- ਲੁਧਿਆਣਾ ‘ਚ ਹਰਿਆਲੀ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
- ਵਿਧਾਇਕਾਂ ਨੇ ਲੋਕਾਂ ਨੂੰ ਪੰਜਾਬੀ ਵਿਰਸੇ ਨਾਲ ਜੋੜਨ ਦੇ ਇਸ ਉਪਰਾਲੇ ਦੀ ਕੀਤੀ ਸ਼ਲਾਘਾ
ਲੁਧਿਆਣਾ, (ਸੰਜੇ ਮਿੰਕਾ) – ਲੁਧਿਆਣਾ ਦੇ ਐਮਸਨ ਰਿਜ਼ੋਰਟ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿੱਚ ਪੰਜਾਬ ਦੇ ਵਿਰਸੇ ਦੀ ਝਲਕ ਦੇਖਣ ਨੂੰ ਮਿਲੀ। ਇਹ ਪ੍ਰੋਗਰਾਮ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਨੀਤੂ ਵੋਹਰਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਹਲਕਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ, ਹਲਕਾ ਪਾਇਲ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਹਲਕਾ ਸਾਹਨੇਵਾਲ ਤੋਂ ਹਰਦੀਪ ਸਿੰਘ ਮੁੰਡੀਆ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਸਾਨੂੰ ਆਪਣੇ ਸੱਭਿਆਚਾਰ ਨਾਲ ਵੱਧ ਤੋਂ ਵੱਧ ਜੁੜਨ ਦੀ ਲੋੜ ਹੈ ਕਿਉਂਕਿ ਅੱਜ ਦੇ ਦੌਰ ਵਿੱਚ ਨੌਜਵਾਨ ਪੀੜ੍ਹੀ ਆਪਣੇ ਇਤਿਹਾਸ ਅਤੇ ਸੱਭਿਆਚਾਰ ਨੂੰ ਲਗਾਤਾਰ ਭੁੱਲਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਦੇ ਰਹਿੰਦੇ ਹਨ, ਜਿਸ ਕਾਰਨ ਪੁਰਾਤਨ ਸਮੇਂ ਤੋਂ ਚੱਲੇ ਆ ਰਹੇ ਇਹ ਤਿਉਹਾਰ ਅਤੇ ਪਰੰਪਰਾਵਾਂ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤੱਕ ਅੱਗੇ ਵਧਦੀਆਂ ਰਹਿੰਦੀਆਂ ਹਨ। ਇਸੇ ਲਈ ਇਨ੍ਹਾਂ ਤਿਉਹਾਰਾਂ ਅਤੇ ਪਰੰਪਰਾਵਾਂ ਦਾ ਆਪਣਾ ਮਹੱਤਵ ਹੈ। ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਮਨਵਿੰਦਰ ਸਿੰਘ ਗਿਆਸਪੁਰਾ, ਹਰਦੀਪ ਸਿੰਘ ਮੁੰਡੀਆ ਅਤੇ ਸ਼ਰਨਪਾਲ ਸਿੰਘ ਮੱਕੜ ਨੇ ਇਸ ਸਮਾਗਮ ਦੇ ਆਯੋਜਨ ਲਈ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨੀਤੂ ਵੋਹਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਸੱਭਿਆਚਾਰ ਅਤੇ ਪਰੰਪਰਾਵਾਂ ਨਾਲ ਜੋੜੀ ਰੱਖਣ ਲਈ ਇਹ ਸਮਾਗਮ ਲਾਹੇਵੰਦ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੇ ਸਾਰੇ ਰੀਤੀ-ਰਿਵਾਜਾਂ ਨੂੰ ਪੂਰੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਈਏ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਇਸ ਤੋਂ ਵਾਂਝੀਆਂ ਨਾ ਰਹਿ ਸਕਣ। ਪ੍ਰੋਗਰਾਮ ਦੌਰਾਨ ਔਰਤਾਂ ਵੱਲੋਂ ਤੀਜ ਦੀ ਮਹੱਤਤਾ ਨੂੰ ਦਰਸਾਉਂਦੀਆਂ ਕਈ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਔਰਤਾਂ ਵੱਲੋਂ ਤੀਜ ਨਾਲ ਸਬੰਧਤ ਗੀਤ ਅਤੇ ਬੋਲੀਆਂ ਵੀ ਪਾਈਆਂ ਗਈਆਂ। ਇਸ ਮੌਕੇ ਨੀਤੂ ਵੋਹਰਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਹੁੰਦੇ ਰਹਿਣਗੇ।