Sunday, May 11

ਮੂੰਗੀ ਅਤੇ ਮੱਕੀ ਦੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਜਗਰਾਉਂ ‘ਚ ਲੱਗਣਗੇ ਪ੍ਰੋਸੈਸਿੰਗ ਅਤੇ ਡਰਾਇਰ ਪਲਾਂਟ – ਕੁਲਦੀਪ ਸਿੰਘ ਧਾਲੀਵਾਲ

  • ਕੈਬਨਿਟ ਮੰਤਰੀ ਵੱਲੋਂ ਫ਼ਸਲੀ ਵਿਭਿੰਨਤਾ ‘ਤੇ ਜ਼ੋਰ, ਝੋਨੇ ਦੇ ਕਣਕ ਦੇ ਚੱਕਰ ‘ਚੋਂ ਬਾਹਰ ਆਉਣ ਦੀ ਲੋੜ
  • ਪੰਜਾਬ ਸਰਕਾਰ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ
  • ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਦੀ ਵੀ ਕੀਤੀ ਅਪੀਲ

ਜਗਰਾਉਂ (ਲੁਧਿਆਣਾ) (ਸੰਜੇ ਮਿੰਕਾ) – ਫਸਲੀ ਵਿਭਿੰਨਤਾ ਨੂੰ ਪ੍ਰਫੁੱਲਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹੇ ਦੀ ਜਗਰਾਉਂ ਸਬ-ਡਵੀਜ਼ਨ ਵਿੱਚ ਮੂੰਗੀ ਅਤੇ ਮੱਕੀ ਦੀਆਂ ਫ਼ਸਲਾਂ ਲਈ ਪ੍ਰੋਸੈਸਿੰਗ ਅਤੇ ਡਰਾਇਰ ਪਲਾਂਟ ਸਥਾਪਤ ਕਰੇਗੀ। ਪੰਜਾਬ ਵਿੱਚ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਇਹ ਫਸਲਾਂ ਕਿਸਾਨਾਂ ਦੇ ਮੁਨਾਫੇ ਵਿੱਚ ਵਾਧਾ ਕਰਨਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਵੱਖਰੀ ਤਜਵੀਜ਼ ਬਣਾਉਣ ਤਾਂ ਜੋ ਜਲਦ ਤੋਂ ਜਲਦ ਕੰਮ ਸ਼ੁਰੂ ਕੀਤਾ ਜਾ ਸਕੇ ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਧਾਲੀਵਾਲ ਨੇ ਉਮੀਦ ਜ਼ਾਹਰ ਕੀਤੀ ਕਿ ਡਰਾਇਰ ਪਲਾਂਟ ਵਧੇਰੇ ਕਿਸਾਨਾਂ ਨੂੰ ਮੂੰਗੀ ਅਤੇ ਮੱਕੀ ਦੀ ਚੋਣ ਕਰਨ ਲਈ ਉਤਸ਼ਾਹਿਤ ਕਰਨਗੇ ਅਤੇ ਝੋਨੇ ਅਤੇ ਕਣਕ ਦੀਆਂ ਫਸਲਾਂ ਦੇ ਰਕਬੇ ਨੂੰ ਘੱਟ ਕਰਨਗੇ। ਇਸ ਤੋਂ ਇਲਾਵਾ ਇਨ੍ਹਾਂ ਦੋਵਾਂ ਫ਼ਸਲਾਂ ਦੀ ਕਾਸ਼ਤ ਨਾਲ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਉੱਪਰ ਆਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮੂੰਗੀ, ਮੱਕੀ, ਕਪਾਹ ਅਤੇ ਗੰਨੇ ਦੀ ਫ਼ਸਲ ਦਾ ਰਕਬਾ ਵਧਾਉਣ ‘ਤੇ ਜ਼ੋਰ ਦੇ ਰਹੀ ਹੈ ਅਤੇ ਚੌਲ ਪੰਜਾਬ ਦੀ ਖੁਰਾਕ ਨਹੀਂ ਹੈ, ਇਸ ਲਈ ਕਿਸਾਨਾਂ ਨੂੰ ਨਵੀਆਂ ਫ਼ਸਲਾਂ ਦੀ ਚੋਣ ਕਰਨੀ ਚਾਹੀਦੀ ਹੈ। ਜਗਰਾਓਂ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਲਈ ਪ੍ਰੇਰਿਤ ਕੀਤਾ, ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਟੀ ਦੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ। ਕੈਂਪ ਵਿੱਚ ਵਿਧਾਇਕ ਜਗਰਾਉਂ ਸਰਵਜੀਤ ਕੌਰ ਮਾਣੂੰਕੇ ਅਤੇ ਏ.ਸੀ.ਐਸ. (ਖੇਤੀਬਾੜੀ ਅਤੇ ਕਿਸਾਨ ਭਲਾਈ) ਸਰਵਜੀਤ ਸਿੰਘ ਨੇ ਵੀ ਸੰਬੋਧਨ ਕੀਤਾ। ਬਾਅਦ ਵਿੱਚ ਧਾਲੀਵਾਲ ਨੇ ਵਿਧਾਇਕ ਅਤੇ ਹੋਰ ਅਧਿਕਾਰੀਆਂ ਨਾਲ ਜਗਰਾਉਂ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਅਨਾਜ ਮੰਡੀਆਂ ਵਿੱਚ ਨਿਰਵਿਘਨ ਕਾਰੋਬਾਰ ਨੂੰ ਯਕੀਨੀ ਬਣਾਇਆ ਜਾ ਸਕੇ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਸੂਬੇ ਦੀਆਂ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਅਨਾਜ ਦੀ ਤੁਰੰਤ ਲਿਫਟਿੰਗ ਤੋਂ ਇਲਾਵਾ ਸਮੇਂ ਸਿਰ ਖਰੀਦ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਲਿਫਟਿੰਗ ਅਤੇ ਅਦਾਇਗੀ ਦੇ ਪੁਖਤਾ ਪ੍ਰਬੰਧ ਕਰਨ ਤੋਂ ਇਲਾਵਾ ਬਾਰਦਾਨੇ ਦੀ ਵੀ ਲੋੜੀਂਦੀ ਉਪਲਬਧਤਾ ਹੈ, ਜਿੱਥੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਨਿਰਧਾਰਿਤ ਸਮਾਂ ਸੀਮਾ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਦਾ ਵੀ ਨੁਕਸਾਨ ਹੁੰਦਾ ਹੈ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਕੇ.ਐਨ.ਐਸ. ਕੰਗ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਹੋਰ ਵੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com