮਰ ਮਿਤੀ 01 ਜਨਵਰੀ, 2023 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨਾਂ ਦੀ ਵੋਟ ਨਹੀਂ ਬਣੀ, ਉਹ ਆਪਣੀ ਵੋਟ ਬਣਾਉਣ ਜਾਂ ਦਰੁਸਤੀ ਕਰਾਉਣ ਲਈ ਹਾਲੇ ਵੀ ਕੰਮ-ਕਾਜ ਵਾਲੇ ਦਿਨ ਆਪਣੇ ਸਬੰਧਤ ਚੋਣਕਾਰ ਅਫਸਰ ਜਾਂ ਬੀ ਐਲ ਓ ਕੋਲ ਫਾਰਮ ਭਰ ਕੇ ਦੇ ਸਕਦੇ ਹਨ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ ‘ਤੇ ਜਾ ਕੇ ਆਨਲਾਈਨ ਫਾਰਮ ਵੀ ਭਰਿਆ ਜਾ ਸਕਦਾ ਹੈ। ਜੇਕਰ ਫਿਰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਆਉਂਦੀ ਹੈ ਤਾਂ ਟੋਲ ਫ੍ਰੀ ਨੰਬਰ 1950 ‘ਤੇ ਫੋਨ ਕਰਕੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਜੇਕਰ ਕਿਸੇ ਵੀ ਵੋਟਰ ਨੂੰ ਆਪਣੇ ਵੋਟਰ ਕਾਰਡ ਵਿੱਚ ਕੋਈ ਵੀ ਦਰੁਸਤੀ ਕਰਵਾਉਣੀ ਹੈ ਜਾਂ ਆਪਣੀ ਵੋਟ ਕਟਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦੇ ਹਨ। ਇਸ ਮੌਕੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਅਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com