Wednesday, March 12

ਡਿਪਟੀ ਕਮਿਸ਼ਨਰ ਵਲੋਂ ਪ੍ਰਭਾਵਿਤ ਲੋਕਾਂ ਨੂੰ 500 ਸੁੱਕੇ ਰਾਸ਼ਨ ਦੀਆਂ ਕਿੱਟਾਂ, ਸੈਨੇਟਰੀ ਪੈਡ ਤੇ ਤਰਪਾਲਾਂ ਵੰਡੀਆਂ

  • ਚਾਰ ਪਿੰਡਾਂ ‘ਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ
  • ਕਿਹਾ! ਇਸ ਦੁੱਖ ਦੀ ਘੜੀ ‘ਚ ਪ੍ਰਸ਼ਾਸਨ ਲੋਕਾਂ ਨਾਲ ਡਟ ਕੇ ਖੜ੍ਹਾ ਹੈ

ਲੁਧਿਆਣਾ, (ਸੰਜੇ ਮਿੰਕਾ) – ਜ਼ਮੀਨੀ ਪੱਧਰ ‘ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਬ-ਡਵੀਜ਼ਨ ਲੁਧਿਆਣਾ ਪੱਛਮੀ ਵਿੱਚ ਪੈਂਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ, ਸੈਨੇਟਰੀ ਪੈਡ ਅਤੇ ਤਰਪਾਲਾਂ ਵੰਡੀਆਂ। ਡਿਪਟੀ ਕਮਿਸ਼ਨਰ ਮਲਿਕ ਨੇ ਖਹਿਰਾ ਬੇਟ, ਨਿਊ ਖਹਿਰਾ ਬੇਟ, ਆਲੋਵਾਲ, ਭੋਲੇਵਾਲ ਅਤੇ ਆਸ-ਪਾਸ ਦੇ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਭਾਰੀ ਬਰਸਾਤ ਕਾਰਨ ਫਸਲਾਂ, ਘਰਾਂ, ਪਸ਼ੂਆਂ ਅਤੇ ਹੋਰਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਸਰਵੇਖਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੁਦਰਤ ਦੇ ਕਹਿਰ ਤੋਂ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਮਲਿਕ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਪ੍ਰਸ਼ਾਸਨ ਸਥਿਤੀ ‘ਤੇ ਨਿਯਮਤ ਨਜ਼ਰ ਰੱਖ ਕੇ ਉਨ੍ਹਾਂ ਦੀ ਸੇਵਾ ਲਈ ਹਮੇਸ਼ਾ ਤੱਤਪਰ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਚਿੰਤਾ ਨਾ ਕਰਨ ਕਿਉਂਕਿ ਪ੍ਰਸ਼ਾਸਨ ਪਹਿਲਾਂ ਹੀ ਸੁਖਾਵਾਂ ਮਾਹੌਲ ਸਿਰਜਣ ਲਈ ਠੋਸ ਯਤਨ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਵਲੋਂ ਵੰਡੀਆਂ ਗਈਆਂ 500 ਸੁੱਕੇ ਰਾਸ਼ਨ ਦੀਆਂ ਕਿੱਟਾਂ ਵਿੱਚ ਕਣਕ ਦਾ ਆਟਾ, ਖੰਡ, ਚਾਹਪੱਤੀ, ਚੌਲ, ਦਾਲਾਂ, ਸਾਬਣ, ਪੇਸਟ, ਟੂਥਬਰੱਸ਼ ਆਦਿ ਸ਼ਾਮਲ ਸਨ ਅਤੇ ਔਰਤਾਂ ਨੂੰ 200 ਸੈਨੇਟਰੀ ਪੈਡ ਅਤੇ ਤਰਪਾਲਾਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਐਸ.ਡੀ.ਐਮ. ਵੈਸਟ ਡਾ. ਹਰਜਿੰਦਰ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਵੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com