Saturday, June 28

ਬੁੱਢਾ ਦਰਿਆ ਟਾਸਕ ਫੋਰਸ ਦੀ ਮੀਟਿੰਗ ਹਰ 15 ਦਿਨਾਂ ਬਾਅਦ ਹੋਵੇਗੀ- ਸੁਰੇਸ਼ ਕੁਮਾਰ

  • ਟਾਸਕ ਫੋਰਸ ਨੇ ਅੱਜ ਬੁੱਢਾ ਦਰਿਆ ਪ੍ਰੋਜੈਕਟ ਦੀ ਪ੍ਰਗਤੀ ਦੀ ਕੀਤੀ ਸਮੀਖਿਆ
  • ਸਤਿਗੁਰੂ ਉਦੈ ਸਿੰਘ, ਮੁੱਖ ਮੰਤਰੀ ਦੇ ਮੁੱਖ ਪ੍ਰਿੰਸੀਪਲ ਸੱਕਤਰ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਟਾਸਕ ਫੋਰਸ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ

ਲੁਧਿਆਣਾ,(ਸੰਜੇ ਮਿੰਕਾ)- ਅੱਜ ਬੱਚਤ ਭਵਨ ਵਿਖੇ 650 ਕਰੋੜ ਰੁਪਏ ਦੀ ਲਾਗਤ ਵਾਲੇ ਬੁੱਢਾ ਦਰਿਆ ਦੇ ਨਵੀਨੀਕਰਨ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਨਾਮਧਾਰੀ ਸੰਪਰਦਾ ਦੇ ਮੁਖੀ ਅਤੇ ਟਾਸਕ ਫੋਰਸ ਦੇ ਮੁਖੀ ਸਤਿਗੁਰੂ ਉਦੈ ਸਿੰਘ, ਮੁੱਖ ਮੰਤਰੀ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਤੋਂ ਇਲਾਵਾ ਪੰਜਾਬ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀਆਂ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਵਿੱਚ ਮੇਅਰ ਬਲਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਕਮਿਸ਼ਨਰ ਨਗਰ ਨਿਗਮ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ।ਮੀਟਿੰਗ ਦੌਰਾਨ ਸ਼੍ਰੀ ਸੁਰੇਸ਼ ਕੁਮਾਰ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਟਾਸਕ ਫੋਰਸ ਅਤੇ ਸਾਰੇ ਸਰਕਾਰੀ ਵਿਭਾਗਾਂ ਦੀ ਸਮੀਖਿਆ ਮੀਟਿੰਗ ਹਰ 15 ਦਿਨਾਂ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ 5 ਅਪ੍ਰੈਲ 2021 ਨੂੰ ਹੋਵੇਗੀ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਵਿਚਲੀਆਂ ਡੇਅਰੀਆਂ ਨੂੰ ਪਿੰਡ ਗੋਰਸੀਆਂ ਕਾਦਰ ਬਖ਼ਸ਼ ਵਿਖੇ ਤਬਦੀਲ ਕਰਨ ਨਾਲ ਸਬੰਧਤ ਪ੍ਰਕਿਰਿਆ ਨੂੰ ਤੇਜ਼ ਕਰਨ।  ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਏ.ਕੇ. ਸਿਨਹਾ ਮੰਗਲਵਾਰ ਨੂੰ ਨਿੱਜੀ ਤੌਰ ‘ਤੇ ਲੁਧਿਆਣਾ ਦਾ ਦੌਰਾ ਕਰਨਗੇ ਅਤੇ ਸ਼ਹਿਰ ਤੋਂ ਡੇਅਰੀਆਂ ਤਬਦੀਲ ਹੋਣ ਨਾਲ ਜੁੜੇ ਮੁੱਦੇ ਦਾ ਹੱਲ ਕਰਨਗੇ।  ਉਨ੍ਹਾਂ ਦੁਹਰਾਇਆ ਕਿ ਸਾਰੀਆਂ ਧਿਰਾਂ ਇਸ ਮੁੱਦੇ ਦੇ ਹੱਲ ਲਈ ਸਹਿਮਤ ਹੋਣੇ ਚਾਹੀਦੇ ਹਨ ਅਤੇ ਪਿੰਡ ਗੋਰਸੀਆਂ ਕਾਦਰ ਬਖਸ਼ ਦੀ ਪੰਚਾਇਤ ਨੂੰ ਗਡਵਾਸੂ ਵਿਖੇ ਡੇਅਰੀ ਪ੍ਰੋਜੈਕਟ ਦਾ ਮਾਡਲ ਦਿਖਾਇਆ ਜਾਣਾ ਚਾਹੀਦਾ ਹੈ, ਜੋ ਕਿ ਪਿੰਡ ਵਿਚ ਬਣਾਇਆ ਜਾਵੇਗਾ।ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਸਮੁੱਚੇ ਕਾਰਜਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਪੂਰਾ ਕਰਨ ਨੂੰ ਯਕੀਨੀ ਬਣਾਉਣ। ਬੁੱਢੇ ਨਾਲੇ ਦੇ ਨਾਲ ਲੱਗਦੇ ਨਜਾਇਜ਼ ਕਬਜ਼ਿਆਂ ਨਾਲ ਸਬੰਧਤ ਮੁੱਦੇ ਦੀ ਵੀ ਸਮੀਖਿਆ ਕੀਤੀ ਗਈ।  