- ਐਮ.ਪੀ. ਬਿੱਟੂ, ਐਮ.ਪੀ. ਡਾ.ਅਮਰ ਸਿੰਘ ਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਲੋਕਾਂ ਨੂੰ ਅਪੀਲ, ਸੂਬਾ ਤੇ ਕੇਂਦਰ ਸਰਕਾਰ ਵੱਲੋਂ ਜਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਹਾ
- ਬਿੱਟੂ ਵੱਲੋਂ ਅੱਜ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ
ਲੁਧਿਆਣਾ, (ਸੰਜੇ ਮਿੰਕਾ)- ਸੰਸਦ ਮੈਂਬਰ ਸ.ਰਵਨੀਤ ਸਿੰਘ ਬਿੱਟੂ ਨੇ ਅੱਜ ਸਰਕਾਰੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲੁਧਿਆਣਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਉਨ੍ਹਾਂ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਦੇਸ਼ ਵਿਚ ਕਾਰਗੁਜ਼ਾਰੀ ਗਰੇਡਿੰਗ ਇੰਡੈਕਸ ਵਿਚ ਸਭ ਤੋਂ ਅੱਗੇ ਆਉਣ ਲਈ ਪੰਜਾਬ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਵੀ ਪ੍ਰਸ਼ੰਸਾ ਕੀਤੀ। ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਜੋ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੇ ਚੇਅਰਮੈਨ ਵੀ ਹਨ, ਅੱਜ ਸਥਾਨਕ ਬਚਤ ਭਵਨ ਵਿਖੇ ਸੂਬਾ ਅਤੇ ਕੇਂਦਰ ਸਰਕਾਰ ਵੱਲੋਂ ਸਪਾਂਸਰ ਕੀਤੀਆਂ ਯੋਜਨਾਵਾਂ ਦਾ ਜਾਇਜ਼ਾ ਲੈਣ ਲਈ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਨਾਲ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਸੰਦੀਪ ਸਿੰਘ ਸੰਧੂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਮਲਕੀਤ ਸਿੰਘ ਦਾਖਾ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ.ਯਾਦਵਿੰਦਰ ਸਿੰਘ ਜੰਡਿਆਲੀ, ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਤੇ ਸ.ਹਰਕਰਨ ਸਿੰਘ ਵੈਦ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਤੋਂ ਇਲਾਵਾ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀ ਅਤੇ ਹੋਰ ਸ਼ਾਮਲ ਹੋਏ। ਵੱਖ-ਵੱਖ ਯੋਜਨਾਵਾਂ ਦੀ ਸਮੀਖਿਆ ਕਰਦਿਆਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਯੋਜਨਾਵਾਂ ਬਾਰੇ ਜਾਗਰੂਕਤਾ ਕੈਂਪ ਲਗਾਉਣ ਤਾਂ ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਕੇਂਦਰ ਅਤੇ ਰਾਜ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਚਲਾਉਣ ਲਈ ਵੀ ਕਿਹਾ। ਸੰਸਦ ਮੈਂਬਰ ਨੇ ਕਿਹਾ ਕਿ ਸਾਰੇ ਵਿਭਾਗਾਂ ਖ਼ਾਸਕਰ ਸਿੱਖਿਆ, ਖੇਤੀਬਾੜੀ, ਸਮਾਜ ਭਲਾਈ, ਸਿਹਤ, ਨਗਰ ਨਿਗਮ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰਨਾਂ ਨੂੰ ਰੋਜ਼ਾਨਾ ਆਪਣੇ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਰਾਹੋਂ ਰੋਡ ਨਾਲ ਜੁੜੇ ਮਸਲੇ ਨੂੰ ਪੱਕੇ ਤੌਰ ‘ਤੇ ਹੱਲ ਕੀਤਾ ਜਾਵੇ ਕਿਉਂਕਿ ਇਹ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪ੍ਰਭਾਵਤ ਕਰਦਾ ਹੈ। ਮੀਟਿੰਗ ਵਿੱਚ ਵੱਖ-ਵੱਖ ਮੁਦਿੱਆਂ ਤੋਂ ਇਲਾਵਾ ਪੇਂਡੂ ਖੇਤਰਾਂ ਵਿੱਚ ਸੜਕਾਂ ਦੇ ਚੌੜਾਕਰਨ, ਮਨਰੇਗਾ, ਸਕੂਲਾਂ ਦਾ ਸੁੰਦਰੀਕਰਨ ਤੇ ਨਵੀਨੀਕਰਨ, ਰਾਸ਼ਟਰੀ ਸਮਾਜਿਕ ਸਹਾਇਤਾ ਪ੍ਰੋਗਰਾਮ, ਰੇਲਵੇ ਨੂੰ ਸਮਰਪਿਤ ਫਰੇਟ ਕੋਰੀਡੋਰ ਦੀ ਸਥਿਤੀ, ਕਾਰਕਸ ਪਲਾਂਟ, ਡੇਅਰੀਆਂ ਦਾ ਸ਼ਿਫਟ ਕਰਨਾ, ਧਾਂਦਰਾ ਕਲੱਸਟਰ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਗਏ।