Wednesday, March 12

ਸੂਬੇ ਨੂੰ ਖੇਡਾਂ ਦਾ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ – ਕੈਬਨਿਟ ਮੰਤਰੀ ਬਲਬੀਰ ਸਿੰਘ

  • ਕਿਹਾ! ਸਿਹਤਮੰਦ ਜੀਵਨ ਲਈ ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਲੋੜ
  • ਪੰਜਾਬ ਸੂਬਾ ਸਿਹਤ ਖੇਤਰ ਵਿੱਚ ਕ੍ਰਾਂਤੀ ਦਾ ਗਵਾਹ ਹੈ – ਸਿਹਤ ਮੰਤਰੀ

ਸਮਰਾਲਾ/ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਅਤੇ ਚੋਣਾਂ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਤੋਂ ਸਿਖਰਾਂ ਤੱਕ ਪਹੁੰਚਾਉਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।ਸਥਾਨਕ ਰਿਆਤ ਬੈਡਮਿੰਟਨ ਅਕੈਡਮੀ ਵੱਲੋਂ ਸਮਰਾਲਾ ਵਿਖੇ ਕਰਵਾਈ ਗਈ ਬੈਡਮਿੰਟਨ ਸਬ-ਜੂਨੀਅਰ ਸਟੇਟ ਚੈਂਪੀਅਨਸ਼ਿਪ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਸਾਡੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਪਰ ਸਮੇਂ ਦੀ ਮੰਗ ਅਨੁਸਾਰ ਖਿਡਾਰੀਆਂ ਨੂੰ ਬਿਹਤਰ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੀ ਲੋੜ ਹੈ ਜਿਸ ਨੂੰ ਸੂਬਾ ਸਰਕਾਰ ਵੱਲੋਂ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸੂਬੇ ਵਿੱਚੋਂ ਨਸ਼ਿਆਂ ਅਤੇ ਮੋਬਾਇਲ ਦੀ ਲਤ ਨੂੰ ਵੀ ਖ਼ਤਮ ਕੀਤਾ ਜਾ ਸਕਦਾ ਹੈ। ਸਿਹਤ ਮੰਤਰੀ ਨੇ ਆਮ ਆਦਮੀ ਕਲੀਨਿਕ ਖੋਲ੍ਹਣ, ਮੁਫ਼ਤ ਲੈਬ ਟੈਸਟ ਅਤੇ ਦਵਾਈਆਂ, ਸਰਕਾਰੀ ਹਸਪਤਾਲਾਂ ਦੇ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਸਮੇਤ ਮਾਹਿਰਾਂ, ਡਾਕਟਰਾਂ ਅਤੇ ਪੈਰਾਮੈਡਿਕਸ ਦੀ ਭਰਤੀ ਸਮੇਤ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਪ੍ਰਦੇਸ਼ ਵਿਕਾਸ ਵੱਲ ਬੇਮਿਸਾਲ ਗਤੀ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਹਾਲ ਹੀ ਵਿੱਚ ਆਏ ਹੜ੍ਹਾਂ ਵਿੱਚ ਕੀਤੇ ਬਚਾਅ ਕਾਰਜਾਂ ਵਿੱਚ ਸਰਕਾਰ ਦੇ ਯਤਨਾਂ ਬਾਰੇ ਵੀ ਚਾਨਣਾ ਪਾਇਆ। ਕੈਬਨਿਟ ਮੰਤਰੀ ਵਲੋਂ ਬਾਅਦ ਵਿੱਚ ਜੇਤੂਆਂ ਅਤੇ ਉਪ ਜੇਤੂਆਂ ਨੂੰ ਇਨਾਮ ਵੰਡੇ। ਉਨ੍ਹਾਂ ਰਿਆਤ ਬੈਡਮਿੰਟਨ ਅਕੈਡਮੀ ਵੱਲੋਂ ਕਰਵਾਈ ਚੈਂਪੀਅਨਸ਼ਿਪ ਦੇ ਜੇਤੂ ਨੌਜਵਾਨਾਂ ਵਿੱਚ ਖੇਡ ਨੂੰ ਉਤਸ਼ਾਹਿਤ ਕਰਨ ਲਈ ਵੀ ਸ਼ਲਾਘਾ ਕੀਤੀ। ਉਨ੍ਹਾਂ ਆਪਣੇ ਅਖਤਿਆਰੀ ਫੰਡਾਂ ਵਿੱਚੋਂ ਅਕੈਡਮੀ ਲਈ 5 ਲੱਖ ਰੁਪਏ ਦੇਣ ਤੋਂ ਇਲਾਵਾ ਸਥਾਨਕ ਸਰਕਾਰੀ ਹਸਪਤਾਲ ਵਿੱਚ ਵਾਧੂ ਡਾਕਟਰਾਂ ਦੀ ਤਾਇਨਾਤੀ ਦਾ ਵੀ ਐਲਾਨ ਕੀਤਾ। ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਸਿਵਲ ਸਰਜਨ ਡਾ. ਹਿਤਿੰਦਰ ਕੌਰ, ਐਸ.ਡੀ.ਐਮ. ਕੁਲਦੀਪ ਬਾਵਾ, ਬੀ.ਕੇ.ਯੂ. ਆਗੂ ਬਲਬੀਰ ਸਿੰਘ ਰਾਜੇਵਾਲ ਤੇ ਹੋਰ ਵੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com