Wednesday, March 12

ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼, ਝੋਨੇ ਦੀ ਪਰਾਲੀ ਸਾੜ੍ਹਨ ਦੇ ਮਾੜੇ ਪ੍ਰਭਾਵਾਂ ਬਾਰੇ ਪਿੰਡ ਪੱਧਰੀ ਜਾਗਰੂਕਤਾ ਮੁਹਿੰਮ ਕੀਤੀ ਜਾਵੇ ਸ਼ੁਰੂ

ਲੁਧਿਆਣਾ, (ਸੰਜੇ ਮਿੰਕਾ) – ਝੋਨੇ ਦੀ ਪਰਾਲੀ ਸਾੜਨ ਦੇ ਖਤਰਨਾਕ ਪ੍ਰਭਾਵਾਂ ਤੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਸ ਸੰਵੇਦਨਸ਼ੀਲ ਮੁੱਦੇ ‘ਤੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪਿੰਡ ਪੱਧਰੀ ਮੁਹਿੰਮ ਸ਼ੁਰੂ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ ਜੋ ਕਿ ਲੋਕਾਂ ਦੀ ਸਿਹਤ ਲਈ ਗੰਭੀਰ ਖਤਰਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਮਿੱਟੀ ਅਤੇ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਬਾਰੇ ਵੀ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਈ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਲਈ ਚਾਰੇ ਤੋਂ ਇਲਾਵਾ ਜੈਵਿਕ ਖਾਦ ਵਜੋਂ ਪ੍ਰਭਾਵਸ਼ਾਲੀ ਢੰਗ ਨਾਲ ਵਰਤ ਕੇ ਇੱਕ ਮਿਸਾਲ ਕਾਇਮ ਕੀਤੀ ਹੈ ਅਤੇ ਉਨ੍ਹਾਂ ਨੂੰ  ਮੀਟਿੰਗਾਂ ਵਿੱਚ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਦੂਸਰੇ ਕਿਸਾਨ ਇਸ ਪ੍ਰਥਾ ਨੂੰ ਅਪਣਾਉਣ ਅਤੇ ਪਰਾਲੀ ਸਾੜਨ ਤੋਂ ਪ੍ਰਹੇਜ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦਿਆਂ ਰੋਜ਼ਾਨਾ ਪਿੰਡ ਪੱਧਰੀ ਮੀਟਿੰਗਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਪਰਾਲੀ ਸਾੜਨ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ‘ਤੇ ਕੇਂਦਰਤ ਹੋਣੀ ਚਾਹੀਦੀ ਹੈ ਅਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਕਿਸਾਨਾਂ ਨੂੰ ਇਸ ਖਤਰਨਾਕ ਪ੍ਰਥਾ ਨੂੰ ਰੋਕ ਕੇ ਵਾਤਾਵਰਣ ਨੂੰ ਬਚਾਉਣ ਲਈ ਦ੍ਰਿੜ ਸੰਕਲਪ ਕਰਨ ਲਈ ਉਤਸ਼ਾਹਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਹਾਲੇ ਵੀ ਪਰਾਲੀ ਨੂੰ ਸਾੜ ਰਹੇ ਹਨ, ਉਹ ਅਸਲ ਵਿੱਚ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰਦੂਸ਼ਿਤ ਮਾਹੌਲ ਦੇ ਕੇ ਕੰਡੇ ਬੀਜ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਕਰਦਿਆਂ ਮਾਸਕ ਪਹਿਨਣਾ, ਸਮਾਜਕ ਦੂਰੀ ਬਣਾਈ ਰੱਖਣਾ ਅਤੇ ਹੱਥਾਂ ਦੀ ਸਫਾਈ ਦਾ ਸਖਤੀ ਨਾਲ ਪਾਲਣ ਕਰਨਾ ਚਾਹੀਦਾ ਹੈ।

About Author

Leave A Reply

WP2Social Auto Publish Powered By : XYZScripts.com