- ਭਾਰਤ ਭੂਸ਼ਣ ਆਸ਼ੂ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਜਵੱਦੀ ਦਾ ਕੀਤਾ ਦੌਰਾ, ਸਟਾਫ ਨੂੰ ਜ਼ਰੂਰੀ ਹਦਾਇਤਾ ਕੀਤੀਆਂ ਜਾਰੀ
ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਸ ਤਰ੍ਹਾਂ ਜ਼ਿਲ੍ਹੇ ਵਿੱਚ ਕੋਵਿਡ ਪੋਜ਼ਟਿਵ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ, 2 ਅਤੇ 3 ਪੱਧਰ ਦੀਆਂ ਸਿਹਤ ਸਹੂਲਤਾਂ ਵਿੱਚ ਵਾਧਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇੱਕ ਹੋਰ ਕੋਵਿਡ ਕੇਅਰ ਸੈਂਟਰ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਜਵੱਦੀ ਵਿਖੇ ਸ਼ੁਰੂ ਕੀਤਾ ਜਾ ਸਕਦਾ ਹੈ ਕਿਉਂਕਿ ਇਕ ਪੂਰੀ ਮੰਜ਼ਿਲ ਖਾਲੀ ਪਈ ਹੈ ਜਿਸ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਜ ਸੀ.ਐਚ.ਸੀ. ਜਵੱਦੀ ਦੌਰੇ ਦੌਰਾਨ ਕਿਹਾ ਕਿ ਪੰਚਮ ਹਸਪਤਾਲ ਦੇ ਡਾ ਆਰ.ਪੀ. ਸਿੰਘ ਨੇ ਵੀ ਸੀ.ਐਚ.ਸੀ. ਜਵੱਦੀ ਦਾ ਦੌਰਾ ਕੀਤਾ ਅਤੇ ਹਰ ਸੰਭਵ ਸਹਾਇਤਾ ਦੇਣ ਦੀ ਪੇਸ਼ਕਸ ਕੀਤੀ। ਸ੍ਰੀ ਆਸ਼ੂ ਨੇ ਹੋਰ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਉਹ ਅੱਜ ਦੇ ਔਖੇ ਸਮੇਂ ਦੌਰਾਨ ਅੱਗੇ ਆਉਣ ਅਤੇ ਸਰਕਾਰੀ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਹਰ ਤਰਾਂ ਦੀ ਸਹਾਇਤਾ ਦੇਣ। ਉਨ੍ਹਾਂ ਦੱਸਿਆ ਕਿ ਲੁਧਿਆਣਾ ਸ਼ਹਿਰ ਨਿਵਾਸੀਆਂ ਦੀ ਭਲਾਈ ਲਈ ਹੁਣ ਕੋਵਿਡ-19 ਟੈਸਟਿੰਗ ਸਿਵਲ ਹਸਪਤਾਲ ਲੁਧਿਆਣਾ, ਚੰਡੀਗੜ੍ਹ ਰੋਡ ‘ਤੇ ਵਰਧਮਾਨ ਮਿਲਜ਼ ਨੇੜੇ ਮਦਰ ਚਾਈਲਡ ਹਸਪਤਾਲ, ਨਹਿਰੂ ਰੋਜ਼ ਗਾਰਡਨ ਨੇੜੇ ਮੈਰੀਟੋਰੀਅਸ ਸਕੂਲ, ਜਵੱਦੀ ਵਿਖੇ ਸੀ.ਐਚ.ਸੀ., ਸੁਭਾਸ਼ ਨਗਰ ਅਤੇ ਗਿਆਸਪੁਰਾ ਵਿਖੇ ਪੂਰੀ ਤਰ੍ਹਾਂ ਮੁਫਤ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਪੁਲਿਸ ਲਾਈਨਜ਼ (ਪੁਲਿਸ ਮੁਲਾਜ਼ਮਾਂ ਲਈ) ਅਤੇ ਕੇਂਦਰੀ ਜੇਲ੍ਹ ਵਿਚ (ਕੈਦੀਆਂ/ਹਵਾਲਾਤੀਆਂ ਲਈ) ਅਤੇ ਮੋਬਾਈਲ ਟੀਮਾਂ ਦੁਆਰਾ ਕੰਟੇਨਮੈਂਟ/ਮਾਈਕਰੋ-ਕੰਟੇਨਮੈਂਟ ਜ਼ੋਨਾਂ ਵਿਚ ਸੈਂਪਲਿੰਗ ਵੀ ਕੀਤੀ ਜਾਂਦੀ ਹੈ। ਸ੍ਰੀ ਭਾਰਤ ਭੂਸ਼ਣ ਆਸ਼ੂ ਦੇ ਯਤਨਾਂ ਸਦਕਾ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਲੁਧਿਆਣਾ ਨੇ ਭਗਵਾਨ ਮਹਾਵੀਰ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਨੂੰ ਕੋਵਿਡ ਕੇਅਰ ਸੈਂਟਰ ਵਜੋਂ ਚਲਾਉਣ ਲਈ ਸਹਿਮਤੀ ਦਿੱਤੀ ਹੈ। ਸ੍ਰੀ ਆਸ਼ੂ ਨੇ ਆਈ.ਐਮ.ਏ. ਲੁਧਿਆਣਾ ਅਤੇ ਭਗਵਾਨ ਮਹਾਵੀਰ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੋਵਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਇਸ ਔਖੀ ਘੜੀ ‘ਚ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਕੀਤੀ। ਉਨ੍ਹਾਂ ਕਿਹਾ ਕਿ ਉਹ ਸਰਕਾਰੀ ਹਸਪਤਾਲਾਂ ਨੂੰ ਸੰਭਾਲਣ ਲਈ ਦੂਸਰੇ ਨਿੱਜੀ ਹਸਪਤਾਲਾਂ ਨਾਲ ਵੀ ਗੱਲਬਾਤ ਕਰ ਰਹੇ ਹਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਉੱਤਮ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਲੁਧਿਆਣਾ ਵਿੱਚ ਮਰੀਜ਼ਾਂ ਲਈ ਬਿਸਤਰੇ ਦੀ ਘਾਟ ਨਾ ਹੋਵੇ ਅਤੇ ਹੋਰ ਨਿੱਜੀ ਹਸਪਤਾਲਾਂ ਦੀਆਂ ਸੇਵਾਵਾਂ ਲੋਕਾਂ ਦੇ ਹਿੱਤ ਵਿੱਚ ਲਈਆਂ ਜਾਣ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ, ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਅਤੇ ਦਿਲਰਾਜ ਸਿੰਘ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ।