Saturday, May 10

15 ਅਗਸਤ, ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਈਸੜੂ ‘ਚ ਰਾਜ ਪੱਧਰੀ ਸਮਾਗਮ

  • ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
  • ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀ ਜਿੰਮੇਵਾਰੀ

ਈਸੜੂ (ਲੁਧਿਆਣਾ), (ਸੰਜੇ ਮਿੰਕਾ) – ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਪਿੰਡ ਈਸੜੂ ਤਹਿਸੀਲ ਖੰਨਾ ਜ਼ਿਲ੍ਹਾ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਰਾਜ ਪੱਧਰੀ ਸਮਾਗਮ ਮੌਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲਗਵਾਉਣਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਵੀ ਸ਼ਹੀਦ ਨੂੰ ਸਰਧਾਂਜਲੀਆਂ ਭੇਟ ਕਰਨਗੀਆਂ। ਵਿਧਾਇਕ ਸੌਂਦ ਵਲੋਂ ਸਪੱਸ਼ਟ ਕੀਤਾ ਗਿਆ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹੀਦੀ ਸਮਾਗਮ ਨੂੰ ਬੜੇ ਹੀ ਸਾਦੇ ਢੰਗ ਨਾਲ ਮਨਾਇਆ ਜਾਣਾ ਹੈ ਅਤੇ ਆਮ ਲੋਕਾਂ ਵਲੋਂ ਟੈਕਸ ਦੇ ਰੂਪ ਵਿੱਚ ਦਿੱਤੇ ਪੈਸੇ ਨੂੰ ਮਿਆਰੀ ਸਿੱਖਿਆ ਅਤੇ ਹੋਰ ਸਾਰਥਕ ਕੰਮਾਂ ‘ਤੇ ਖਰਚ ਕੀਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਸਿਆਸੀ ਰੈਲੀ ਨਹੀਂ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਪੰਜਾਬ ਸੂਬਾ ਹੜ੍ਹਾ ਦੀ ਮਾਰ ਨਾਲ ਜੂਝ ਰਿਹਾ ਹੈ ਅਤੇ ਜਲਦ ਹੀ ਇਸ ਤੋਂ ਪਾਰ ਪਾ ਲਿਆ ਜਾਵੇਗਾ। ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ. ਪਰਮਵੀਰ ਸਿੰਘ ਅਤੇ ਐਸ.ਐਸ.ਪੀ. ਖੰਨਾ ਅਮਨੀਤ ਕੌਂਡਲ ਨੇ ਪਿੰਡ ਈਸੜੂ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ। ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਇਸ ਮੌਕੇ ਕਿਹਾ ਕਿ ਰਾਜ ਪੱਧਰੀ ਸਮਾਗਮ ਦੇ ਆਯੋਜਨ ਲਈ ਪਿੰਡ ਈਸੜੂ ਵਿਖੇ ਸ਼ਮੂਲੀਅਤ ਕਰਨ ਵਾਲੀ ਸੰਗਤ ਦੇ ਬੈਠਣ ਦਾ ਪ੍ਰਬੰਧ ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹੀਦ ਕਰਨੈਲ ਸਿੰਘ ਜੀ ਦੇ ਆਦਮਕੱਦ ਬੁੱਤ ਅਤੇ ਸਮਾਰਕ ਦੀ ਦਿੱਖ ਸਵਾਰਨ ਅਤੇ ਰੰਗ ਰੋਗਨ ਲਈ ਵੀ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਖੰਨਾ ਪੁਲਸ ਵੱਲੋਂ ਕੀਤੇ ਜਾਣਗੇ। ਇਸ ਮੌਕੇ ਹੈਲੀਪੈਡ, ਪਾਰਕਿੰਗ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪੁਲਿਸ ਵਿਭਾਗ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਚਾਲੂ ਰੱਖਣ ਲਈ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਮੀਟਿੰਗ ਦੌਰਾਨ ਡਾਇਰੈਕਟਰ ਖੰਡ ਮਿਲ ਬੁੱਢੇਵਾਲ ਸ. ਹਾਕਮ ਸਿੰਘ ਨਸਰਾਲੀ, ਹਲਕਾ ਕੁਆਰਡੀਨੇਟਰ ਸ. ਜਗਤਾਰ ਸਿੰਘ ਰਤਨਹੇੜੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

About Author

Leave A Reply

WP2Social Auto Publish Powered By : XYZScripts.com