ਕਮਿਸ਼ਨਰ ਨਗਰ ਨਿਗਮ ਲੁਧਿਆਣਾ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਟਾਸਕ ਫੋਰਸ ਦੇ ਮੈਂਬਰਾਂ ਨੂੰ ਦੱਸਿਆ ਕਿ ਬੁੱਢੇ ਨਾਲੇ ਦੇ 965 ਕਬਜ਼ਿਆਂ ਵਿਚੋਂ 201 ਹਟਾ ਦਿੱਤੇ ਗਏ ਹਨ ਅਤੇ ਬਾਕੀ ਕਬਜ਼ੇ ਵੀ ਜਲਦੀ ਹਟਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਲਗਭਗ 3 ਕਿਲੋਮੀਟਰ ਦੇ ਖੇਤਰ ਤੋਂ ਨਾਜਾਇਜ਼ ਕਬਜ਼ੇ ਪਹਿਲਾਂ ਹੀ ਹਟਾਏ ਜਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਜਮਾਲਪੁਰ ਖੇਤਰ ਵਿਖੇ 225 ਐਮ ਐਲ ਡੀ ਸੀਵਰੇਜ ਟਰੀਟਮੈਂਟ ਪਲਾਂਟ (ਐਸਟੀਪੀ) ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਨਾਲ ਹੀ ਬੁੱਢਾ ਨਾਲਾ ਦੇ 14 ਕਿਲੋਮੀਟਰ ਦੇ ਦੋਹਾਂ ਪਾਸਿਆਂ ਤੋਂ ਚੇਨ ਲਿੰਕ ਵਾੜ ਲਗਾਉਣ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ।ਅੱਜ ਦੀ ਮੀਟਿੰਗ ਵਿਚ 650 ਕਰੋੜ ਰੁਪਏ ਦੇ ਬੁੱਢੇ ਦਰਿਆ ਦੇ ਨਵੀਨੀਕਰਣ ਪ੍ਰਾਜੈਕਟ ਦੇ ਸਾਰੇ ਪਹਿਲੂਆਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਹਰ ਕੰਮ ਲਈ ਸਮਾਂ-ਰੇਖਾ ਤੈਅ ਕੀਤੀ ਗਈ।ਸ਼੍ਰੀ ਸੁਰੇਸ਼ ਕੁਮਾਰ ਨੇ ਲੁਧਿਆਣਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਬੁੱਢਾ ਦਰਿਆ ਦਾ ਪਾਣੀ ਸਾਫ ਹੋਣ ਦੇ ਨਾਲ ਨਾਲ ਸੁੰਦਰੀਕਰਨ ਦਾ ਵੀ ਖਾਸ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੁੱਢਾ ਦਰਿਆ ਨੂੰ ਸਾਫ ਸੁਥਰਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਪਾਰਦਰਸ਼ੀ ਢੰਗ ਨਾਲ ਚਲਾਇਆ ਜਾਵੇਗਾ ਅਤੇ ਇਸ ਪ੍ਰਾਜੈਕਟ ਲਈ ਇਸਤੇਮਾਲ ਹੋਣ ਵਾਲੇ ਜਨਤਕ ਫੰਡਾਂ ਦਾ ਇਕ ਪੈਸਾ ਵੀ ਕਿਸੇ ਕੀਮਤ ‘ਤੇ ਦੁਰਵਰਤੋਂ ਨਹੀਂ ਕੀਤਾ ਜਾਵੇਗਾ।ਸਤਿਗੁਰੂ ਉਦੈ ਸਿੰਘ ਨੇ ਵੀ ਇਸ ਪ੍ਰਾਜੈਕਟ ਵਿਚ ਸਕਾਰਾਤਮਕ ਤਰੱਕੀ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।  ਉਨ੍ਹਾਂ ਇਸ ਪ੍ਰਾਜੈਕਟ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।ਅੱਜ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਲੋਕਾਂ ਵਿੱਚ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸਰਬਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅਮਰਜੀਤ ਬੈਂਸ, ਵਧੀਕ ਡਿਪਟੀ ਕਮਿਸ਼ਨਰ (ਪ੍ਰਾਜੈਕਟ) ਸ਼੍ਰੀਮਤੀ ਨੀਰੂ ਕਤਿਆਲ ਗੁਪਤਾ, ਸ਼੍ਰੀ ਜਸਵੰਤ ਜ਼ਫਰ, ਸ਼੍ਰੀ ਜਸਕੀਰਤ ਸਿੰਘ, ਕਰਨਲ (ਰਿਟਾਇਰਡ) ਜੇ ਐਸ ਗਿੱਲ ਤੋਂ ਇਲਾਵਾ ਕਈ ਹੋਰ ਸਨ।

About Author

Leave A Reply

WP2Social Auto Publish Powered By : XYZScripts.com