Saturday, May 10

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ ‘ਚ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

  • ਕਿਹਾ! ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਘਬਰਾਉਣ ਦੀ ਨਹੀਂ ਕੋਈ ਲੋੜ
  • ਘਬਰਾਹਟ ‘ਚ ਆ ਕੇ ਪੰਪਾਂ ‘ਤੇ ਨਾ ਪਾਈ ਜਾਵੇ ਭੀੜ, ਜਲਦ ਸੁਚਾਰੂ ਸਪਲਾਈ ਯਕੀਨੀ ਬਣਾਈ ਜਾਵੇਗੀ

ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਜਿਸ ਵਿੱਚ ਤੇਲ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਪੁਲਿਸ ਕਮਿਸ਼ਨਰ ਸੌਮਿਆ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ ਗੌਤਮ ਜੈਨ, ਰੁਪਿੰਦਰਪਾਲ ਸਿੰਘ, ਵਧੀਕ ਮੁੱਖ ਪ੍ਰਸ਼ਾਸ਼ਕ, ਗਲਾਡਾ ਅਮਰਜੀਤ ਬੈਂਸ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ। ਉਨ੍ਹਾ ਸਪੱਸ਼ਟ ਕੀਤਾ ਕਿ ਘਬਰਾਹਟ ਵਿੱਚ ਆ ਕੇ ਬਿਨ੍ਹਾਂ ਲੋੜ ਤੋਂ ਤੇਲ ਪੁਆਉਣ ਲਈ ਪੈਟਰੋਲ ਪੰਪਾਂ ‘ਤੇ ਭੀੜ ਨਾ ਪਾਈ ਜਾਵੇ। ਉਨ੍ਹਾ ਅੱਗੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ‘ਤੇ ਤੀਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਲਦ ਸਥਿਤੀ ਕਾਬੂ ਹੇਠ ਹੋਵੇਗੀ। ਡਿਪਟੀ ਕਮਿਸ਼ਨਰ ਵਲੋਂ ਆਪਣੇ ਦਫ਼ਤਰ ਵਿਖੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਸਮੇਤ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਪਨੀਆਂ ਨੂੰ ਅੰਦਰੂਨੀ ਪ੍ਰਬੰਧਾਂ ਰਾਹੀਂ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਟਰਾਂਸਪੋਰਟਰਾਂ ਦੀ ਹੜਤਾਲ ਕਾਰਨ ਪੈਟਰੋਲ-ਡੀਜ਼ਲ ਅਤੇ ਐਲ.ਪੀ.ਜੀ. ਸਪਲਾਈ ਕੀਸੇ ਵੀ ਹੀਲੇ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਨੀਆਂ ਨੂੰ ਪੈਟਰੋਲ ਪੰਪਾਂ ਨੂੰ ਸਪਲਾਈ ਦੀ ਸਹੂਲਤ ਦੇਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਮਸਲੇ ਨੂੰ ਜਲਦ ਹੱਲ ਕਰਨ ਲਈ ਸਮਰੱਥ ਅਧਿਕਾਰੀਆਂ ਅਤੇ ਹੜਤਾਲੀ ਟਰਾਂਸਪੋਰਟਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਪੈਟਰੋਲ ਪੰਪਾਂ ਜਾਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਮ੍ਹਾਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਡੀ.ਐਫ.ਐਸ.ਸੀ. (ਪੂਰਬੀ) ਸਿਫਾਲੀ ਚੋਪੜਾ, ਡੀ.ਐਫ.ਐਸ.ਸੀ. (ਪੱਛਮੀ) ਸੰਜੇ ਸ਼ਰਮਾ ਤੋੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

About Author

Leave A Reply

WP2Social Auto Publish Powered By : XYZScripts.com