Sunday, May 11

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋ ਦਾਣਾ ਮੰਡੀਆਂ ‘ਚ 10 ਅਪ੍ਰੈਲ ਤੋਂ ਸੁਰੂ ਹੋਣ ਵਾਲੀ ਕਣਕ ਦੀ ਖਰੀਦ ਲਈ ਸਮਾਜਿਕ ਦੂਰੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਕੀਤੇ ਢੁੱਕਵੇਂ ਪ੍ਰਬੰਧ

  • ਪ੍ਰਸ਼ਾਸ਼ਨ ਵੱਲੋਂ ਮੰਡੀਆਂ ‘ਚ ਨਿਸ਼ਾਨ ਲਗਾਏ ਜਾ ਰਹੇ ਹਨ ਤਾਂ ਜੋ ਕਿਸਾਨ ਇੱਕ ਜਗ੍ਹਾ ‘ਤੇ ਇਕੱਠੇ ਨਾ ਹੋਣ

ਲੁਧਿਆਣਾ, (ਸੰਜੇ ਮਿੰਕਾ) – ਕੋਰੋਨਾ ਮਹਾਂਮਾਰੀ ਦੇ ਪਰਛਾਵੇਂ ਹੇਠ 10 ਅਪ੍ਰੈਲ, 2021 ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖਰੀਦ ਦੇ ਸੀਜਨ ਨੂੰ ਸੁਵਿਧਾਜਨਕ ਅਤੇ ਆਸਾਨ ਬਣਾਉਣ ਲਈ ਪ੍ਰਸ਼ਾਸ਼ਨ ਵੱਲੋਂ ਜ਼ਮੀਨੀ ਪੱਧਰ ‘ਤੇ ਤਿਆਰੀ ਖਿੱਚੀ ਗਈ ਹੈ, ਜਿਸਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਵਿਚ ਆਪਸੀ ਵਿੱਥ ਨੂੰ ਕਾਇਮ ਰੱਖਣ ਲਈ ਨਿਸ਼ਾਨਦੇਹੀ ਪ੍ਰਕਿਰਿਆ ਆਰੰਭ ਦਿੱਤੀ ਹੈ। ਇਸ ਸਬੰਧ ਵਿਚ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਕੋਵਿਡ ਪ੍ਰਬੰਧਨ ਪ੍ਰੋਗਰਾਮ ਤਹਿਤ ਇਸ ਵਾਇਰਸ ਦੇ ਪਸਾਰ ਨੂੰ ਫੈਲਣ ਤੋਂ ਰੋਕਣ ਲਈ ਸਮਾਜਕ ਦੂਰੀ ਇਕ ਸੁਨਹਿਰੀ ਨਿਯਮ ਹੈ। ਉਨ੍ਹਾਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਦਰਮਿਆਨ ਸਮਾਜਿਕ ਦੂਰੀ ਬਣਾਉਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਅਨਾਜ ਮੰਡੀਆਂ ਵਿਚ ਨਿਸ਼ਾਨ ਲਗਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਇੱਕ ਜਗ੍ਹਾ ‘ਤੇ ਇਕੱਠੇ ਨਾ ਹੋਣ । ਉਨ੍ਹਾਂ ਦੱਸਿਆ ਕਿ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਂਦੇ ਹੋਏ ਸਮਾਜਿਕ ਦੂਰੀ ਕਾਇਮ ਰੱਖਣੀ ਸਮੇਂ ਦੀ ਲੋੜ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਔਖੀ ਘੜੀ ਵਿੱਚ ਵੀ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਵਿਡ-19 ਸੰਕਟ ਦੇ ਮੱਦੇਨਜ਼ਰ ਕਿਸਾਨਾਂ ਲਈ ਅਨਾਜ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਕਰਨ ਲਈ 10 ਅਪ੍ਰੈਲ ਤੋਂ ਖਰੀਦ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਸਬੰਧੀ ਸਾਰੇ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ ਜਿਸ ਵਿੱਚ ਕਿਸਾਨਾਂ ਅਤੇ ਸਰਕਾਰੀ ਕਰਮਚਾਰੀਆਂ ਲਈ ਮਾਸਕ, ਸੈਨੀਟਾਈ}ਰ ਅਤੇ ਹੱਥ ਧੋਣ ਦੀਆਂ ਸਹੂਲਤਾਂ ਸਮੇਤ ਸ਼ਾਮਲ ਹਨ ਅਤੇ ਨਾਲ ਹੀ ਕਿਹਾ ਕਿ ਮੰਡੀਆਂ ਲਈ ਇਕ ਵਿਆਪਕ ਸੁਰੱਖਿਆ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ।
ਸ੍ਰੀ ਸ਼ਰਮਾ ਨੇ ਸੰਕਟ ਦੀ ਇਸ ਘੜੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਦੀ ਵਚਨਬੱਧਤਾ ਨੂੰ ਦੁਹਰਾਇਆ। ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ.ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਾਲ ਅਸੀਂ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿਚੋਂ ਲਗਭਗ 9 ਲੱਖ ਮੀਟਰਕ ਟਨ ਕਣਕ ਦੀ ਖਰੀਦ ਦੀ ਉਮੀਦ ਕਰ ਰਹੇ ਹਾਂ ਅਤੇ ਸਮੂਹ ਖਰੀਦ ਏਜੰਸੀਆਂ ਅਤੇ ਉਨ੍ਹਾਂ ਦੇ ਅਮਲੇ ਨੂੰ ਨਿਰਵਿਘਨ ਤੇ ਪ੍ਰਭਾਵਸ਼ਾਲੀ ਢੰਗ ਨਾਲ ਖਰੀਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

About Author

Leave A Reply

WP2Social Auto Publish Powered By : XYZScripts.com