
ਲੁਧਿਆਣਾ, (ਸੰਜੇ ਮਿੰਕਾ) – ਰਾਜ ਦੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਨੂੰ ਸਮੇਂ ਸਿਰ ਨਿਪਟਾਉਣ ਲਈ ਵਨ-ਸਟਾਪ ਵੈੱਬ ਪੋਰਟਲ ਵਜੋਂ ਡਿਜੀਟਲ ਪਬਲਿਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ਦੀ ਸ਼ੁਰੂਆਤ ਕੀਤੀ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਜੀ.ਆਰ.ਐੱਸ. ਨਾਲ ਹੁਣ ਕੰਮ ਚੱਲ ਰਿਹਾ ਹੈ, ਨਾਗਰਿਕ ਹੁਣ ਆਪਣੀਆਂ ਸ਼ਿਕਾਇਤਾਂ ਸਬੰਧਤ ਸਰਕਾਰੀ ਵਿਭਾਗਾਂ ਕੋਲ connect.punjab.gov.in ‘ਤੇ ਲੌਗ ਇਨ ਕਰਕੇ ਜਮ੍ਹਾਂ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ ਦੁਆਰਾ ਵਿਕਸਤ ਕੀਤਾ ਇੱਕ ਸਿੰਗਲ ਟੈਕਨਾਲੋਜੀ ਇੰਟਰਫੇਸ ਪੀ.ਜੀ.ਆਰ.ਐਸ. ਹੈ ਜੋ ਕਿ ਸਿਸਟਮ ਵਿੱਚ ਜਵਾਬਦੇਹੀ ਅਤੇ ਪਾਰਦਰਸ਼ਤਾ ਲੈ ਕੇ ਆਵੇਗਾ। ਸ੍ਰੀ ਸਰਮਾ ਨੇ ਕਿਹਾ ਕਿ ਇਕ ਵਾਰ ਸ਼ਿਕਾਇਤ ਹੱਲ ਹੋ ਜਾਣ ਤੋਂ ਬਾਅਦ ਬਿਨੈਕਾਰ ਨੂੰ ਸਵੈ-ਚਾਲਿਤ ਫੀਡਬੈਕ ਫੋਨ ਕਾਲ ਆਵੇਗੀ, ਜੇ ਉਹ ਸੰਤੁਸ਼ਟ ਨਹੀਂ ਹਨ ਤਾਂ ਉਨ੍ਹਾਂ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਕੋਲ ਪਹੁੰਚਾਈ ਜਾਵੇਗੀ। ਜ਼ਿਕਰਯੋਗ ਹੈ ਨਾਗਰਿਕਾਂ ਲਈ ਪ੍ਰਣਾਲੀ ਦੀ ਵਰਤੋਂ ਕਰਨ ਨੂੰ ਸੁਖਾਲਾ ਬਣਾਉਣ ਲਈ ਸਰਕਾਰ ਭਵਿੱਖ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਦੀ ਵਰਤੋਂ ਕਰੇਗੀ। ਸਰਕਾਰ ਦਾ ਵਿਚਾਰ ਪ੍ਰਣਾਲੀ ਤੋਂ ਇਕੱਠੀ ਕੀਤੀ ਗਈ ਜਾਣਕਾਰੀ ਦੀ ਵਰਤੋਂ ਜਨਤਕ ਸੇਵਾਵਾਂ ਦੀ ਸਪੁਰਦਗੀ ਦੀ ਮਜ਼ਬੂਤੀ ਅਤੇ ਸਰਕਾਰ ਵਿੱਚ ਜਨਤਾ ਦਾ ਵਿਸ਼ਵਾਸ ਵਧਾਉਣ ਲਈ ਨੀਤੀਆਂ ਤਿਆਰ ਕਰਨ ਵਾਸਤੇ ਵੱਡੇ ਪੱਧਰ ‘ਤੇ ਜਾਣਕਾਰੀ ਦੇ ਵਿਸ਼ਲੇਸ਼ਣ ਲਈ ਕਰਨਾ ਹੈ।