- ਸ਼ਾਪਕੀਪਰਜ਼ ਐਸੋਸੀਏਸ਼ਨ ਦੀ ਚਿਰੌਕਣੀ ਮੰਗ ਨੂੰ ਪਿਆ ਬੂਰ, ਸ਼ਿਵਪੁਰੀ ਚੌਂਕ ‘ਚ ਹਾਈ ਮਾਸਟ ਲਾਈਟ ਕੀਤੀ ਸਥਾਪਤ
ਲੁਧਿਆਣਾ, (ਸੰਜੇ ਮਿੰਕਾ) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋ ਰਾਹਗੀਰਾਂ ਅਤੇ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ, ਦੂਸਰੇ ਪੜਾਅ ਤਹਿਤ ਹਾਈ ਮਾਸਟ ਲਾਈਟਾਂ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡਿੰਪਲ ਰਾਣਾ, ਕੌਂਸਲਰ ਅਮਨ ਬੱਗਾ, ਸੰਜੀਵ ਮਲਿਕ, ਜੇ.ਪੀ. ਗਰੇਵਾਲ, ਸੁਖਦੇਵ ਗਰੇਵਾਲ, ਤਰੂਨ ਕੁਮਾਰ ਤੇ ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਦੱਸਿਆ ਕਿ, ਸ਼ਾਪਕੀਪਰਜ਼ ਐਸੋਸੀਏਸ਼ਨ, ਸ਼ਿਵਪੁਰੀ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਨੰਬਰ 86 ਅਧੀਨ ਸ਼ਿਵਪੁਰੀ ਚੋਂਕ ਵਿਖੇ ਹਾਈ ਮਾਸਟ ਲਾਈਟ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਹੋਰਨਾਂ ਵਾਰਡਾਂ ਵਿੱਚ ਜਿੱਥੇ ਕਿਤੇ ਡਾਰਕ ਪੁਆਇੰਟ ਹਨ, ਉੱਥੇ ਵੀ ਅਜਿਹੀਆਂ ਲਾਈਟਾਂ ਸਥਾਪਤ ਕੀਤੀਆਂ ਜਾਣਗੀਆਂ ਤਾਂ ਜੋ ਹਨੇਰੇ ਦਾ ਫਾਇਦਾ ਚੁੱਕ ਕੇ ਵਾਰਦਾਤਾਂ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ‘ਤੇ ਨਕੇਲ ਪਾਈ ਜਾ ਸਕੇ। ਵਿਧਾਇਕ ਬੱਗਾ ਨੇ ਦੱਸਿਆ ਕਿ ਰਾਹਗੀਰਾਂ ਅਤੇ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਇਲਾਕਿਆਂ ਵਿੱਚ ਹਾਈ ਮਾਸਟ ਲਾਈਟਾਂ ਲਗਾਉਣ ਦੀ ਸਖ਼ਤ ਜ਼ਰੂਰਤ ਹੈ। ਸਾਰੇ ਹਨੇਰੇ ਸਥਾਨਾਂ ਨੂੰ ਦੂਰ ਕਰਨ ਲਈ ਸ਼ਹਿਰ ਦੇ ਹੋਰ ਇਲਾਕਿਆਂ ਵਿੱਚ ਵੀ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਨਤਾ ਦੀ ਸਹੂਲਤ ਲਈ ਹਰ ਪੱਖੋਂ ਸਖ਼ਤ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਕਰੋੜਾਂ ਰੁਪਏ ਦੇ ਹੋਰ ਪ੍ਰੋਜੈਕਟਾਂ ਨੂੰ ਵੀ ਹਰੀ ਝੰਡੀ ਦਿੱਤੀ ਜਾਵੇਗੀ।