- ਹੈਲਪਲਾਈਨ ‘ਤੇ 278 ਵੀਡੀਓ ਕਾਲਾਂ ਆਈਆਂ, 24 ਘਰਾਂ ਦਾ ਦੌਰਾ ਕਰਦਿਆਂ 20 ਜਨਤਕ ਮੀਟਿੰਗਾਂ ਵੀ ਕੀਤੀਆਂ
ਲੁਧਿਆਣਾ, (ਸੰਜੇ ਮਿੰਕਾ) – ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰਾਂ ਲਈ ਲੁਧਿਆਣਾ ਪ੍ਰਸ਼ਾਸਨ ਦੀ 18 ਅਪ੍ਰੈਲ ਤੋਂ ਸ਼ੁਰੂ ਹੋਈ ਨਵੀਨਤਕਾਰੀ ਵੀਡੀਓ ਹੈਲਪਲਾਈਨ ਨੰਬਰ 83605-83697 ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਤਹਿਤ ਹੁਣ ਤੱਕ 278 ਵੀਡੀਓ ਕਾਲਾਂ ਪ੍ਰਾਪਤ ਹੋਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਸਮਾਜ ਦੇ ਸਾਰੇ ਵਰਗਾਂ, ਖਾਸ ਤੌਰ ‘ਤੇ ਦਿਵਿਆਂਗ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਵੋਟਰ ਜਾਗਰੂਕਤਾ ਲਈ ਇਸ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਗਈ ਸੀ। ਸਾਹਨੀ ਨੇ ਅੱਗੇ ਦੱਸਿਆ ਕਿ ਵੀਡੀਓ ਹੈਲਪਲਾਈਨ ਨੰਬਰ 83605-83697 ਦੀ ਵਰਤੋਂ ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰਾਂ ਦੁਆਰਾ ਸੰਕੇਤਿਕ ਭਾਸ਼ਾ ਮਾਹਰ ਸੰਤੋਸ਼ ਕੁਮਾਰੀ ਤੋਂ ਚੋਣ/ਵੋਟਿੰਗ ਸਹਾਇਤਾ ਲੈਣ ਲਈ ਕੀਤੀ ਗਈ ਹੈ। ਇਹ ਹੈਲਪਲਾਈਨ ਉਨ੍ਹਾਂ ਨੂੰ ਚੋਣਾਂ, ਵੋਟਿੰਗ ਅਤੇ ਸ਼ਿਕਾਇਤਾਂ ਦਾਇਰ ਕਰਨ ਨਾਲ ਸਬੰਧਤ ਸਵਾਲਾਂ ਨੂੰ ਹੱਲ ਕਰਨ ਲਈ ਸਹਾਈ ਸਿੱਧ ਹੋਈ ਹੈ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ 1 ਜੂਨ ਨੂੰ ਵੋਟਾਂ ਪੈਣ ਵਾਲੇ ਦਿਨ, ਇਨ੍ਹਾਂ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਉਹ ਸਮਾਜ ਦਾ ਅਨਿੱਖੜਵਾਂ ਅੰਗ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਟੀਮਾਂ ਵੱਲੋਂ ਅਜਿਹੇ ਵੋਟਰਾਂ ਨੂੰ ਜਾਗਰੂਕ ਕਰਨ ਲਈ 24 ਘਰਾਂ ਦਾ ਦੌਰਾ ਵੀ ਕੀਤਾ ਗਿਆ ਹੈ ਜਿਨ੍ਹਾਂ ਕੋਲ ਇੰਟਰਨੈੱਟ ਦੀ ਸਹੂਲਤ ਨਹੀਂ ਸੀ ਅਤੇ 1 ਜੂਨ ਨੂੰ ਵੋਟ ਪਾਉਣ ਲਈ ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ 20 ਜਨਤਕ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ।