
- ਪਰਾਲੀ ਸਾੜਨ ਦੇ ਮਾਮਲਿਆਂ ਦੀ ਸਥਿਤੀ ਤੇ ਕਾਰਵਾਈ ਦੀ ਵੀ ਕੀਤੀ ਸਮੀਖਿਆ
ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਵਾਤਾਵਰਨ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ। ਪਰਾਲੀ ਸਾੜਨ ਦੇ ਮਾਮਲਿਆਂ ਦੀ ਮੌਜੂਦਾ ਸਥਿਤੀ ਅਤੇ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਦੀ ਸਮੀਖਿਆ ਦੌਰਾਨ, ਡਿਪਟੀ ਕਮਿਸ਼ਨਰ ਜੋਰਵਾਲ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਗੰਧਲਾ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ, ਪੁਖਤਾ ਜਾਣਕਾਰੀ ਨੂੰ ਯਕੀਨੀ ਬਣਾਉਣ, ਖੇਤਾਂ ਵਿੱਚ ਅੱਗ ਦੇ ਮਾਮਲਿਆਂ ਦੀ ਨੇੜਿਓਂ ਨਿਗਰਾਨੀ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਪਰਾਲੀ ਨੂੰ ਸਾੜਨ ਤੋਂ ਰੋਕਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ, ਇਸ ਗੱਲ ਨੂੰ ਉਜਾਗਰ ਕਰਦੇ ਹੋਏ ਕਿ ਹਰ ਕਿਸਾਨ ਵਾਤਾਵਰਣ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਉਣ ਲਈ ਵੱਖ-ਵੱਖ ਚੈਨਲਾਂ ਰਾਹੀਂ 8,978 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਜੋਰਵਾਲ ਨੇ ਅਗਾਂਹਵਧੂ ਕਿਸਾਨਾਂ ਨੂੰ ਸਵੱਛ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਭਾਈਚਾਰਿਆਂ ਵਿੱਚ ਪਰਾਲੀ ਸਾੜਨ ਵਿਰੋਧੀ ਮੁਹਿੰਮ ਦਾ ਸੰਦੇਸ਼ ਫੈਲਾਉਣ ਲਈ ਵੀ ਪ੍ਰੇਰਿਤ ਕੀਤਾ।