Wednesday, March 12

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਹਲਕਾ ਪੂਰਬੀ ‘ਚ ਤੀਸਰੇ ਵਾਲੀਬਾਲ ਮਹਾਂਕੁੰਭ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ

  • ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ – ਵਿਧਾਇਕ ਗਰੇਵਾਲ  
  • ਕਿਹਾ ! ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾਣਗੇ ਹਰ ਸੰਭਵ ਉਪਰਾਲੇ
  • ਵਾਲੀਬਾਲ ਮੁਕਾਬਲਿਆਂ ਦੌਰਾਨ ਠਾਠਾਂ ਮਾਰਦੇ ਇੱਕਠ ‘ਚ ਵੇਖਣ ਨੂੰ ਮਿਲਿਆ ਲੋਕਾਂ ਦਾ ਭਾਰੀ ਉਤਸ਼ਾਹ

ਲੁਧਿਆਣਾ, (ਸੰਜੇ ਮਿੰਕਾ) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਜੈਨ ਕਲੋਨੀ, ਨੇੜੇ ਉੱਪਲ ਹਸਪਤਾਲ, ਰਾਹੋਂ ਰੋਡ ਵਿਖੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਵਿੱਚ ਤੀਸਰੇ ਵਾਲੀਬਾਲ ਮਹਾਂਕੁੰਭ ਦਾ ਆਯੋਜਨ ਹੋਇਆ ਜਿੱਥੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਵਾਲੀਬਾਲ ਟੂਰਨਾਮੈਂਟ ਵਿੱਚ ਵੱਖ-ਵੱਖ ਟੀਮਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ ਅਤੇ ਖਿਡਾਰੀਆਂ ਦੇ ਮੁਕਾਬਲੇ ਵੇਖਣ ਲਈ ਵੱਡੀ ਗਿਣਤੀ ਵਿੱਚ ਹਲਕਾ ਪੂਰਬੀ ਤੋਂ ਇਲਾਵਾ ਸ਼ਹਿਰ ਨਿਵਾਸੀਆਂ ਨੇ ਵੀ ਹਿੱਸਾ ਲਿਆ। ਟੂਰਨਾਮੈਂਟ ਮੌਕੇ ਮੁੱਖ ਮਹਿਮਾਨ ਵਜੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦੇ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਅਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੀ ਪਹੁੰਚੇ ਅਤੇ ਪ੍ਰਬੰਧਕਾਂ ਨੂੰ ਇਸ ਕਾਰਜ ਦੀਆਂ ਵਧਾਈਆਂ ਦਿੱਤੀਆਂ। ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਖੇਡਾਂ ਜਿੱਥੇ ਵਿਅਕਤੀ ਦੇ ਚਰਿੱਤਰ ਵਿਕਾਸ ਵਿੱਚ ਮੁੱਖ ਭੂਮਿਕਾ ਨਿਭਾਉਂਦੀਆਂ ਹਨ ਉੱਥੇ ਮਿੱਥੇ ਟੀਚਿਆਂ ਦੀ ਪ੍ਰਾਪਤੀ ਲਈ ਟੀਮ ਭਾਵਨਾ, ਅਨੁਸ਼ਾਸਨ, ਅਗਵਾਈ ਅਤੇ ਸਖ਼ਤ ਮਿਹਨਤ ਕਰਨਾ ਵੀ ਸਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਦੀ ਬਿਹਤਰੀ ਲਈ ਖੇਡਾਂ ਦਾ ਬਜਟ 50 ਕਰੌੜ ਤੋਂ ਵਧਾ ਕੇ 250 ਕਰੋੜ ਕੀਤਾ ਹੈ ਜਿਸ ਵਿੱਚ ਨੌਜਵਾਨਾਂ ਨੂੰ ਖੇਡਾਂ ਦੀ ਤਿਆਰੀ ਲਈ ਵੀ 10-10 ਲੱਖ ਰੁਪਏ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਪੰਜਾਬੀ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਜੋ ਉਨ੍ਹਾਂ ਨੂੰ ਆਪਣੇ ਜੀਵਨ ਨੂੰ ਸਫਲਾ ਬਣਾਉਣ ਵਿੱਚ ਸਹਾਈ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਖੁਸ਼ਹਾਲ ਤੇ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਸਾਕਾਰ ਕਰਨ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਨਵੀਆਂ ਬੁਲੰਦੀਆਂ ਹਾਸਲ ਕੀਤੀਆਂ ਜਾਣ। ਉਨ੍ਹਾਂ ਪ੍ਰਬੰਧਕਾਂ ਅਤੇ ਸਮੂਹ ਹਲਕਾ ਨਿਵਾਸੀਆਂ ਸਫਲ ਵਾਲੀਬਾਲ ਟੂਰਨਾਮੈਂਟ ਦੀ ਵਧਾਈ ਦਿੰਦਿਆਂ ਆਪਣੇ ਅਖਤਿਆਰੀ ਫੰਡਾਂ ਵਿੱਚੋਂ ਖੇਡ ਕਲੱਬ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਵੀ ਪ੍ਰਦਾਨ ਕੀਤੀ।

About Author

Leave A Reply

WP2Social Auto Publish Powered By : XYZScripts.com