- ਹਲਕਾ ਉੱਤਰੀ ਦੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ
- ਕਿਹਾ! ਚੱਲ ਰਹੇ ਕਾਰਜ਼ਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇ
ਲੁਧਿਆਣਾ, (ਸੰਜੇ ਮਿੰਕਾ)– ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿੱਥੇ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿੱਚ ਜਾਰੀ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਅਤੇ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਉਨ੍ਹਾਂ ਬਿਜਲੀ ਵਿਭਾਗ ਸਬੰਧੀ ਹਲਕੇ ਦੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰੇ ਵੀ ਕੀਤੇ। ਮੀਟਿੰਗ ਦੌਰਾਨ ਕੌਂਸਲਰ ਅਮਨ ਬੱਗਾ, ਕੌਂਸਲਰ ਪ੍ਰਤਿਨਿਧੀ ਅਸ਼ੋਕ ਕੁਮਾਰ, ਲਾਲਾ ਸੁਰਿੰਦਰ ਅਟਵਾਲ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ. ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਚੌਧਰੀ ਬੱਗਾ ਵੱਲੋਂ ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵੱਖ-ਵੱਖ ਵਾਰਡਾਂ ਵਿੱਚ ਲਮਕਦੀਆਂ ਬਿਜਲੀ ਦੀਆਂ ਤਾਰਾਂ ਨੂੰ ਦਰੁਸਤ ਕੀਤਾ ਜਾਵੇ, ਜੇਕਰ ਕੋਈ ਖੰਬਾ ਟੇਢਾ-ਮੇਢਾ ਹੈ ਉਸ ਨੂੰ ਵੀ ਠੀਕ ਕੀਤਾ ਜਾਵੇ। ਵਿਧਾਇਕ ਬੱਗਾ ਦੇ ਧਿਆਨ ਵਿੱਚ ਆਇਆ ਹੈ ਕਿ ਬਾਜਾਰ ਵਿੱਚ ਕਈ ਥਾਵਾਂ ‘ਤੇ ਘਰਾਂ ਦੇ ਅੱਗੇ ਪੁਰਾਣੇ ਬੋਰਡ ਲੱਗੇ ਹਨ, ਵੱਖ-ਵੱਖ ਥਾਵਾਂ ‘ਤੇ ਸੜ੍ਹਕਾਂ ਦੇ ਵਿਚਕਾਰ ਖੰਭੇ ਲੱਗੇ ਹੋਏ ਹਨ ਜੋਕਿ ਟ੍ਰੈਫਿਕ ਜਾਮ ਦਾ ਕਾਰਨ ਬਣਦੇ ਹਨ, ਨੂੰ ਵੀ ਢੁੱਕਵੇਂ ਸਥਾਨਾਂ ‘ਤੇ ਸਥਾਪਤ ਕੀਤਾ ਜਾਵੇ ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚਲਦੀ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਆਮ ਜਨਤਾ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।