
- ਲੁਧਿਆਣਾ ਬੱਸ ਅੱਡੇ ਤੋਂ ਕੁੜੇ ਦੇ ਢੇਰਾਂ ਦੀ ਕੀਤੀ ਖੁੱਦ ਸਫ਼ਾਈ
- ਵਿਭਾਗ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਜਲਦ ਵਟਸਐਪ ਨੰਬਰ ਜਾਰੀ ਕੀਤਾ ਜਾਵੇਗਾ
- ਯੂਨੀਅਨਾਂ ਨੂੰ ਪ੍ਰਸਤਾਵਿਤ ਹੜ੍ਹਤਾਲ ਖ਼ਤਮ ਕਰਨ ਦੀ ਵੀ ਕੀਤੀ ਅਪੀਲ
ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਦੇ ਸਾਰੇ ਬੱਸ ਅੱਡਿਆਂ ਦੀ ਨੁਹਾਰ ਬਦਲਣ ਲਈ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਪੰਜਾਬ ਦੇ ਸਾਰੇ ਬੱਸ ਅੱਡਿਆਂ ‘ਤੇ ਸਵੱਛਤਾ ਮੁਹਿੰਮ ਚਲਾਉਣ ਦੇ ਨਾਲ-ਨਾਲ ਬੱਸ ਅੱਡਿਆਂ ਨੂੰ ਗੰਦਗੀ ਮੁਕਤ ਕਰਨ ‘ਤੇ ਧਿਆਨ ਕੇਂਦਰਤ ਕਰਨ ਦੇ ਆਦੇਸ਼ ਦਿੱਤੇ। ਸਥਾਨਕ ਅਮਰ ਸ਼ਹੀਦ ਸੁਖਦੇਵ ਅੰਤਰਰਾਜੀ ਬੱਸ ਅੱਡੇ ‘ਤੇ ਮੁੱਖ ਸਫਾਈ ਅਭਿਆਨ ਦੀ ਸ਼ੁਰੂਆਤ ਕਰਦਿਆਂ, ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀਨੀਅਰ ਅਧਿਕਾਰੀਆਂ ਦੇ ਨਾਲ, ਵੱਖ-ਵੱਖ ਥਾਵਾਂ ਤੋਂ ਕੂੜੇ ਦੇ ਲੱਗੇ ਢੇਰਾਂ ਨੂੰ ਸਾਫ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਬੱਸ ਅੱਡਿਆਂ ਵਿੱਚ ਸਾਫ਼ ਸੁਥਰਾ ਅਤੇ ਸਵੱਛ ਵਾਤਾਵਰਣ ਬਣਾਉਣਾ ਹੈ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਬੱਸ ਅੱਡਿਆਂ ਦੀ ਸਵੱਛਤਾ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਸਫਾਈ ਕਰਵਾਈ ਜਾਵੇ। ਮੰਤਰੀ ਨੇ ਲੋਕਾਂ ਨੂੰ ਅਜਿਹੀਆਂ ਪਹਿਲਕਦਮੀਆਂ ਨੂੰ ਸਮਰਥਨ ਦੇਣ ਦਾ ਸੱਦਾ ਦਿੱਤਾ ਕਿਉਂਕਿ ਉਨ੍ਹਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਵੀ ਕੋਸ਼ਿਸ਼ ਸਫਲ ਨਹੀਂ ਹੋ ਸਕਦੀ। ਉਨ੍ਹਾਂ ਪੰਜਾਬ ਦੇ ਸਾਰੇ ਬੱਸ ਅੱਡਿਆਂ ਦੇ ਜਨਰਲ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਥਾਵਾਂ ਨੂੰ ਸਾਫ਼ ਸੁਥਰਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ, ਸ੍ਰੀ ਵੜਿੰਗ ਨੇ ਕਿਹਾ ਕਿ ਉਹ ਅਗਲੇ ਕੁਝ ਦਿਨਾਂ ਵਿੱਚ ਇੱਕ ਵਟਸਐਪ ਨੰਬਰ ਲਾਂਚ ਕਰਨਗੇ ਜਿੱਥੇ ਲੋਕ ਸਥਾਨ ਜਾਂ ਸਮੇਂ ਦੇ ਨਾਲ ਤਸਵੀਰਾਂ/ਵੀਡਿਓ ਸਾਂਝੀਆਂ ਕਰਕੇ ਕਿਸੇ ਵੀ ਬੱਸ ਜਾਂ ਸਟਾਫ ਮੈਂਬਰ ਅਤੇ ਹੋਰਾਂ ਵਿਰੁੱਧ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਕੀਤਾ ਜਾਵੇਗਾ ਅਤੇ ਭਰੋਸਾ ਦਿਵਾਇਆ ਕਿ ਬੱਸਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਆਮ ਲੋਕਾਂ ਨੂੰ ਆਉਣ-ਜਾਣ ਦੌਰਾਨ ਕਿਸੇ ਮੁਸ਼ਿਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪ੍ਰਸਤਾਵਿਤ ਹੜਤਾਲ ਨੂੰ ਖਤਮ ਕਰਨ ਅਤੇ ਪੰਜਾਬ ਦੀ ਜਨਤਕ ਸੜ੍ਹਕੀ ਆਵਾਜਾਈ ਨੂੰ ਲਾਹੇਵੰਦ ਬਣਾਉਣ ਵਿੱਚ ਪੰਜਾਬ ਸਰਕਾਰ ਦੀ ਮੱਦਦ ਕਰਨ। ਟਰਾਂਸਪੋਰਟ ਮਾਫੀਆ ਬਾਰੇ ਪੁੱਛੇ ਜਾਣ ‘ਤੇ ਮੰਤਰੀ ਨੇ ਕਿਹਾ ਕਿ ਉਹ ਇਸ ਸਬੰਧ ਵਿੱਚ ਪਹਿਲਾਂ ਹੀ ਅਧਿਕਾਰੀਆਂ ਨਾਲ ਮੀਟਿੰਗ ਕਰ ਚੁੱਕੇ ਹਨ ਅਤੇ ਅਗਲੇ 10 ਦਿਨਾਂ ਦੇ ਅੰਦਰ ਕਾਰਵਾਈ ਦਿਖਾਈ ਦੇਵੇਗੀ ਕਿਉਂਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ। ਉਨ੍ਹਾਂ ਲੋਕਾਂ ਦੀ ਸਹੂਲਤ ਲਈ ਆਰ.ਟੀ.ਏ. ਦਫਤਰਾਂ ਵਿੱਚ ਸਿਸਟਮ ਨੂੰ ਨਵਾਂ ਰੂਪ ਦੇਣ ਦਾ ਵੀ ਐਲਾਨ ਕੀਤਾ। ਇਸ ਦੌਰਾਨ, ਟਰਾਂਸਪੋਰਟ ਮੰਤਰੀ ਨੇ ਪੰਜਾਬ ਪੁਲਿਸ ਦੁਆਰਾ ਦਿੱਤੇ ਗਏ ਗਾਰਡ ਆਫ਼ ਆਨਰ ਤੋਂ ਬੱਸ ਸਟੈਂਡ ਪਹੁੰਚਣ ‘ਤੇ ਸਲਾਮੀ ਵੀ ਲਈ ਜਿੱਥੇ ਸਥਾਨਕ ਪ੍ਰਸ਼ਾਸਨ ਦੇ ਨਾਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਉਨ੍ਹਾਂ ਦਾ ਸਵਾਗਤ ਕੀਤਾ।