Friday, May 9

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਂਗ ਵੋਟਰਾਂ ਨੂੰ ਅਪੀਲ, ਪੋਲਿੰਗ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ ‘ਸਕਸ਼ਮ ਐਪ’ ਦੀ ਵੱਧ ਤੋਂ ਵੱਧ ਕਰਨ ਵਰਤੋਂ

ਲੁਧਿਆਣਾ, (ਸੰਜੇ ਮਿੰਕਾ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕ ਸਭਾ ਚੋਣਾਂ-2024 ਦੌਰਾਨ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜਨ ਨੂੰ ‘ਸਕਸ਼ਮ ਐਪ’ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਐਪ ਦੀ ਵਰਤੋਂ ਕਰਕੇ, ਦਿਵਿਆਂਗ ਵੋਟਰ ਅਤੇ ਸੀਨੀਅਰ ਸਿਟੀਜ਼ਨ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ ਅਤੇ ਪੋਲਿੰਗ ਵਾਲੇ ਦਿਨ ਆਪਣੀ ਸਹੂਲਤ ਲਈ ਵ੍ਹੀਲਚੇਅਰ, ਆਵਾਜਾਈ ਅਤੇ ਵਲੰਟੀਅਰ ਵਰਗੀਆਂ ਸਹੂਲਤਾਂ ਦਾ ਲਾਭ ਲੈ ਸਕਦੇ ਹਨ। ਐਪ ਨੂੰ ਗੂਗਲ ਪਲੇ ਸਟੋਰ ਅਤੇ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਚੋਣਾਂ ਦੌਰਾਨ ਵੱਧ ਤੋਂ ਵੱਧ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗਜਨ ਅਤੇ ਬਜ਼ੁਰਗ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਚੋਣਾਂ ਦੌਰਾਨ ਉਨ੍ਹਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓ) ਨੂੰ ਹਦਾਇਤ ਕੀਤੀ ਕਿ ਉਹ ‘ਸਕਸ਼ਮ ਐਪ’ ਰਾਹੀਂ ਦਿਵਿਆਂਗ ਅਤੇ ਬਜ਼ੁਰਗ ਨਾਗਰਿਕਾਂ ਲਈ ਉਪਲਬਧ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸਹੂਲਤਾਂ ਦਾ ਲਾਭ ਉਠਾ ਸਕਣ। ਦਿਵਿਆਂਗ  ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵਡਮੁੱਲਾ ਯੋਗਦਾਨ ਪਾ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੋਲਿੰਗ ਸਟੇਸ਼ਨਾਂ ‘ਤੇ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਵ੍ਹੀਲਚੇਅਰ, ਰੈਂਪ ਆਦਿ ਦੇ ਪੁਖਤਾ ਪ੍ਰਬੰਧ ਕਰਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

About Author

Leave A Reply

WP2Social Auto Publish Powered By : XYZScripts.com