- ਕਿਸਾਨਾਂ ਨੂੰ 44.82 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ
ਲੁਧਿਆਣਾ (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 3 ਅਕਤੂਬਰ, 2021 ਨੂੰ ਸ਼ੁਰੂ ਕੀਤੇ ਗਏ ਝੋਨੇ ਦੀ ਖਰੀਦ ਸੀਜ਼ਨ ਵਿੱਚ ਦਾਣਾ ਮੰਡੀਆਂ ਤੋਂ ਹੁਣ ਤੱਕ 47044 ਮੀਟ੍ਰਿਕ ਟਨ (ਐਮ.ਟੀ) ਝੋਨੇ ਦੀ ਖਰੀਦ ਕੀਤੀ ਗਈ ਹੈ। ਜ਼ਿਲ੍ਹੇ ਭਰ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਬਾਰੇ ਵੇਰਵੇ ਸਾਂਝੇ ਕਰਦਿਆਂ ਸ੍ਰੀ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ ਕੁੱਲ 51331 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 47044 ਮੀਟਰਕ ਟਨ ਝੋਨਾ ਪਹਿਲਾਂ ਹੀ ਪਨਗ੍ਰੇਨ, ਮਾਰਕਫੈਡ, ਪਨਸਪ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਅਤੇ ਐਫ.ਸੀ.ਆਈ. ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 48 ਘੰਟਿਆਂ ਵਿੱਚੋਂ ਖਰੀਦੇ ਗਏ ਝੋਨੇ ਦੀ 100 ਫੀਸਦ ਲਿਫਟਿੰਗ ਹੋ ਚੁੱਕੀ ਹੈ। ਇਸ ਤੋਂ ਇਲਾਵਾ, ਕਿਸਾਨਾਂ ਨੂੰ 44.82 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੁਧਿਆਣਾ ਵਿੱਚ ਲਗਭਗ 2.57 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ ਅਤੇ ਅਨਾਜ ਮੰਡੀਆਂ ਵਿੱਚ ਤਕਰੀਬਨ 17.53 ਲੱਖ ਮੀਟਰਕ ਟਨ ਝੋਨੇ ਦੇ ਆਉਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 17.28 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀਆਂ 108 ਪੱਕੀਆਂ ਦਾਣਾ ਮੰਡੀਆਂ ਤੋਂ ਇਲਾਵਾ, ਪ੍ਰਸ਼ਾਸ਼ਨ ਨੇ 94 ਅਸਥਾਈ ਯਾਰਡ ਅਤੇ ਮਿੱਲਾਂ ਵਿੰਚ 203 ਮੰਡੀ ਯਾਰਡਾਂ ਦੀ ਵੀ ਨਿਸ਼ਾਨਦੇਹੀ ਕੀਤੀ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਇੱਕ ਪਾਸੇ ਜਿੱਥੇ ਝੋਨੇ ਦੀ ਨਿਰਵਿਘਨ, ਸੁਚਾਰੂ ਅਤੇ ਤੇਜ਼ੀ ਨਾਲ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਓਥੇ ਹੀ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਕਰਨ ਵਿੱਚ ਸਹਾਇਤਾ ਕਰਨ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਸ੍ਰੀ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਲਈ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣੀ ਦਿੱਤੀ ਜਾਵੇਗੀ।