- ਐਸ.ਐਸ.ਟੀਜ਼ ਨੂੰ ਹਰੇਕ ਵਾਹਨ ਦੀ ਚੈਕਿੰਗ ਯਕੀਨੀ ਬਣਾਉਣ ਦੇ ਨਿਰਦੇਸ਼
ਲੁਧਿਆਣਾ, (ਸੰਜੇ ਮਿੰਕਾ) – ਲੁਧਿਆਣਾ ਸੰਸਦੀ ਹਲਕੇ ਦੇ ਖਰਚਾ ਨਿਗਰਾਨ ਪੰਕਜ ਕੁਮਾਰ ਨੇ ਬੁੱਧਵਾਰ ਨੂੰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਟੈਟਿਕ ਸਰਵੀਲੈਂਸ ਟੀਮਾਂ (ਐਸ.ਐਸ.ਟੀ.) ਵੱਲੋਂ ਦੇਰ ਰਾਤ ਨਾਕਿਆਂ ਦਾ ਨਿਰੀਖਣ ਕੀਤਾ। ਅਰੋੜਾ ਪੈਲੇਸ, ਦਾਣਾ ਮੰਡੀ, ਤਾਜਪੁਰ ਰੋਡ, ਨਿਰਮਲ ਪੈਲੇਸ ਅਤੇ ਕੁਆਲਿਟੀ ਚੌਂਕ ਵਿਖੇ ਲਗਾਏ ਗਏ ਐਸ.ਐਸ.ਟੀ. ਨਾਕਿਆਂ ਦੀ ਜਾਂਚ ਕੀਤੀ ਗਈ। ਖਰਚਾ ਨਿਗਰਾਨ ਪੰਕਜ ਕੁਮਾਰ ਨੇ ਦੱਸਿਆ ਕਿ ਐਸ.ਐਸ.ਟੀਜ਼ ਨੂੰ ਸਾਰੇ ਛੋਟੇ ਅਤੇ ਵੱਡੇ ਵਾਹਨਾਂ ਦੀ ਚੈਕਿੰਗ ਕਰਨ ਦਾ ਕੰਮ ਸੌਂਪਿਆ ਗਿਆ ਹੈ ਤਾਂ ਜੋ ਨਗਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਹੋਰ ਕਿਸੇ ਵੀ ਚੀਜ਼ ਦੀ ਤਸਕਰੀ ‘ਤੇ ਨਜ਼ਰ ਰੱਖੀ ਜਾ ਸਕੇ ਜਿਸ ਦੀ ਵਰਤੋਂ ਵੋਟਰਾਂ ਨੂੰ ਭਰਮਾਉਣ/ਪ੍ਰਭਾਵਿਤ ਕਰਨ ਲਈ ਕੀਤੀ ਜਾ ਸਕਦੀ ਹੈ। ਇਨ੍ਹਾਂ ਟੀਮਾਂ ਦੀ ਅਗਵਾਈ ਕਾਰਜਕਾਰੀ ਮੈਜਿਸਟ੍ਰੇਟ ਸ਼ਕਤੀਆਂ ਵਾਲੇ ਅਧਿਕਾਰੀਆਂ ਦੁਆਰਾ ਕੀਤੀ ਗਈ ਅਤੇ ਰੋਜ਼ਾਨਾ ਆਧਾਰ ‘ਤੇ ਆਪਣੀਆਂ ਗਤੀਵਿਧੀਆਂ ਨੂੰ ਰਿਕਾਰਡ ਕਰਨ ਲਈ ਪੁਲਿਸ ਅਧਿਕਾਰੀ ਅਤੇ ਵੀਡੀਓਗ੍ਰਾਫਰ ਸ਼ਾਮਲ ਸਨ। ਐਸ.ਐਸ.ਟੀਜ਼ ਨੂੰ ਆਬਕਾਰੀ ਅਧਿਕਾਰੀਆਂ, ਸੀ.ਏ.ਪੀ.ਐਫ. ਅਤੇ ਫਲਾਇੰਗ ਸਕੁਐਡ ਟੀਮਾਂ (ਐਫ.ਐਸ.ਟੀ.) ਦੇ ਸਹਿਯੋਗ ਨਾਲ ਚੈਕਿੰਗ ਤੇਜ਼ ਕਰਨ ਲਈ ਕਿਹਾ ਗਿਆ ਸੀ। ਲੁਧਿਆਣਾ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ 9 ਸਟੈਟਿਕ ਸਰਵੇਲੈਂਸ ਟੀਮਾਂ (ਐਸ.ਐਸ.ਟੀ.) ਤਾਇਨਾਤ ਕੀਤੀਆਂ ਗਈਆਂ ਸਨ ਅਤੇ ਇਹ ਟੀਮਾਂ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿੰਮੇਵਾਰ ਹਨ।