- ਹਲਕੇ ‘ਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਕੀਤੀ ਸਮੀਖਿਆ
ਲੁਧਿਆਣਾ, (ਸੰਜੇ ਮਿੰਕਾ) – ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਸਥਾਨਕ ਨਗਰ ਨਿਗਮ ਦੇ ਜੋਨ-ਸੀ ਵਿਖੇ ਨਗਰ ਨਿਗਮ ਤੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ। ਇਸ ਮੌਕੇ ਜੋਨਲ ਕਮਿਸ਼ਨਰ ਸ੍ਰੀਮਤੀ ਪੂਨਮਪ੍ਰੀਤ ਕੌਰ ਤੋਂ ਇਲਾਵਾ ਨਿਗਮ ਅਤੇ ਨਗਰ ਸੁਧਾਰ ਟਰੱਸਟ ਦੇ ਸੀਨੀਆਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਹਾ ਕਿ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਆਗਾਮੀ ਬਰਸਾਤੀ ਮੌਸਮ ਤੋਂ ਪਹਿਲਾਂ ਲੋਕਾਂ ਨੂੰ ਰਾਹਤ ਮਿਲ ਸਕੇ। ਵਿਧਾਇਕ ਸਿੱਧੂ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਹਲਕਾ ਵਾਸੀ ਥਾਂ-ਥਾਂ ਲੱਗੇ ਕੂੜੇ ਦੇ ਢੇਰ, ਟੁੱਟੀਆਂ ਸੜ੍ਹਕਾਂ ਤੋਂ ਬੇਹੱਦ ਪ੍ਰੇਸ਼ਾਨ ਹਨ। ਉਨ੍ਹਾਂ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਇਲਾਕਾ ਨਿਵਾਸੀਆਂ ਨੂੰ ਪੇਸ਼ ਆ ਰਹੀਆਂ ਔਕੜਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਥਾਂ-ਥਾਂ ਸੜ੍ਹਕਾਂ ‘ਤੇ ਪਏ ਟੋਏ ਅਕਸਰ ਹਾਦਸਿਆਂ ਨੂੰ ਸੱਦਾ ਦਿੰਦੇ ਹਨ। ਉਨ੍ਹਾਂ ਕਿਹਾ ਉਹ ਹਲਕਾ ਵਾਸੀਆਂ ਦੀ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਵਸਨੀਕਾਂ ਵੱਲੋਂ ਉਨ੍ਹਾਂ ‘ਤੇ ਭਰੋਸਾ ਕਰਦਿਆਂ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਹੁਣ ਉਹ ਇਲਾਕਾ ਵਾਸੀਆਂ ਦੇ ਵਿਸ਼ਵਾਸ਼ ਨੂੰ ਕਾਇਮ ਰੱਖਦਿਆਂ ਅਣਥੱਕ ਮਿਹਨਤ ਰਾਹੀਂ ਜਲਦ ਹੀ ਹਲਕੇ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾ ਕਿਹਾ ਕਿ ਹੁਣ ਹਲਕੇ ਦੇ ਲੋਕਾਂ ਨੂੰ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਹਲਕੇ ਦੇ ਵਸਨੀਕਾਂ ਨੂੰ ਹਰ ਸੰਭਵ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।